ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਵੀਰਵਾਰ ਨੂੰ ਖੰਨਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਲ ਵਿਭਾਗ ਦੇ ਕਈ ਭ੍ਰਿਸ਼ਟ ਅਧਿਕਾਰੀਆਂ ਦੀ ਜਾਰੀ ਸੂਚੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਮੰਤਰੀ ਜ਼ਿੰਪਾ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀਆਂ ਸ਼ਿਕਾਇਤਾਂ ਵਿਜੀਲੈਂਸ ਕੋਲ ਆਈਆਂ ਸਨ। ਜਿਸਦੇ ਆਧਾਰ -ਤੇ ਵਿਜੀਲੈਂਸ ਨੇ ਮੁੱਢਲੀ ਜਾਂਚ -ਚ ਇਨ੍ਹਾਂ ਦੇ ਨਾਵਾਂ ਦੀ ਸੂਚੀ ਬਣਾ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੇਸ ਨੂੰ ਮਜ਼ਬੂਤ ਕਰਨ ਲਈ ਸ਼ਿਕਾਇਤਾਂ ਦੇ ਨਾਲ-ਨਾਲ ਸਬੂਤ ਵੀ ਜ਼ਰੂਰੀ ਹੁੰਦੇ ਹਨ। ਹੁਣ ਵਿਜੀਲੈਂਸ ਸਬੂਤ ਇਕੱਠੇ ਕਰ ਰਹੀ ਹੈ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਇਸਤੋਂ ਇਲਾਵਾ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਭਾਈ ਹਰਪ੍ਰੀਤ ਸਿੰਘ ਵੱਲੋਂ ਵਲਟੋਹਾ ਸਬੰਧੀ ਦਿੱਤੇ ਬਿਆਨ -ਤੇ ਜਿੰਪਾ ਨੇ ਕਿਹਾ ਕਿ ਜੱਥੇਦਾਰਾਂ ਨੂੰ ਆਪਸੀ ਲੜਾਈ ਦੀ ਬਜਾਏ ਗੁਰਬਾਣੀ -ਤੇ ਅਮਲ ਕਰਨਾ ਚਾਹੀਦਾ ਤਾਂ ਚੰਗਾ ਹੋਵੇਗਾ। ਹੁਕਮਨਾਮਾ ਸਾਰਿਆਂ ਲਈ ਇੱਕ ਹੈ। ਜਥੇਦਾਰਾਂ ਨੂੰ ਵੀ ਗੁਰੂ ਸਾਹਿਬ ਦੇ ਹੁਕਮ ਵਿਚ ਰਹਿਣਾ ਚਾਹੀਦਾ ਹੈ। ਪੰਜਾਬ ਸਰਕਾਰ ਵੱਲੋਂ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਪਾਸ ਕੀਤੇ ਮਤੇ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਵਫ਼ਦ ਦੀ ਰਾਜਪਾਲ ਨਾਲ ਮੁਲਾਕਾਤ ਸਬੰਧੀ ਮੰਤਰੀ ਜ਼ਿੰਪਾ ਨੇ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਬੈਠੀ ਸਿੱਖ ਸੰਗਤ ਸਰਕਾਰ ਦੇ ਇਸ ਕਦਮ ਤੋਂ ਬਹੁਤ ਖੁਸ਼ ਹੈ। ਗੁਰਬਾਣੀ ਦਾ ਪ੍ਰਸਾਰਣ ਬਿਲਕੁਲ ਮੁਫਤ ਹੋਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਨੂੰ ਸਿਆਸਤ ਦੀ ਬਜਾਏ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਨਾ ਚਾਹੀਦਾ ਹੈ ਤਾਂ ਉਹਨਾਂ ਦਾ ਲੋਕਾਂ -ਚ ਵਜੂਦ ਬਣਿਆ ਰਹੇਗਾ। ਪੰਜਾਬ ਵਿਧਾਨ ਸਭਾ -ਚ ਸੁਖਬੀਰ ਬਾਦਲ ਦੀ ਦਾੜ੍ਹੀ -ਤੇ ਮੁੱਖਮੰਤਰੀ ਭਗਵੰਤ ਮਾਨ ਦੀ ਟਿੱਪਣੀ -ਤੇ ਹੋਏ ਵਿਵਾਦ ਨੂੰ ਲੈ ਕੇ ਕੈਬਨਿਟ ਮੰਤਰੀ ਬੋਲੇ ਕਿ ਵਿਰੋਧੀ ਇਸ ਮਾਮਲੇ ਨੂੰ ਜਾਣਬੁੱਝ ਕੇ ਉਛਾਲ ਰਹੇ ਹਨ। ਮੁੱਖਮੰਤਰੀ ਦੇ ਕਹਿਣ ਦਾ ਸਿਰਫ ਇੰਨਾ ਮਤਲਬ ਸੀ ਕਿ ਇਨਸਾਨ ਨੂੰ ਦਿਖਾਵਾ ਨਹੀਂ ਕਰਨਾ ਚਾਹੀਦਾ ਅਤੇ ਆਪਣੀ ਅੰਤਰ ਆਤਮਾ ਨੂੰ ਸਾਫ਼ ਰੱਖਣਾ ਚਾਹੀਦਾ ਹੈ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਪਿਛਲੇ 30-35 ਸਾਲਾਂ ਤੋਂ ਮਾਲ ਵਿਭਾਗ ਸਭ ਤੋਂ ਵੱਧ ਬਦਨਾਮ ਰਿਹਾ। ਇਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਚਰਮ ਸੀਮਾ ਤੱਕ ਪਹੁੰਚ ਗਿਆ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਸ ਵਿਭਾਗ ਵਿੱਚ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਨਿੱਤ ਨਵੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਮਾਲ ਵਿਭਾਗ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਤੌਰ -ਤੇ ਇੱਕ ਵਟਸਐਪ ਨੰਬਰ ਜਾਰੀ ਕੀਤਾ ਗਿਆ। ਇਸ ਨੰਬਰ -ਤੇ ਹੁਣ ਤੱਕ 1200 ਦੇ ਕਰੀਬ ਸ਼ਿਕਾਇਤਾਂ ਮਿਲ ਚੁੱਕੀਆਂ ਹਨ। ਇਨ੍ਹਾਂ ਵਿੱਚੋਂ 600 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੰਬਰ ਦਾ ਹੀ ਨਤੀਜਾ ਹੈ ਕਿ ਮਾਲ ਮਹਿਕਮੇ ਦੇ ਭ੍ਰਿਸ਼ਟ ਅਧਿਕਾਰੀਆਂ ਦੇ ਨਾਂ ਪੋਟਲੀ ਵਿੱਚੋਂ ਬਾਹਰ ਨਿਕਲੇ ਹਨ। ਤਹਿਸੀਲਾਂ ਵਿੱਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਸਰਕਾਰੀ ਰਿਕਾਰਡ ਸੰਭਾਲਣ ਦੇ ਸਵਾਲ ’ਤੇ ਮੰਤਰੀ ਨੇ ਕਿਹਾ ਕਿ ਇਸਦਾ ਵੀ ਜਲਦੀ ਹੱਲ ਕੀਤਾ ਜਾ ਰਿਹਾ ਹੈ। ਤਹਿਸੀਲਾਂ ਵਿੱਚ ਬੈਠ ਕੇ ਹੀ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਥੇ ਹੀ ਹੱਲ ਕੀਤਾ ਜਾਵੇਗਾ। ਫਿਲਹਾਲ ਪੰਜਾਬ -ਚ ਰਜਿਸਟਰੀਆਂ ਨੂੰ ਲੈ ਕੇ ਐਨਓਸੀ ਦੇ ਮੁੱਦੇ -ਤੇ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲਣ ਵਾਲੀ ਹੈ। ਇਸ ਬਾਰੇ ਮੰਤਰੀ ਨੇ ਕਿਹਾ ਕਿ ਐਨਓਸੀ ਸਬੰਧੀ ਹਾਈਕੋਰਟ ਦੀਆਂ ਹਦਾਇਤਾਂ ਹਨ। ਇਨ੍ਹਾਂ ਦੀ ਪਾਲਣਾ ਕਰਨਾ ਸਰਕਾਰ ਦਾ ਫਰਜ਼ ਹੈ। ਇਸ ਲਈ ਕਾਨੂੰਨੀ ਪਾਬੰਦੀਆਂ ਕਾਰਨ ਐਨਓਸੀ ਦੀ ਸ਼ਰਤ ਨੂੰ ਫਿਲਹਾਲ ਹਟਾਇਆ ਨਹੀਂ ਜਾ ਸਕਦਾ। ਆਉਣ ਵਾਲੇ ਸਮੇਂ ਵਿੱਚ ਨਵਾਂ ਕਾਨੂੰਨ ਲਿਆ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਜ਼ਿੰਪਾ ਨੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਨਾਲ ਖੰਨਾ ਨੂੰ ਜ਼ਿਲ੍ਹਾ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ। ਮੰਤਰੀ ਨੇ ਕਿਹਾ ਕਿ ਵਿਧਾਇਕ ਨੇ ਇਹ ਮੁੱਦਾ ਵਿਧਾਨ ਸਭਾ ਵਿੱਚ ਵੀ ਉਠਾਇਆ ਸੀ। ਸਰਕਾਰੀ ਨੁਮਾਇੰਦੇ ਇਸ ਬਾਰੇ ਵਿਚਾਰ ਕਰ ਰਹੇ ਹਨ। ਜ਼ਿਲ੍ਹਾ ਬਣਾਉਣ ਲਈ ਸਾਰੀਆਂ ਸ਼ਰਤਾਂ ਪੂਰੀਆਂ ਕਰਕੇ ਅਮਲੀਜਾਮਾ ਪਹਿਨਾਉਣ ਦੇ ਯਤਨ ਕੀਤੇ ਜਾਣਗੇ।
punjab-politics-government-news6
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)