punjab-police-conducting-scientific-technical-probe-into-lpu-violence-sit-formed-strict-action-against-those-responsible-dgp-gaurav-yadav

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ; ਐਸਆਈਟੀ ਗਠਿਤ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡੀਜੀਪੀ ਗੌਰਵ ਯਾਦਵ

Sep28,2026 | Narinder Kumar | Chandigarh

 
*ਪੁਲਿਸ ਨੇ ਬਹੁਤ ਹੀ ਸੰਜਮ ਨਾਲ ਕੰਮ ਲਿਆ ਅਤੇ ਵਿਦਿਆਰਥੀਆਂ ਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ: ਡੀਜੀਪੀ ਗੌਰਵ ਯਾਦਵ*

*ਵਿਦਿਆਰਥੀ ਸਾਡੇ ਬੱਚੇ ਹਨ; ਉਨ੍ਹਾਂ ਦੀ ਸੁਰੱਖਿਆ ਸਾਡੀ ਮੁੱਖ ਤਰਜੀਹ: ਡੀਜੀਪੀ ਗੌਰਵ ਯਾਦਵ*

*ਪੁਲਿਸ ਨੇ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਗੱਲਬਾਤ ਕਰਵਾਈ; ਵਿਦਿਆਰਥੀਆਂ ਵਿਰੁੱਧ ਕੋਈ ਵੀ ਬਲ ਨਾ ਵਰਤਣ ਦੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ: ਡੀਜੀਪੀ ਗੌਰਵ ਯਾਦਵ*

*ਡੀਜੀਪੀ ਗੌਰਵ ਯਾਦਵ ਵੱਲੋਂ ਲੋਕਾਂ ਨੂੰ ਗੈਰ-ਪ੍ਰਮਾਣਿਤ ਵੀਡੀਓ, ਆਡੀਓ ਕਲਿੱਪ ਅਤੇ ਗੁੰਮਰਾਹਕੁੰਨ ਸਮੱਗਰੀ ਫੈਲਾਉਣ ਤੋਂ ਗੁਰੇਜ਼ ਕਰਨ ਅਤੇ ਸਿਰਫ਼ ਪ੍ਰਮਾਣਿਤ ਜਾਣਕਾਰੀ ਹੀ ਸਾਂਝੀ ਕਰਨ ਦੀ ਅਪੀਲ*

*ਭਰੋਸਾ ਅਤੇ ਸੁਰੱਖਿਆ ਮਜ਼ਬੂਤ ਕਰਨ ਲਈ ਪੰਜਾਬ ਭਰ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਜਾਰੀ*

 
ਪੰਜਾਬ ਪੁਲਿਸ ਵੱਲੋਂ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਫਗਵਾੜਾ ਦੇ ਬਾਹਰ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀਆਂ ਹਿੰਸਕ ਘਟਨਾਵਾਂ ਦੀ ਵਿਆਪਕ ਵਿਗਿਆਨਕ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਵਿਦਿਆਰਥੀਆਂ ਤੇ ਯੂਨੀਵਰਸਿਟੀ ਪ੍ਰਸ਼ਾਸਨ ਦਰਮਿਆਨ ਗੱਲਬਾਤ ਰਾਹੀਂ ਮਸਲਿਆਂ ਦੇ ਸੁਖਾਵੇਂ ਹੱਲ ਲਈ ਲਗਾਤਾਰ ਯਤਨ ਵੀ ਜਾਰੀ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਵਿਦਿਆਰਥੀਆਂ ਦੇ ਭਰੋਸੇ ਨੂੰ ਮਜ਼ਬੂਤ ਕਰਨ ਲਈ, ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਜ਼ਿਲ੍ਹਾ ਪੁਲਿਸ ਅਧਿਕਾਰੀ ਸੂਬੇ ਭਰ ਦੀਆਂ ਯੂਨੀਵਰਸਿਟੀਆਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਦਾ ਹੱਲ ਕਰਨ ਲਈ ਉਨ੍ਹਾਂ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ। ਫਾਜ਼ਿਲਕਾ ਅਤੇ ਸੰਗਰੂਰ ਤੋਂ ਲੈ ਕੇ ਫਿਰੋਜ਼ਪੁਰ, ਰੂਪਨਗਰ, ਮੋਹਾਲੀ ਅਤੇ ਲੁਧਿਆਣਾ ਦਿਹਾਤੀ ਤੱਕ, ਪੁਲਿਸ ਰੇਂਜਾਂ ਦੇ ਡੀਆਈਜੀਜ਼ ਅਤੇ ਐਸਐਸਪੀਜ਼ ਸਮੇਤ ਸੀਨੀਅਰ ਅਧਿਕਾਰੀਆਂ ਨੇ ਵਿਦਿਅਕ ਸੰਸਥਾਵਾਂ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਹਰ ਜ਼ਰੂਰੀ ਸਹਾਇਤਾ ਦਾ ਭਰੋਸਾ ਦਿੱਤਾ ਹੈ ਅਤੇ ਰਾਜ ਭਰ ਦੇ ਵਿਦਿਆਰਥੀਆਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਦਹੁਰਾਈ।
ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਸ਼ਾਂਤੀ ਬਣਾਈ ਰੱਖਣ ਅਤੇ ਵਿਦਿਆਰਥੀਆਂ ਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਗੱਲਬਾਤ ਰਾਹੀਂ ਮਸਲਿਆਂ ਦੇ ਢੁਕਵੇਂ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਬਲ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਵੱਧ ਤੋਂ ਵੱਧ ਸੰਜਮ ਵਰਤਣ ਅਤੇ ਵਿਦਿਆਰਥੀਆਂ ਵਿਰੁੱਧ ਬਲ ਦੀ ਵਰਤੋਂ ਨਾ ਕਰਨ। ਡੀਜੀਪੀ ਗੌਰਵ ਯਾਦਵ ਨੇ ਕਿਹਾ,  "ਵਿਦਿਆਰਥੀ ਸਾਡੇ ਬੱਚੇ ਹਨ ਅਤੇ ਸਾਡੀ ਪਹਿਲ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਅਸੀਂ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਗੱਲਬਾਤ ਰਾਹੀਂ ਮਸਲਿਆਂ ਨੂੰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ।"
ਡੀਜੀਪੀ ਨੇ ਦੱਸਿਆ ਕਿ ਪੁਲਿਸ ਨੇ ਵਿਦਿਆਰਥੀਆਂ ਦੇ ਨੁਮਾਇੰਦਿਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਕਈ ਮੀਟਿੰਗਾਂ ਕਰਵਾਈਆਂ ਤਾਂ ਜੋ ਗੱਲਬਾਤ ਰਾਹੀਂ ਸਾਰੇ ਮਾਮਲਿਆਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਸ਼ਾਂਤਮਈ ਮਾਹੌਲ ਬਣਾਈ ਰੱਖਣ ਅਤੇ ਸਾਰੇ ਵਿਦਿਆਰਥੀਆਂ, ਵਸਨੀਕਾਂ ਅਤੇ ਹੋਰ ਸਬੰਧਤ ਧਿਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਐਤਵਾਰ ਰਾਤ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਗੱਲ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਵੱਲੋਂ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਨ ਲਈ ਉਪਲਬਧ ਸਾਰੀ ਵੀਡੀਓ ਫੁਟੇਜ, ਸੀ.ਸੀ.ਟੀ.ਵੀ. ਰਿਕਾਰਡਿੰਗਾਂ ਅਤੇ ਹੋਰ ਤਕਨੀਕੀ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, "ਵਿਆਪਕ ਜਾਂਚ ਲਈ ਪਹਿਲਾਂ ਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਜੋ ਵੀ ਜ਼ਿੰਮੇਵਾਰ ਪਾਇਆ ਜਾਵੇਗਾ, ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।"
ਡੀਜੀਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ 'ਤੇ ਗੈਰ-ਪ੍ਰਮਾਣਿਤ ਆਡੀਓ/ਵੀਡੀਓਜ ਕਲਿੱਪ ਜਾਂ ਹੋਰ ਗੁੰਮਰਾਹਕੁੰਨ ਸਮੱਗਰੀ ਫੈਲਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਲੋਕਾਂ ਨੂੰ ਸਿਰਫ਼ ਅਧਿਕਾਰਤ ਅਤੇ ਪ੍ਰਮਾਣਿਤ ਸਰੋਤਾਂ ਰਾਹੀਂ ਜਾਰੀ ਕੀਤੀ ਗਈ ਜਾਣਕਾਰੀ 'ਤੇ ਹੀ ਭਰੋਸਾ ਕਰਨ ਲਈ ਕਿਹਾ ਅਤੇ ਚਿਤਾਵਨੀ ਦਿੱਤੀ ਕਿ ਜਾਣ-ਬੁੱਝ ਕੇ ਬੇਬੁਨਿਆਦ ਜਾਂ ਗੁੰਮਰਾਹਕੁੰਨ ਸਮੱਗਰੀ ਫੈਲਾਉਣ ਵਾਲਿਆਂ ਵਿਰੁੱਧ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਯੂਨੀਵਰਸਿਟੀ ਅਤੇ ਇਸ ਦੇ ਆਲੇ-ਦੁਆਲੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਅਮਨ-ਕਾਨੂੰਨ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਗੌਰਵ ਯਾਦਵ ਨੇ ਦੱਸਿਆ ਕਿ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਘਟਨਾ ਬਾਰੇ ਜਾਣਕਾਰੀ ਮਿਲਦਿਆਂ ਹੀ, ਜਲੰਧਰ ਰੇਂਜ ਦੇ ਡੀਆਈਜੀ ਨਵੀਨ ਸਿੰਗਲਾ ਅਤੇ ਕਪੂਰਥਲਾ ਦੇ ਐਸਐਸਪੀ ਗੌਰਵ ਤੂਰਾ, ਪੁਲਿਸ ਦੇ ਲੋੜੀਂਦੇ ਅਮਲੇ ਸਮੇਤ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਤੁਰੰਤ ਕਾਰਵਾਈ ਕੀਤੀ। ਡੀਜੀਪੀ ਗੌਰਵ ਯਾਦਵ ਨੇ ਕਿਹਾ, "ਪੁਲਿਸ ਵੱਲੋਂ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਲਾਕੇ ਵਿੱਚ ਸ਼ਾਂਤੀ, ਸੁਰੱਖਿਆ ਅਤੇ ਜਨਤਕ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।"
ਮੀਡੀਆ ਨਾਲ ਗੱਲਬਾਤ ਦੌਰਾਨ, ਵਿਦਿਆਰਥੀਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਹੋਈ ਮੀਟਿੰਗ ਬਾਰੇ ਜਲੰਧਰ ਰੇਂਜ ਦੇ ਡੀਆਈਜੀ ਨਵੀਨ ਸਿੰਗਲਾ ਨੇ ਕਿਹਾ, "ਇਹ ਮੀਟਿੰਗ ਬਹੁਤ ਹੀ ਸਕਾਰਾਤਮਕ ਅਤੇ ਸੁਖਾਵੇਂ ਮਾਹੌਲ ਵਿੱਚ ਹੋਈ ਅਤੇ ਇਸ ਦੌਰਾਨ ਸਿਵਲ ਪ੍ਰਸ਼ਾਸਨ, ਪੁਲਿਸ ਅਤੇ ਯੂਨੀਵਰਸਿਟੀ ਅਥਾਰਟੀ ਦੇ ਨਾਲ-ਨਾਲ ਵਿਦਿਆਰਥੀ ਕਮੇਟੀ ਦੇ ਸੱਤ ਨੁਮਾਇੰਦੇ ਵੀ ਸ਼ਾਮਲ ਹੋਏ।"
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਪ੍ਰਬੰਧਕੀ, ਹੋਸਟਲ ਦੀਆਂ ਸਹੂਲਤਾਂ ਅਤੇ ਬਿਹਤਰ ਤਾਲਮੇਲ ਨਾਲ ਸਬੰਧਤ ਮੁੱਦੇ ਉਠਾਏ ਅਤੇ ਇਹ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ ਕਿ ਜਾਣਕਾਰੀ ਵਿਦਿਆਰਥੀਆਂ ਤੱਕ ਸਮੇਂ ਸਿਰ ਪਹੁੰਚੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਨਿਯਮਤ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਵਿਦਿਆਰਥੀਆਂ ਵੱਲੋਂ ਉਠਾਏ ਗਏ ਮੁੱਦਿਆਂ ਦੇ ਹੱਲ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ, "ਯੂਨੀਵਰਸਿਟੀ ਨੇ ਭਰੋਸਾ ਦਿਵਾਇਆ ਹੈ ਕਿ ਪ੍ਰਬੰਧਕੀ ਮੁੱਦਿਆਂ ਨਾਲ ਸਬੰਧਤ ਮੰਗਾਂ ਨੂੰ ਜਲਦ ਹੀ ਲਾਗੂ ਕੀਤਾ ਜਾਵੇਗਾ। ਮੀਟਿੰਗ ਬਹੁਤ ਹੀ ਸਕਾਰਾਤਮਕ ਮਾਹੌਲ ਵਿੱਚ ਹੋਈ ਅਤੇ ਵਿਦਿਆਰਥੀਆਂ ਵੱਲੋਂ ਉਠਾਏ ਗਏ ਮੁੱਦਿਆਂ ਦਾ ਹੱਲ ਕੀਤਾ ਜਾ ਰਿਹਾ ਹੈ।"
ਘਟਨਾ ਦੀ ਜਾਂਚ ਬਾਰੇ ਗੱਲ ਕਰਦਿਆਂ, ਡੀਆਈਜੀ (ਜਲੰਧਰ ਰੇਂਜ) ਨੇ ਕਿਹਾ ਕਿ ਐਫਆਈਆਰ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ ਅਤੇ ਇਸ ਸਬੰਧੀ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਗਠਿਤ ਕੀਤੀ ਗਈ ਪੰਜ ਮੈਂਬਰੀ ਵਿਦਿਆਰਥੀ ਕਮੇਟੀ ਐਸਆਈਟੀ ਨਾਲ ਤਾਲਮੇਲ ਬਰਕਰਾਰ ਰੱਖੇਗੀ ਅਤੇ ਵਿਦਿਆਰਥੀਆਂ ਨੂੰ ਸਮੇਂ-ਸਮੇਂ 'ਤੇ ਜਾਂਚ ਦੀ ਪ੍ਰਗਤੀ ਬਾਰੇ ਜਾਣੂ ਕਰਵਾਇਆ ਜਾਵੇਗਾ।
ਇਸ ਸਥਿਤੀ ਦੌਰਾਨ ਪੁਲਿਸ ਦੀ ਕਾਰਵਾਈ ਬਾਰੇ ਗੱਲ ਕਰਦਿਆਂ, ਡੀਆਈਜੀ ਜਲੰਧਰ ਰੇਂਜ ਨੇ ਕਿਹਾ ਕਿ ਪੁਲਿਸ ਬਲ ਨੇ ਕਾਫ਼ੀ ਸੰਜਮ ਤੋਂ ਕੰਮ ਲਿਆ ਅਤੇ ਵਿਦਿਆਰਥੀਆਂ 'ਤੇ ਕੋਈ ਲਾਠੀਚਾਰਜ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ, "ਵਿਦਿਆਰਥੀ ਸਾਡੇ ਬੱਚਿਆਂ ਵਰਗੇ ਹਨ। ਅਸੀਂ ਸਾਰਾ ਦਿਨ ਕਈ ਵਾਰ ਗੱਲਬਾਤ ਕੀਤੀ ਅਤੇ ਵਿਦਿਆਰਥੀਆਂ ਨੂੰ ਇਹ ਵੀ ਸਲਾਹ ਦਿੱਤੀ ਕਿ ਉਹ ਕਾਨੂੰਨ-ਵਿਵਸਥਾ ਨੂੰ ਆਪਣੇ ਹੱਥਾਂ ਵਿੱਚ ਨਾ ਲੈਣ। ਪੁਲਿਸ ਮੁਲਾਜ਼ਮਾਂ ਨੇ ਸੰਜਮ ਨਾਲ ਕੰਮ ਲਿਆ ਅਤੇ ਵਿਦਿਆਰਥੀਆਂ ਨਾਲ ਸੰਵੇਦਨਸ਼ੀਲਤਾ ਤੇ ਸਾਵਧਾਨੀ ਨਾਲ ਪੇਸ਼ ਆਏ।"
--------

punjab-police-conducting-scientific-technical-probe-into-lpu-violence-sit-formed-strict-action-against-those-responsible-dgp-gaurav-yadav


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com