people-of-punjab-have-made-up-their-minds-to-elect-aap-govt-again-in-2027-cm-bhagwant-singh-mann

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Jul25,2026 | Narinder Kumar | Moga


 
ਲੋਕ ਮੁਫ਼ਤ ਬਿਜਲੀ, 10 ਲੱਖ ਰੁਪਏ ਦਾ ਸਿਹਤ ਇਲਾਜ, ਔਰਤਾਂ ਲਈ 1,000 ਰੁਪਏ ਮਹੀਨਾਵਾਰ ਸਹਾਇਤਾ ਅਤੇ ਹੋਰ ਲੋਕ ਭਲਾਈ ਪਹਿਲਕਦਮੀਆਂ ਤੋਂ ਬਹੁਤ ਖ਼ੁਸ਼ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚਾਰ ਸਾਲਾਂ ਵਿੱਚ ਸਾਡੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਨਾਲੋਂ ਚਾਰ ਗੁਣਾ ਵੱਧ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੇ ਨਹਿਰੀ ਪਾਣੀ ਲਈ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਹਨ, ਜੋ ਕਿ ਦਿੱਲੀ ਅਤੇ ਕੈਨੇਡਾ ਵਿਚਕਾਰ ਦੀ ਦੂਰੀ ਦੇ ਬਰਾਬਰ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲਾਂ ਕਿਸਾਨਾਂ ਨੂੰ ਸਿੰਚਾਈ ਲਈ ਅੱਧੀ ਰਾਤ ਨੂੰ ਬਿਜਲੀ ਮਿਲਦੀ ਸੀ; ਸਾਡੀ ਸਰਕਾਰ ਦਿਨ ਵੇਲੇ ਬਿਜਲੀ ਦੇ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲਾਂ ਸਰਕਾਰੀ ਨੌਕਰੀਆਂ ਸਿਫ਼ਾਰਸ਼ ਅਤੇ ਰਿਸ਼ਵਤ ਨਾਲ ਮਿਲਦੀਆਂ ਸਨ; ਅੱਜ ਯੋਗਤਾ ਦੇ ਆਧਾਰ 'ਤੇ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀ ਦਲ ਪੰਜ ਬੰਦਿਆਂ ਦੀ ਪਾਰਟੀ ਬਣ ਕੇ ਰਹਿ ਗਿਆ ਜਦਕਿ ਪੰਜਾਬ 'ਚ ਕਾਂਗਰਸ ਦੀ ਗੱਲ ਵੀ ਕੋਈ ਨਹੀਂ ਕਰਨਾ ਚਾਹੁੰਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਗਾ ਦੇ ਪਿੰਡ ਚੜਿੱਕ ਵਿਖੇ 'ਲੋਕ ਮਿਲਣੀ'  


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪਿਛਲੇ ਚਾਰ ਸਾਲਾਂ ਵਿੱਚ ਜਿੱਤੇ ਭਰੋਸੇ ਨੂੰ ਦਰਸਾਉਂਦਾ ਹੈ।
ਮੋਗਾ ਦੇ ਪਿੰਡ ਚੜਿੱਕ ਵਿਖੇ ਇੱਕ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 90 ਫੀਸਦੀ ਘਰਾਂ ਲਈ ਮੁਫ਼ਤ ਬਿਜਲੀ, 10 ਲੱਖ ਰੁਪਏ ਦੀ 'ਮੁੱਖ ਮੰਤਰੀ ਸਿਹਤ ਯੋਜਨਾ', ਔਰਤਾਂ ਲਈ ਵਿੱਤੀ ਸਹਾਇਤਾ, ਨਹਿਰੀ ਸਿੰਚਾਈ ਦਾ ਰਿਕਾਰਡ ਵਿਸਥਾਰ, ਮੈਰਿਟ 'ਤੇ ਪਾਰਦਰਸ਼ੀ ਸਰਕਾਰੀ ਭਰਤੀ ਅਤੇ ਸਰਕਾਰੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਵਰਗੇ ਇਨਕਲਾਬੀ ਕਦਮਾਂ ਨੇ ਜ਼ਮੀਨੀ ਪੱਧਰ 'ਤੇ ਵੱਡਾ ਬਦਲਾਅ ਲਿਆਂਦਾ ਹੈ, ਜਿਸ ਨਾਲ ਰਾਜ ਵਿੱਚ ਵਿਰੋਧੀ ਧਿਰਾਂ ਦਾ ਰਾਜਨੀਤਿਕ ਵਜੂਦ ਖ਼ਤਮ ਹੋ ਗਿਆ ਹੈ।
ਲੋਕ ਮਿਲਣੀ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਸੀਐਮ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ: “ਅੱਜ ਇਤਿਹਾਸਕ ਪਿੰਡ ਚੜਿੱਕ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮਿਲੇ ਅਥਾਹ ਪਿਆਰ ਅਤੇ ਵਿਸ਼ਾਲ ਇਕੱਠ ਲਈ ਤਹਿ ਦਿਲੋਂ ਧੰਨਵਾਦ। ਪਿੰਡ ਦੇ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ ਸੌਂਪੀ। ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਅੱਜ 100 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਪੰਜਾਬ ਵਿੱਚ ਚੱਲ ਰਹੇ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਗਈ ਹੈ।”
ਪੋਸਟ ਦੇ ਅੰਤ ਵਿੱਚ ਲਿਖਿਆ ਗਿਆ, “ਖੇਤਾਂ ਤੱਕ 88 ਫੀਸਦੀ ਨਹਿਰੀ ਪਾਣੀ ਪਹੁੰਚਾਉਣਾ, 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਦੇਣਾ ਅਤੇ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦੇਣਾ ਸਾਡੀਆਂ ਮੁੱਖ ਤਰਜੀਹਾਂ ਹਨ। ਅਸੀਂ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ 'ਰੰਗਲਾ ਪੰਜਾਬ' ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਇਨਕਲਾਬ ਜ਼ਿੰਦਾਬਾਦ।”
ਲੋਕ ਮਿਲਣੀ ਪ੍ਰੋਗਰਾਮ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਵਿਰੋਧੀ ਪਾਰਟੀਆਂ ਲਾੜੇ ਤੋਂ ਬਿਨਾਂ ਜੰਝ ਵਾਂਗ ਹਨ। ਹਾਲਾਂਕਿ ਇਹ ਸੱਤਾ ਲਈ ਲੜ ਰਹੇ ਹਨ, ਪਰ ਇਹਨਾਂ ਕੋਲ ਕੋਈ ਇੱਕ ਵੀ ਆਗੂ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਤਿੰਨ-ਚਾਰ ਧੜਿਆਂ ਵਿੱਚ ਵੰਡਿਆ ਜਾ ਚੁੱਕਾ ਹੈ, ਜਦਕਿ ਕਾਂਗਰਸੀ ਆਗੂ ਇੱਕ ਦੂਜੇ ਦੀ ਸ਼ਕਲ ਦੇਖਣਾ ਪਸੰਦ ਨਹੀਂ ਕਰਦੇ। ਇਹ ਸੱਤਾ ਦੇ ਭੁੱਖੇ ਨੇਤਾ ਸਿਰਫ ਸੂਬੇ ਦੀ ਦੌਲਤ ਲੁੱਟਣ ਲਈ ਸੱਤਾ ਹਥਿਆਉਣਾ ਚਾਹੁੰਦੇ ਹਨ, ਪਰ ਪੰਜਾਬ ਦੇ ਸੂਝਵਾਨ ਲੋਕ ਅਜਿਹਾ ਕਦੇ ਨਹੀਂ ਹੋਣ ਦੇਣਗੇ।”
ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਸੁਖਬੀਰ ਸਿੰਘ ਬਾਦਲ  ਕਾਨਵੈਂਟ ਸਕੂਲ ਦੇ ਪੜ੍ਹੇ-ਲਿਖੇ ਰਾਜਨੇਤਾ ਹਨ, ਜਿਨ੍ਹਾਂ ਨੂੰ ਸੂਬੇ ਦੇ ਬੁਨਿਆਦੀ ਭੂਗੋਲ ਦਾ ਵੀ ਗਿਆਨ ਨਹੀਂ ਹੈ, ਫਿਰ ਵੀ ਉਹ ਇੱਥੇ ਰਾਜਨੀਤਿਕ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ਬਾਕੀ ਸਭ ਛੱਡੋ, ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੂਬੇ ਦੀਆਂ ਮੁੱਖ ਫ਼ਸਲਾਂ ਵਿੱਚ ਵੀ ਫ਼ਰਕ ਨਹੀਂ ਕਰ ਸਕਦੇ ਕਿਉਂਕਿ ਉਨ੍ਹਾਂ ਨੂੰ ਪੰਜਾਬ ਦੇ ਬੁਨਿਆਦੀ ਮੁੱਦਿਆਂ ਦੀ ਬਹੁਤ ਘੱਟ ਸਮਝ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਨਸ਼ੇ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕਰਕੇ ਪੰਜਾਬ ਦੀਆਂ ਪੀੜ੍ਹੀਆਂ ਦਾ ਨਾ ਪੂਰਿਆ ਜਾਣ ਵਾਲਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ, “ਇਨ੍ਹਾਂ ਨੇਤਾਵਾਂ ਨੇ ਨਾ ਸਿਰਫ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਕੀਤੀ, ਸਗੋਂ ਰਿਪੋਰਟਾਂ ਅਨੁਸਾਰ ਨਸ਼ਾ ਵੇਚਣ ਜਾਂ ਵੰਡਣ ਲਈ ਸਰਕਾਰੀ ਗੱਡੀਆਂ ਦੀ ਵਰਤੋਂ ਵੀ ਕੀਤੀ। ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਧਰਮ ਦੀ ਵਰਤੋਂ ਕਰਕੇ ਹਰ ਆਮ ਆਦਮੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ, ਜੋ ਕਿ ਨਾ-ਬਖਸ਼ਣਯੋਗ ਗੁਨਾਹ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਉਨ੍ਹਾਂ ਤਾਕਤਾਂ ਨਾਲ ਮਿਲੇ ਹੋਏ ਹਨ ਜੋ ਸਿੱਖ ਪੰਥ ਤੇ ਪੰਜਾਬ ਦੀਆਂ ਵਿਰੋਧੀ ਹਨ। ਕਾਂਗਰਸ, ਭਾਜਪਾ ਅਤੇ ਅਕਾਲੀ ਮੇਰੇ ਖਿਲਾਫ ਇੱਕਜੁੱਟ ਹੋ ਗਏ ਹਨ ਕਿਉਂਕਿ ਉਹ ਮੇਰੀ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਪਹਿਲਕਦਮੀਆਂ ਤੋਂ ਖਾਰ ਖਾਂਦੇ ਹਨ।”
ਆਪਣੀ ਸਰਕਾਰ ਵੱਲੋਂ ਸਿੰਚਾਈ ਖੇਤਰ ਵਿੱਚ ਲਿਆਂਦੇ ਬਦਲਾਅ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਨੇ ਸੂਬੇ ਭਰ ਵਿੱਚ ਨਹਿਰੀ ਪਾਣੀ ਦੀ ਵਰਤੋਂ ਵਿੱਚ ਚੋਖਾ ਵਾਧਾ ਕੀਤਾ ਹੈ। “ਸਾਲ 2022 ਵਿੱਚ ਸੂਬਾ ਆਪਣੇ ਨਹਿਰੀ ਪਾਣੀ ਦਾ ਸਿਰਫ਼ 22 ਫੀਸਦੀ ਵਰਤ ਰਿਹਾ ਸੀ, ਪਰ ਅੱਜ ਇਹ ਅੰਕੜਾ 88 ਫੀਸਦੀ ਨੂੰ ਪਾਰ ਕਰ ਗਿਆ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਲੋਕਾਂ ਨੇ 80 ਸਾਲਾਂ ਵਿੱਚ ਪਹਿਲੀ ਵਾਰ ਨਹਿਰੀ ਪਾਣੀ ਦੇਖਿਆ ਹੈ। ਉਨ੍ਹਾਂ ਕਿਹਾ, “ਪਹਿਲਾਂ ਲੋਕਾਂ ਨੂੰ ਪਾਣੀ ਲਈ ਬੋਰਵੈੱਲਾਂ 'ਤੇ ਨਿਰਭਰ ਰਹਿਣਾ ਪੈਂਦਾ ਸੀ, ਪਰ ਹੁਣ ਉਹ ਦਿਨ ਚਲੇ ਗਏ ਹਨ। ਕੇਂਦਰੀ ਮੰਤਰਾਲੇ ਦੀ ਰਿਪੋਰਟ ਅਨੁਸਾਰ, ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਦਾ ਧਰਤੀ ਹੇਠਲਾ ਪਾਣੀ ਚਾਰ ਮੀਟਰ ਉੱਪਰ ਆਇਆ ਹੈ।”
ਉਨ੍ਹਾਂ ਕਿਹਾ, “ਸੂਬਾ ਹੁਣ ਧਰਤੀ ਹੇਠਲੇ ਪਾਣੀ ਦੀ ਘੱਟ ਅਤੇ ਨਹਿਰੀ ਪਾਣੀ ਦੀ ਵੱਧ ਵਰਤੋਂ ਕਰ ਰਿਹਾ ਹੈ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ 100 ਫੀਸਦੀ ਦੇ ਅੰਕੜੇ ਨੂੰ ਛੂਹ ਲਵੇਗਾ। ਮੇਰੀ ਸਰਕਾਰ ਪੰਜਾਬ ਦਾ ਪਾਣੀ ਹਰਿਆਣਾ ਜਾਂ ਰਾਜਸਥਾਨ ਨੂੰ ਨਹੀਂ ਦੇਵੇਗੀ। ਪੰਜਾਬ ਨੂੰ ਪਹਿਲਾਂ ਬਹੁਤ ਲੁੱਟਿਆ ਗਿਆ, ਪਰ ਹੁਣ ਉਹ ਦਿਨ ਖ਼ਤਮ ਹੋ ਗਏ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਖ਼ਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਅੱਜ ਕਿਸਾਨਾਂ ਨੂੰ ਵੀ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਕਿ ਇਕ ਮਿਸਾਲ ਹੈ। ਅਜਿਹੇ ਸਮੇਂ ਵਿੱਚ ਜਦੋਂ ਕੇਂਦਰ ਸਰਕਾਰ ਦੇਸ਼ ਦੀਆਂ ਜਾਇਦਾਦਾਂ ਆਪਣੇ ਚਹੇਤੇ ਦੋਸਤਾਂ ਨੂੰ ਕੌਡੀਆਂ ਦੇ ਭਾਅ ਵੇਚ ਰਹੀ ਹੈ, ਪੰਜਾਬ ਸਰਕਾਰ ਨੇ ਨਿੱਜੀ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਰਚਿਆ ਹੈ,”
ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਕੋਲ ਪੰਜਾਬ ਲਈ ਨਾ ਤਾਂ ਕੋਈ ਏਜੰਡਾ ਹੈ ਅਤੇ ਨਾ ਹੀ ਲੋਕਾਂ ਲਈ ਕੋਈ ਪ੍ਰੋਗਰਾਮ। ਉਨ੍ਹਾਂ ਕਿਹਾ, “ਕਾਂਗਰਸ ਪਾਰਟੀ ਆਪਣੇ ਆਖਰੀ ਸਾਹਾਂ 'ਤੇ ਹੈ ਅਤੇ ਬਹੁਤ ਛੇਤੀ ਖ਼ਤਮ ਹੋ ਜਾਵੇਗੀ ਕਿਉਂਕਿ ਇਸ ਕੋਲ ਲੋਕਾਂ ਜਾਂ ਸੂਬੇ ਲਈ ਕੋਈ ਏਜੰਡਾ ਨਹੀਂ ਹੈ। ਇਸ ਦਾ ਇਕੋ-ਇਕ ਮਕਸਦ ਸੱਤਾ 'ਚ ਆ ਕੇ ਪੰਜਾਬ ਦੀ ਦੌਲਤ ਲੁੱਟਣਾ ਹੈ, ਪਰ ਇਹ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ। ਕਾਂਗਰਸ ਇੱਕ ਖਿੰਡਰਿਆ ਹੋਇਆ ਘਰ ਹੈ ਜੋ ਆਪਣੀ ਅੰਦਰੂਨੀ ਲੜਾਈ ਕਰਕੇ ਢਹਿ ਢੇਰੀ ਹੋ ਜਾਵੇਗਾ। ਇਹ ਬਹੁਤ ਅਫਸੋਸਜਨਕ ਹੈ ਕਿ ਸੱਤਾ ਦੀ ਖਾਤਰ ਲੜ ਰਹੇ ਇਹਨਾਂ ਨੇਤਾਵਾਂ ਨੂੰ ਇੱਕ ਕਰਨ ਆਏ ਕਾਂਗਰਸ ਦੇ ਵੱਡੇ ਨੇਤਾਵਾਂ ਨੂੰ ਇਹਨਾਂ ਦੇ ਨਾਂ ਬੋਲਣੇ ਵੀ ਨਹੀਂ ਆਉਂਦੇ।”
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਆਪ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸੂਬੇ ਦੇ ਲਗਭਗ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲੇ, ਜਦੋਂ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤੀ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ, ਉਹ ਵੀ ਦਿਨ ਵੇਲੇ ਯਕੀਨੀ ਬਣਾਈ ਗਈ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਕੋਨੇ-ਕੋਨੇ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਅਤੇ ਖਾਲ ਵਿਛਾਏ ਹਨ।”
ਭਗਵੰਤ ਸਿੰਘ ਮਾਨ ਨੇ ਕਿਹਾ, “ਕਿਸਾਨਾਂ ਦੀ ਸਿੰਚਾਈ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਇਹਨਾਂ ਪਾਈਪਲਾਈਨਾਂ ਅਤੇ ਖਾਲਿਆਂ ਰਾਹੀਂ ਕੁੱਲ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਪੰਜਾਬ ਸਰਕਾਰ ਦੁਆਰਾ ਛੱਡਿਆ ਗਿਆ ਪਾਣੀ ਭਾਖੜਾ ਦੀਆਂ ਦੋ ਨਹਿਰਾਂ ਦੁਆਰਾ ਦਿੱਤੇ ਜਾਂਦੇ ਪਾਣੀ ਦੇ ਬਰਾਬਰ ਹੈ। ਸੂਬੇ ਭਰ ਦੇ ਕਿਸਾਨ ਇਸ ਪਹਿਲਕਦਮੀ ਤੋਂ ਬਹੁਤ ਲਾਭ ਉਠਾ ਰਹੇ ਹਨ। ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸੁਧਾਰਨ ਲਈ ਨਹਿਰਾਂ ਅਤੇ ਨਦੀਆਂ ਵਿੱਚ ਰੀਚਾਰਜ ਪੁਆਇੰਟ ਵੀ ਬਣਾਏ ਗਏ ਹਨ, ਜਿਸ ਨਾਲ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਉੱਪਰ ਆਇਆ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਕਰਦਾਤਿਆਂ ਦੇ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਕੀਤੀ ਜਾ ਰਹੀ ਹੈ ਅਤੇ ਵਿਕਾਸ, ਚੰਗੇ ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਦੇ ਰੂਪ ਵਿੱਚ ਉਨ੍ਹਾਂ ਨੂੰ ਵਾਪਸ ਮੋੜਿਆ ਜਾ ਰਹਾ ਹੈ। “ਆਪ ਸਰਕਾਰ ਨੇ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਸੂਬੇ ਦੇ ਲੋਕਾਂ ਦੇ ਰੋਜ਼ਾਨਾ ਲਗਭਗ 70 ਲੱਖ ਰੁਪਏ ਬਚ ਰਹੇ ਹਨ। ਅਸੀਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੇ ਹਾਂ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਨਹੀਂ ਛੱਡ ਰਹੇ।”
'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਪੰਜਾਬ ਭਰ ਦੀਆਂ ਮਾਵਾਂ ਤੇ ਧੀਆਂ ਦੇ ਸਤਿਕਾਰ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। “'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਪੰਜਾਬ ਦੀ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮਿਲ ਰਹੀ ਹੈ। ਆਮ ਲੋਕਾਂ, ਖਾਸ ਕਰਕੇ ਗਰੀਬਾਂ ਲਈ 1,000 ਰੁਪਏ ਤੋਂ 1,500 ਰੁਪਏ ਇੱਕ ਵੱਡੀ ਰਕਮ ਹੈ। ਇਹ ਵਿੱਤੀ ਸਹਾਇਤਾ ਸਾਡੀਆਂ ਮਾਵਾਂ-ਧੀਆਂ ਲਈ ਸਤਿਕਾਰ ਦਾ ਪ੍ਰਤੀਕ ਹੈ ਅਤੇ ਇਸ ਸਕੀਮ ਕਾਰਨ ਉਨ੍ਹਾਂ ਦੇ ਚਿਹਰਿਆਂ 'ਤੇ ਆਈ ਮੁਸਕਾਨ ਮੈਨੂੰ ਬਹੁਤ ਸਕੂਨ ਦਿੰਦੀ ਹੈ।”
'ਮੁੱਖ ਮੰਤਰੀ ਸਿਹਤ ਯੋਜਨਾ' 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਨੇ ਦੇਸ਼ ਦੀ ਪਹਿਲੀ ਅਜਿਹੀ ਸਕੀਮ ਸ਼ੁਰੂ ਕੀਤੀ ਹੈ ਜੋ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਂਦੀ ਹੈ। ਉਨ੍ਹਾਂ ਕਿਹਾ, “ਪੰਜਾਬ, ਭਾਰਤ ਦਾ ਪਹਿਲਾ ਸੂਬਾ ਹੈ ਜੋ ਹਰ ਪਰਿਵਾਰ ਨੂੰ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰ ਰਿਹਾ ਹੈ। ਇਸ ਨਾਲ ਲੋਕਾਂ 'ਤੇ ਵਿੱਤੀ ਬੋਝ ਕਾਫੀ ਘਟਿਆ ਹੈ ਅਤੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਹੋਈਆਂ ਹਨ। ਇਸ ਇਤਿਹਾਸਕ ਪਹਿਲਕਦਮੀ ਦਾ ਮਕਸਦ ਪੰਜਾਬ ਦੇ ਹਰ ਪਰਿਵਾਰ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣਾ ਹੈ ਅਤੇ ਲੋਕ ਇਸ ਸਕੀਮ ਤਹਿਤ 650 ਕਰੋੜ ਰੁਪਏ ਤੋਂ ਵੱਧ ਦੇ ਕੈਸ਼ਲੈੱਸ ਇਲਾਜ ਦਾ ਲਾਭ ਲੈ ਚੁੱਕੇ ਹਨ।”  
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਕਿਉਂਕਿ ਸਰਕਾਰ ਨੇ ਸਿਹਤ, ਸਿੱਖਿਆ, ਬਿਜਲੀ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ, “49,000 ਕਿਲੋਮੀਟਰ ਤੋਂ ਵੱਧ ਪੇਂਡੂ ਸੜਕਾਂ ਦੇ ਨਿਰਮਾਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਪ ਸਰਕਾਰ ਨੇ ਸੂਬੇ ਭਰ ਵਿੱਚ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ, “ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਆਮ ਲੋਕਾਂ ਦੀ ਜੇਬ ਵਿੱਚੋਂ ਰੋਜ਼ਾਨਾ ਲਗਭਗ 64 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਸਾਡੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ ਅਤੇ ਪੰਜਾਬ, ਦੇਸ਼ ਦਾ ਅਜਿਹਾ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਮੇਰੀ ਸਰਕਾਰ ਦਾ ਇੱਕੋ-ਇੱਕ ਏਜੰਡਾ ਸੂਬੇ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ।”
ਰੋਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਜ਼ਿੰਮੇਵਾਰੀ ਨੌਜਵਾਨਾਂ ਨੂੰ ਸਮਰੱਥ ਬਣਾਉਣਾ ਅਤੇ ਉਨ੍ਹਾਂ ਲਈ ਚੰਗੇ ਜੀਵਨ ਬਣਾਉਣ ਦੇ ਮੌਕੇ ਪੈਦਾ ਕਰਨਾ ਹੈ। “ਮੇਰੇ ਦੁਆਰਾ ਦਸਤਖਤ ਕੀਤੀ ਗਈ ਹਰ ਫਾਈਲ ਦਾ ਮਕਸਦ ਆਮ ਆਦਮੀ ਅਤੇ ਸੂਬੇ ਨੂੰ ਲਾਭ ਪਹੁੰਚਾਉਣਾ ਹੈ। ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਸਿਫ਼ਾਰਸ਼ ਦੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਦੁਆਰਾ ਲਿਆ ਗਿਆ ਹਰ ਫੈਸਲਾ ਸੂਬੇ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ।”
'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026' ਦੇ ਲਾਗੂ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਅਕਾਲ ਪੁਰਖ ਦੇ ਸ਼ੁਕਰਗੁਜ਼ਾਰ ਹਨ ਕਿ ਉਨ੍ਹਾਂ ਨੂੰ ਇਹ ਇਤਿਹਾਸਕ ਕਾਨੂੰਨ ਲਿਆਉਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ, “ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਲੱਖਾਂ ਲੋਕਾਂ ਦੇ ਹਿਰਦੇ ਵਲੂੰਧਰੇ ਗਏ। ਪਰਮਾਤਮਾ ਨੇ ਮੈਨੂੰ ਕਾਨੂੰਨੀ ਮਾਹਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਬਿੱਲ ਲਿਆਉਣ ਦੀ ਬਲ-ਬੁੱਧੀ ਬਖਸ਼ੀ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਇਹ ਬਿੱਲ ਬਹੁਤ ਧਿਆਨ ਨਾਲ ਤਿਆਰ ਕੀਤਾ ਹੈ ਤਾਂ ਕਿ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਕਾਨੂੰਨੀ ਚੋਰ-ਮੋਰੀ ਇਸ ਨੂੰ ਕਮਜ਼ੋਰ ਨਾ ਕਰ ਸਕੇ। ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਹਰਕਤਾਂ ਵਿੱਚ ਸ਼ਾਮਲ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠੇਗਾ ਅਤੇ ਕੋਈ ਵੀ ਦੋਬਾਰਾ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ। ਪਹਿਲਾਂ ਲੋਕ ਇਹ ਦਾਅਵਾ ਕਰਕੇ ਸਜ਼ਾ ਤੋਂ ਬਚ ਜਾਂਦੇ ਸਨ ਕਿ ਉਨ੍ਹਾਂ ਦਾ ਦਿਮਾਗ਼ੀ ਸੰਤੁਲਨ ਖ਼ਰਾਬ ਸੀ ਜਾਂ ਉਹ ਮਾਨਸਿਕ ਤੌਰ 'ਤੇ ਬੀਮਾਰ ਸਨ। ਹਾਲਾਂਕਿ, ਜੇਕਰ ਕੋਈ ਸੱਚਮੁੱਚ ਮਾਨਸਿਕ ਤੌਰ 'ਤੇ ਅਸੰਤੁਲਿਤ ਹੈ, ਤਾਂ ਉਹ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਨਿਸ਼ਾਨਾ ਕਿਉਂ ਬਣਾਉਂਦਾ ਹੈ? ਉਹ ਕਿਸੇ ਟ੍ਰੇਨ ਦੇ ਇੰਜਣ ਨਾਲ ਕਿਉਂ ਨਹੀਂ ਟਕਰਾਉਂਦਾ ਜਾਂ ਚੱਲਦੀਆਂ ਬਿਜਲੀ ਦੀਆਂ ਤਾਰਾਂ ਨੂੰ ਕਿਉਂ ਨਹੀਂ ਛੂਹੰਦਾ?”
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਇਸ ਬੇਅਦਬੀ ਵਿਰੋਧੀ ਕਾਨੂੰਨ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਪਿਛਲੇ ਸਮੇਂ ਵਿੱਚ ਕੀਤੇ ਗੁਨਾਹਾਂ ਦਾ ਜਵਾਬ ਦੇਣਾ ਪਵੇਗਾ। ਉਨ੍ਹਾਂ ਕਿਹਾ, “ਅਕਾਲੀ ਉਨ੍ਹਾਂ ਵੰਡਪਾਊ ਤਾਕਤਾਂ ਨਾਲ ਮਿਲੇ ਹੋਏ ਸਨ ਜਿਨ੍ਹਾਂ ਨੇ ਪਿਛਲੇ ਸਮੇਂ ਵਿੱਚ ਬੇਅਦਬੀ ਦੀਆਂ ਸਾਜ਼ਿਸ਼ਾਂ ਰਚੀਆਂ ਸਨ। ਹੁਣ ਇਹਨਾਂ ਨੇਤਾਵਾਂ ਨੂੰ ਆਪਣੇ ਮਾੜੇ ਕਾਰਨਾਮਿਆਂ ਦਾ ਖਮਿਆਜ਼ਾ ਭੁਗਤਨਾ ਪਵੇਗਾ, ਜਿਸ ਕਰਕੇ ਇਹ ਲੋਕ ਬੇਅਦਬੀ ਵਿਰੋਧੀ ਕਾਨੂੰਨ ਦਾ ਵਿਰੋਧ ਕਰ ਰਹੇ ਹਨ। ਹਾਲਾਂਕਿ, ਇਹ ਮੈਨੂੰ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ, ਅਤੇ ਮੈਂ ਉਨ੍ਹਾਂ ਦੇ ਹਿੱਤ ਵਿੱਚ ਹਰ ਸੰਭਵ ਯਤਨ ਕਰਦਾ ਰਹਾਂਗਾ।”
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਸਨ ਦੇ ਤਰੀਕੇ ਅਤੇ ਪਿਛਲੀਆਂ ਸਰਕਾਰਾਂ ਵਿੱਚ ਜ਼ਮੀਨ-ਆਸਮਾਨ ਦਾ ਫਰਕ ਹੈ, ਜੋ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਰਹੇ। ਉਨ੍ਹਾਂ ਕਿਹਾ, “ਮੇਰੇ ਤੋਂ ਪਹਿਲਾਂ ਵਾਲਿਆਂ ਨੇ ਕਦੇ ਆਮ ਲੋਕਾਂ ਨਾਲ ਮੁਲਾਕਾਤ ਨਹੀਂ ਕੀਤੀ। ਉਹ ਤਾਪਮਾਨ ਚੈੱਕ ਕਰਨ ਤੋਂ ਬਾਅਦ ਹੀ ਆਪਣੇ ਆਲੀਸ਼ਾਨ ਘਰਾਂ ਤੋਂ ਬਾਹਰ ਨਿਕਲਦੇ ਸਨ, ਜਦਕਿ ਮੈਂ ਚੌਵੀ ਘੰਟੇ ਲੋਕਾਂ ਲਈ ਹਾਜ਼ਰ ਹਾਂ।”
ਪਿਛਲੀਆਂ ਸਰਕਾਰਾਂ 'ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਅਥਾਹ ਦੌਲਤ ਇਕੱਠੀ ਕੀਤੀ। ਉਨ੍ਹਾਂ ਕਿਹਾ, “ਇਨ੍ਹਾਂ ਨੇਤਾਵਾਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਵੱਡੇ-ਵੱਡੇ ਮਹਿਲ ਬਣਾਏ। ਇਹਨਾਂ ਮਹਿਲਾਂ ਦੀਆਂ ਦੀਵਾਰਾਂ ਉੱਚੀਆਂ ਸਨ ਅਤੇ ਇਹਨਾਂ ਦੇ ਗੇਟ ਆਮ ਲੋਕਾਂ ਲਈ ਹਮੇਸ਼ਾ ਬੰਦ ਰਹਿੰਦੇ ਸਨ। ਉਹ ਲੋਕਾਂ ਦੀ ਪਹੁੰਚ ਤੋਂ ਦੂਰ ਰਹੇ ਅਤੇ ਆਖਰਕਾਰ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ।”
ਆਪਣੇ ਸੰਬੋਧਨ ਦੇ ਅੰਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦਾ ਸ਼ੋਸ਼ਣ ਕਰਨ ਵਾਲਿਆਂ ਨੂੰ ਵਾਰ-ਵਾਰ ਰੱਦ ਕੀਤਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕਾਂ ਨੇ ਵਾਰੋ-ਵਾਰੀ ਲੁੱਟਣ ਵਾਲਿਆਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇਨ੍ਹਾਂ ਨੇਤਾਵਾਂ ਨੇ ਲੋਕਾਂ ਨੂੰ ਲੰਮਾ ਸਮਾਂ ਮੂਰਖ ਬਣਾਇਆ, ਪਰ ਸੂਬੇ ਦੇ ਸੂਝਵਾਨ ਲੋਕ ਹੁਣ ਉਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਦੇ ਝਾਂਸੇ 'ਚ ਨਹੀਂ ਆਉਣ ਵਾਲੇ। ਇਹ ਹੰਕਾਰੀ ਨੇਤਾ ਹਮੇਸ਼ਾ ਲੋਕਾਂ ਨੂੰ ਪੱਕੀ ਵੋਟ ਬੈਂਕ ਸਮਝਦੇ ਰਹੇ ਅਤੇ ਅੰਤ ਵਿੱਚ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਵਗਾਹ ਮਾਰਿਆ। ਅੱਜ ਇਹ ਮੌਕਾਪ੍ਰਸਤ ਨੇਤਾ ਹੈਰਾਨ-ਪ੍ਰੇਸ਼ਾਨ ਹਨ ਕਿਉਂਕਿ ਲੋਕ ਹੁਣ ਉਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਦੇ ਰਹੇ। ਉਨ੍ਹਾਂ ਦਾ ਏਜੰਡਾ ਹਮੇਸ਼ਾ ਲੋਕਾਂ ਦੀ ਭਲਾਈ ਦੀ ਬਜਾਏ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਹੀ ਸੀਮਤ ਰਿਹਾ ਹੈ।”
-----------

pbpunjab additional image pbpunjab additional image pbpunjab additional image pbpunjab additional image

people-of-punjab-have-made-up-their-minds-to-elect-aap-govt-again-in-2027-cm-bhagwant-singh-mann


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB