'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ
Oct8,2026
| Narinder Kumar | Chandigarh
*ਜੁਲਾਈ-ਸਤੰਬਰ ਦੌਰਾਨ 75.16 ਲੱਖ ਤੋਂ ਵੱਧ ਮਹਿਲਾਵਾਂ ਨੂੰ 2602.46 ਕਰੋੜ ਰੁਪਏ ਜਾਰੀ*
*ਦੂਜੇ ਪੜਾਅ ਦੀ ਪਹਿਲੀ ਕਿਸ਼ਤ ਤਹਿਤ 32 ਲੱਖ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ਵਿੱਚ 1,118.93 ਕਰੋੜ ਰੁਪਏ ਭੇਜੇ*
*79 ਲੱਖ ਤੋਂ ਵੱਧ ਮਹਿਲਾਵਾਂ ਰਜਿਸਟਰ; ਇੱਕ ਕਰੋੜ ਤੋਂ ਵੱਧ ਮਹਿਲਾਵਾਂ ਨੂੰ ਮਿਲੇਗਾ ਯੋਜਨਾ ਦਾ ਲਾਭ*
*ਦੇਸ਼ ਦੀ ਪਹਿਲੀ ਵਿਲੱਖਣ ਯੋਜਨਾ; ਪੰਜਾਬ ਦੀਆਂ 97 ਫ਼ੀਸਦੀ ਮਹਿਲਾਵਾਂ ਹੋਣਗੀਆਂ ਕਵਰ, ਸਾਲਾਨਾ ਕਰੀਬ 12,000 ਕਰੋੜ ਰੁਪਏ ਹੋਣਗੇ ਖਰਚ*
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਇੱਕ ਨਵਾਂ ਇਤਿਹਾਸ ਸਿਰਜ ਰਹੀ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਸਿੱਧੇ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਲਈ 75.16 ਲੱਖ ਤੋਂ ਵੱਧ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 2602.46 ਕਰੋੜ ਰੁਪਏ ਦੀ ਰਾਸ਼ੀ ਸਿੱਧੀ ਜਮ੍ਹਾਂ ਕਰਵਾਈ ਗਈ। ਇਸ ਤੋਂ ਇਲਾਵਾ, ਦੂਜੇ ਪੜਾਅ ਦੀ ਪਹਿਲੀ ਕਿਸ਼ਤ ਤਹਿਤ 32 ਲੱਖ ਤੋਂ ਵੱਧ ਮਹਿਲਾਵਾਂ ਨੂੰ 1,118.93 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਰਕਮ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ 79 ਲੱਖ ਤੋਂ ਵੱਧ ਮਹਿਲਾਵਾਂ ਰਜਿਸਟਰ ਹੋ ਚੁੱਕੀਆਂ ਹਨ, ਜਦਕਿ ਇੱਕ ਕਰੋੜ ਤੋਂ ਵੱਧ ਮਹਿਲਾਵਾਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ, ਸੁਰੱਖਿਆ ਅਤੇ ਸਮਾਜਿਕ ਭਾਗੀਦਾਰੀ ਨੂੰ ਨਵੀਂ ਮਜ਼ਬੂਤੀ ਦੇ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਉੱਤੇ ਪੰਜਾਬ ਸਰਕਾਰ ਵੱਲੋਂ ਹਰ ਸਾਲ ਕਰੀਬ 12,000 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਦੇਸ਼ ਦੀ ਪਹਿਲੀ ਅਤੇ ਵਿਲੱਖਣ ਯੋਜਨਾ ਹੈ, ਜਿਸ ਤਹਿਤ ਪੰਜਾਬ ਦੀਆਂ 97 ਫ਼ੀਸਦੀ ਮਹਿਲਾਵਾਂ ਨੂੰ ਕਵਰ ਕੀਤਾ ਜਾਵੇਗਾ। 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਇਸ ਯੋਜਨਾ ਅਧੀਨ ਲਾਭ ਪ੍ਰਾਪਤ ਕਰਨਗੀਆਂ। ਯੋਜਨਾ ਤਹਿਤ ਆਮ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸੂਬੇ ਦੀ ਹਰ ਯੋਗ ਮਹਿਲਾ ਨੂੰ ਆਰਥਿਕ ਸੁਰੱਖਿਆ, ਸਨਮਾਨ ਅਤੇ ਆਤਮ-ਨਿਰਭਰਤਾ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਕੇਵਲ ਵਿੱਤੀ ਸਹਾਇਤਾ ਨਹੀਂ, ਸਗੋਂ ਮਹਿਲਾਵਾਂ ਦੇ ਸਨਮਾਨ, ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਦਾ ਪ੍ਰਤੀਕ ਹੈ।
over-3-722-crore-directly-transferred-to-women-beneficiaries-under-mukh-mantri-mawan-dheeyan-satkar-yojna-through-dbt-dr-baljit-kaur