8-50-lakh-metric-tonnes-of-paddy-arrived-in-punjab-grain-markets-so-far-cabinet-minister-lal-chand-kataruchak

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

Oct7,2026 | Narinder Kumar | Chandigarh

  *-ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ*

*-ਪੰਜਾਬ ਦੇ ਪਾਣੀ, ਹਵਾ ਤੇ ਧਰਤੀ ਨੂੰ ਪ੍ਰਦੂਸਿ਼ਤ ਹੋਣ ਤੋ ਬਚਾਉਣ ਲਈ ਕਿਸਾਨ ਪਰਾਲੀ ਨਾ ਸਾੜਨ : ਲਾਲ ਚੰਦ ਕਟਾਰੂਚੱਕ*

*-ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ*

*-ਕੈਬਨਿਟ ਮੰਤਰੀ ਕਟਾਰੂਚੱਕ ਨੇ ਅਨਾਜ ਮੰਡੀ ਜਗਰਾਉਂ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ*

 
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਹ ਜਾਣਕਾਰੀ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਜਗਰਾਉਂ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਜਗਰਾਉਂ ਦੇ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਝੋਨੇ ਦੇ ਖਰੀਦ ਸੀਜ਼ਨ 2026-27 ਦੌਰਾਨ 180 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਕਿਸਾਨਾਂ ਦੀ ਫ਼ਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ 42,786.68 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ.ਸੀ.ਐੱਲ.) ਆਰ.ਬੀ.ਆਈ. ਵੱਲੋਂ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਕਿਸਾਨਾਂ ਨੂੰ ਫ਼ਸਲ ਦੀ ਖਰੀਦ ਉਪਰੰਤ ਤੁਰੰਤ ਅਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨਾ ਵੀ ਪਹੁੰਚ ਚੁੱਕਾ ਹੈ।
ਸ੍ਰੀ ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦੇਗੀ ਅਤੇ ਬਾਹਰੀ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਲਿਆਉਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਉਹ ਪੰਜਾਬ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਲੁਧਿਆਣਾ ਉਨ੍ਹਾਂ ਦਾ 11ਵਾਂ ਜ਼ਿਲ੍ਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਖਰੀਦੀ ਗਈ ਫ਼ਸਲ ਦੀ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟਰਾਂਸਪੋਰਟ, ਭੁਗਤਾਨ, ਬਾਰਦਾਨੇ ਅਤੇ ਲਿਫਟਿੰਗ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸਾਨ ਅੰਨਦਾਤਾ ਹਨ ਅਤੇ ਉਨ੍ਹਾਂ ਨਾਲ ਪੂਰੇ ਸਤਿਕਾਰ ਨਾਲ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਅਤੇ ਸਾਫ਼ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਤੁਰੰਤ ਖਰੀਦ ਹੋ ਸਕੇ।
ਜਗਰਾਉਂ ਅਨਾਜ ਮੰਡੀ ਵਿੱਚ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਉਂਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਹ ਇੱਕ ਵੱਡੀ ਅਨਾਜ ਮੰਡੀ ਹੈ ਅਤੇ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਲਗਭਗ 2.5 ਕਰੋੜ ਰੁਪਏ ਦੀ ਲਾਗਤ ਨਾਲ ਮੰਡੀ ਵਿੱਚ ਲਾਈਟਾਂ ਸਮੇਤ ਕੀਤੇ ਗਏ ਪ੍ਰਬੰਧ ਸ਼ਲਾਘਾਯੋਗ ਹਨ।
ਪਰਾਲੀ ਪ੍ਰਬੰਧਨ ਸਬੰਧੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਕਿਸਾਨ ਪਰਾਲੀ ਨਹੀਂ ਸਾੜਨਗੇ ਅਤੇ ਸੂਬਾ ਸਰਕਾਰ ਦੇ ਯਤਨਾਂ ਨਾਲ ਵਾਤਾਵਰਣ ਦੀ ਸੰਭਾਲ ਵਿੱਚ ਵੱਡੀ ਸਫਲਤਾ ਹਾਸਲ ਹੋਵੇਗੀ।
ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਈ ਕਿਸਾਨਾਂ ਦੇ ਹਿੱਤ ਸਭ ਤੋਂ ਅਹਿਮ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਸੁੱਕਾ ਅਤੇ ਸਾਫ਼ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਖਰੀਦ ਵਿੱਚ ਬੇਲੋੜੀ ਦੇਰੀ ਤੋਂ ਬਚਿਆ ਜਾ ਸਕੇ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਜਗਰਾਉਂ ਸ੍ਰੀ ਕੁਲਵਿੰਦਰ ਸਿੰਘ ਝੱਜ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪਟਿਆਲਾ ਦੇ ਡਿਪਟੀ ਡਾਇਰੈਕਟਰ ਡਾ. ਨਵਨੀਤ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਲੁਧਿਆਣਾ ਪੱਛਮੀ) ਸ੍ਰੀ ਸਰਤਾਜ ਸਿੰਘ ਚੀਮਾ, ਆੜ੍ਹਤੀਆ ਐਸੋਸੀਏਸ਼ਨ ਜਗਰਾਉਂ ਦੇ ਪ੍ਰਧਾਨ ਸ੍ਰੀ ਜਗਪਾਲ ਸਿੰਘ ਕਲੇਰ, ਰਾਈਸ ਮਿੱਲ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਹਰੀ ਓਮ ਮਿੱਤਲ ਤੋਂ ਇਲਾਵਾ ਵੱਡੀ ਗਿਣਤੀ ਆੜ੍ਹਤੀਏ ਅਤੇ ਕਿਸਾਨ ਹਾਜ਼ਰ ਸਨ।
-------

8-50-lakh-metric-tonnes-of-paddy-arrived-in-punjab-grain-markets-so-far-cabinet-minister-lal-chand-kataruchak


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com