mann-govt-restores-youth-s-faith-in-merit-based-government-recruitment-barinder-kumar-goyal

ਮਾਨ ਸਰਕਾਰ ਨੇ ਮੈਰਿਟ ਅਧਾਰਤ ਸਰਕਾਰੀ ਭਰਤੀ ਵਿੱਚ ਨੌਜਵਾਨਾਂ ਦਾ ਭਰੋਸਾ ਕੀਤਾ ਬਹਾਲ: ਬਰਿੰਦਰ ਕੁਮਾਰ ਗੋਇਲ

Aug5,2026 | Narinder Kumar | Chandigarh

 
*68000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਪੈਸੇ, ਸਿਫ਼ਾਰਸ਼ ਅਤੇ ਸਿਆਸੀ ਰਸੂਖ਼ ਦੇ ਯੁੱਗ ਦਾ ਕੀਤਾ ਅੰਤ*

 
ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਭਰਤੀ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਕੇ ਬਿਨਾਂ ਕਿਸੇ ਪੈਸੇ, ਸਿਫ਼ਾਰਸ਼ ਜਾਂ ਸਿਆਸੀ ਰਸੂਖ਼ ਤੋਂ ਨਿਰੋਲ ਮੈਰਿਟ ਦੇ ਅਧਾਰ ’ਤੇ ਸਰਕਾਰੀ ਨੌਕਰੀਆਂ ਯਕੀਨੀ ਬਣਾਉਣ ਦੀ ਨਵੀਂ ਪਿਰਤ ਪਾਈ ਹੈ।
ਪੰਜਾਬ ਵਿਧਾਨ ਸਭਾ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਬਾਰੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲਿਆਂਦੇ ਮਤੇ ’ਤੇ ਚਰਚਾ ਵਿੱਚ ਭਾਗ ਲੈਂਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਰਕਾਰੀ ਪ੍ਰਣਾਲੀ ਵਿੱਚ ਭਰੋਸਾ ਬਹਾਲ ਕੀਤਾ ਹੈ।
ਉਨ੍ਹਾਂ ਕਿਹਾ,‘‘ ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ, ਸਰਕਾਰੀ ਨੌਕਰੀ ਲੈਣਾ ਸਿਆਸੀ ਰਸੂਖ, ਨਿੱਜੀ ਸਿਫ਼ਾਰਸ਼ ਅਤੇ ਪੈਸੇ ’ਤੇ ਨਿਰਭਰ ਪ੍ਰਕਿਰਿਆ ਮੰਨਿਆ ਜਾਂਦਾ ਸੀ। ਬਿਨੈਕਾਰਾਂ ਦੇ ਪਰਿਵਾਰਾਂ ਨੂੰ ਰਸੂਖ਼ਦਾਰ ਵਿਅਕਤੀਆਂ ਦੀ ਮਦਦ ਲੈਣ ਜਾਂ ਪੈਸੇ ਦਾ ਪ੍ਰਬੰਧ ਕਰਨ ਲਈ ਮਜਬੂਰ ਹੋਣਾ ਪੈਂਦਾ ਸੀ, ਜਦਕਿ ਹੱਕਦਾਰ ਅਤੇ ਯੋਗ ਉਮੀਦਵਾਰਾਂ ਨੂੰ ਆਪਣਾ ਭਵਿੱਖ ਹਨੇਰੇ ਵਿੱਚ ਜਾਪਦਾ ਸੀ।’’
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਹੱਕਦਾਰ ਅਤੇ ਯੋਗ ਨੌਜਵਾਨਾਂ ਨੂੰ ਅਕਸਰ ਉਨ੍ਹਾਂ ਦੇ ਜਾਇਜ਼ ਹੱਕਾਂ ਤੋਂ ਵਾਂਝੇ ਰੱਖਿਆ ਜਾਂਦਾ ਸੀ, ਜਿਸ ਨਾਲ ਉਨ੍ਹਾਂ ਵਿੱਚੋਂ ਬਹੁਤ ਸਾਰੇ ਨਿਰਾਸ਼ ਹੋ ਕੇ ਹੌਸਲਾ ਛੱਡ ਜਾਂਦੇ ਸਨ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ  ਭਰਤੀ ਪ੍ਰਕਿਰਿਆ ਨੂੰ ਪੂਰਨ ਰੂਪ ਵਿੱਚ ਪਾਰਦਰਸ਼ੀ ਬਣਾ ਦਿੱਤਾ ਹੈ। ਹੁਣ ਬਿਨਾਂ ਪੈਸੇ ਦਿੱਤੇ ਜਾਂ ਸਿਆਸੀ ਸਿਫ਼ਾਰਸ਼ ਤੋਂ ਸਰਕਾਰੀ ਨੌਕਰੀਆਂ ਲਈਆਂ ਜਾ ਸਕਦੀਆਂ ਹਨ।
ਸ੍ਰੀ ਗੋਇਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਨੁਕਸਦਾਰ ਅਮਲਾਂ ਨੇ ਅਨੇਕਾਂ ਨੌਜਵਾਨਾਂ ਨੂੰ ਨਿਰਾਸ਼ਾ ਦੇ ਆਲਮ ਵਿੱਚ ਧੱਕ ਦਿੱਤਾ ਸੀ। ਵਿਰੋਧੀ ਧਿਰ ਹੁਣ ਕਹਿ ਰਹੀ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹਨ ਪਰ ਸੱਚਾਈ ਇਹ ਹੈ ਕਿ ਮਾਨ ਸਰਕਾਰ ਨੇ ਉਨ੍ਹਾਂ ਨੂੰ ਰੋਜ਼ਗਾਰ ਮੌਕੇ ਮੁਹੱਈਆ ਕਰਵਾਏ ਹਨ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਹੀ ਆਪਣਾ ਭਵਿੱਖ ਬਣਾਉਣ ਲਈ ਉਤਸ਼ਾਹਿਤ ਕੀਤਾ ਹੈ।
ਉਨ੍ਹਾਂ ਅੱਗੇ ਕਿਹਾ, ‘‘ਅਸੀਂ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਵਧ ਰਹੇ ਰੁਝਾਨ ਨੂੰ ਮੋੜਾ ਪਾਉਣ ਵਿੱਚ ਕਾਫ਼ੀ ਹੱਦ ਤੱਕ ਸਫ਼ਲ ਰਹੇ ਹਾਂ ਅਤੇ ਉਨ੍ਹਾਂ ਨੂੰ ਸਿੱਖਿਆ ਅਤੇ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਵੱਲ ਮੁੜਨ ਲਈ ਪ੍ਰੇਰਿਆ ਹੈ।’’
ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਰਸੂਖ਼ਦਾਰ ਜਾਂ ਵਿੱਤੀ ਤੌਰ ’ਤੇ ਮਜ਼ਬੂਤ ਉਮੀਦਵਾਰਾਂ ਨੂੰ ਲਾਭ ਪਹੁੰਚਾਉਣ ਲਈ ਯੋਗ ਅਤੇ ਸਮਰੱਥ ਨੌਜਵਾਨਾਂ ਦੇ ਹੱਕਾਂ ਨਾਲ ਖਿਲਵਾੜ ਨਹੀਂ ਕੀਤਾ ਜਾਵੇਗਾ। ਆਪਣੇ ਪਹਿਲੇ ਸਾਲ ਦੌਰਾਨ ਹੀ ਮਾਨ ਸਰਕਾਰ ਨੇ 20000 ਨੌਕਰੀਆਂ ਦਿੱਤੀਆਂ ਅਤੇ ਉਸ ਤੋਂ ਬਾਅਦ ਇੱਕ ਪਾਰਦਰਸ਼ੀ ਅਤੇ ਮੈਰਿਟ-ਆਧਾਰਤ ਭਰਤੀ ਪ੍ਰਕਿਰਿਆ ਰਾਹੀਂ 68000 ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ।
ਕੈਬਨਿਟ ਮੰਤਰੀ ਨੇ ਕਿਹਾ, ‘‘68,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਮਾਨ ਸਰਕਾਰ ਨੇ ਨਾ ਸਿਰਫ਼ ਰੋਜ਼ਗਾਰ ਦਿੱਤਾ ਹੈ, ਸਗੋਂ ਉਸ ਪੀੜ੍ਹੀ ਦੇ ਭਰੋਸੇ ਨੂੰ ਵੀ ਬਹਾਲ ਕੀਤਾ ਹੈ ਜਿਸ ਨੇ ਇਹ ਮੰਨਣਾ ਸ਼ੁਰੂ ਕਰ ਦਿੱਤਾ ਸੀ ਕਿ ਪੈਸੇ ਜਾਂ ਸਿਫ਼ਾਰਸ਼ ਤੋਂ ਬਿਨਾਂ ਸਰਕਾਰੀ ਨੌਕਰੀਆਂ ਮਿਲ ਹੀ ਨਹੀਂ ਸਕਦੀਆਂ।’’
ਉਨ੍ਹਾਂ ਕਿਹਾ ਕਿ ਪਾਰਦਰਸ਼ੀ ਭਰਤੀ ਨੀਤੀ ਨੇ ਵਿਦਿਆਰਥੀਆਂ ਨੂੰ ਸਿੱਖਿਆ ਅਤੇ ਮੁਕਾਬਲਾ ਪ੍ਰੀਖਿਆਵਾਂ ’ਤੇ ਧਿਆਨ ਕੇਂਦਰਿਤ ਕਰਨ ਲਈ ਉਤਸ਼ਾਹਿਤ ਕੀਤਾ ਹੈ। ਮੈਰਿਟ ਵਿੱਚ ਬਹਾਲ ਹੋਏ ਇਸ ਭਰੋਸੇ ਨਾਲ ਵਿਦਿਆਰਥੀਆਂ ਵਿੱਚ ਸਰਕਾਰੀ ਸਕੂਲਾਂ ਤੋਂ ਮਿਆਰੀ ਸਿੱਖਿਆ ਹਾਸਲ ਕਰਨ ਦਾ ਰੁਝਾਨ ਵੀ ਵਧਿਆ ਹੈ।
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਬਿਹਤਰ ਅਕਾਦਮਿਕ ਕਾਰਗੁਜ਼ਾਰੀ ਦਾ ਹਵਾਲਾ ਦਿੰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ, ਜੋ ਸੂਬੇ ਦੀ ਜਨਤਕ ਸਿੱਖਿਆ ਪ੍ਰਣਾਲੀ ਵਿੱਚ ਵਿਦਿਆਰਥੀਆਂ ਅਤੇ ਮਾਪਿਆਂ ਦੇ ਵਧ ਰਹੇ ਭਰੋਸੇ ਦਾ ਪ੍ਰਤੱਖ ਪ੍ਰਮਾਣ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਰੋਜ਼ਗਾਰ ਪਹਿਲਕਦਮੀਆਂ ਨੇ ਬਹੁਤ ਸਾਰੇ ਨੌਜਵਾਨਾਂ ਨੂੰ ਬਿਹਤਰ ਰੋਜ਼ਗਾਰ ਲਈ ਵਿਦੇਸ਼ ਜਾਣ ਦੀ ਬਜਾਏ ਪੰਜਾਬ ਵਿੱਚ ਹੀ ਆਪਣਾ ਭਵਿੱਖ ਬਣਾਉਣ ਲਈ ਪ੍ਰੇਰਿਆ ਹੈ।
ਆਪਣੇ ਹਲਕੇ ਦੇ ਪਿੰਡ ਹਮੀਰਗੜ੍ਹ ਦੀ ਉਦਾਹਰਣ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਦੇਸ਼ ਜਾਣ ਲਈ ਵੀਜ਼ਾ ਸਬੰਧੀ ਕਾਰਵਾਈ ਪੂਰੀ ਕਰਕੇ ਹਵਾਈ ਟਿਕਟਾਂ ਖ਼ਰੀਦ ਚੁੱਕੀ ਇੱਕ ਲੜਕੀ ਨੇ ਪਟਵਾਰੀ ਵਜੋਂ ਚੁਣੇ ਜਾਣ ਤੋਂ ਬਾਅਦ ਵਿਦੇਸ਼ ਜਾਣ ਦਾ ਇਰਾਦਾ ਛੱਡ ਦਿੱਤਾ ਅਤੇ ਹੁਣ ਉਹ ਪੰਜਾਬ ਵਿੱਚ ਸੇਵਾ ਨਿਭਾਅ ਰਹੀ ਹੈ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਨੂੰ ਅਜੇ ਤੱਕ ਰੋਜ਼ਗਾਰ ਨਹੀਂ ਮਿਲਿਆ ਹੈ, ਉਨ੍ਹਾਂ ਨੇ ਵੀ ਆਸ ਨਹੀਂ ਛੱਡੀ ਅਤੇ ਨਾ ਹੀ ਉਹ ਨਿਰਾਸ਼ਾ ਵਿੱਚ ਡੁੱਬੇ ਹਨ। ਇਸ ਦੀ ਥਾਂ ਉਹ ਦ੍ਰਿੜ੍ਹ ਇਰਾਦੇ ਅਤੇ ਪੂਰੇ ਆਤਮ-ਵਿਸ਼ਵਾਸ ਨਾਲ ਮੁਕਾਬਲਾ ਪ੍ਰੀਖਿਆਵਾਂ ਵਿੱਚ ਭਾਗ ਲੈ ਰਹੇ ਹਨ ਅਤੇ ਆਸਵੰਦ ਹਨ ਕਿ ਇਮਾਨਦਾਰੀ ਨਾਲ ਕੀਤੀ ਮਿਹਨਤ ਅਤੇ ਮੈਰਿਟ ਹੀ ਉਨ੍ਹਾਂ ਦੇ ਭਵਿੱਖ ਨੂੰ ਉਜਲ ਬਣਾਏਗੀ।
ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਭਰਤੀ ਸਬੰਧੀ ਵਿਵਾਦਾਂ ਅਤੇ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੇ ਕੌਮੀ ਪੱਧਰ ’ਤੇ ਵਿਦਿਆਰਥੀਆਂ ਦੇ ਵਿਸ਼ਵਾਸ ਨੂੰ ਵੱਡੀ ਢਾਅ ਲਾਈ ਹੈ, ਉਥੇ ਹੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਭਰਤੀ ਢਾਂਚਾ ਸਥਾਪਿਤ ਕੀਤਾ ਹੈ, ਜੋ ਯੋਗ ਉਮੀਦਵਾਰਾਂ ਦੇ ਹਿੱਤਾਂ ਦੀ ਰਾਖੀ ਕਰਕੇ ਸਭ ਲਈ ਬਰਾਬਰ ਮੌਕੇ ਯਕੀਨੀ ਬਣਾਉਂਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੱਖਪਾਤ, ਵਿੱਤੀ ਅਤੇ ਸਿਆਸੀ ਰਸੂਖ਼ ਦੇ ਪੁਰਾਣੇ ਸੱਭਿਆਚਾਰ ਨੂੰ ਖ਼ਤਮ ਕਰਕੇ ਮਾਨ ਸਰਕਾਰ ਨੇ ਭਰਤੀ ਪ੍ਰਣਾਲੀ ਵਿੱਚ ਸੂਬੇ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਭਰੋਸਾ ਬਹਾਲ ਕੀਤਾ ਹੈ। ਅੱਜ, ਲੋਕਾਂ ਨੂੰ ਵਿਸ਼ਵਾਸ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇਮਾਨਦਾਰੀ ਨਾਲ ਅਤੇ ਨਿਰੋਲ ਮੈਰਿਟ ’ਤੇ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।

mann-govt-restores-youth-s-faith-in-merit-based-government-recruitment-barinder-kumar-goyal


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB