ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ
Oct24,2026
| Narinder Kumar | Chandigarh
*ਪੋਕਲੇਨ ਮਸ਼ੀਨ ਅਤੇ ਟਿੱਪਰ ਜ਼ਬਤ*
*ਮਾਈਨਜ਼ ਐਂਡ ਮਿਨਰਲਜ਼ ਐਕਟ ਤਹਿਤ ਮਾਮਲਾ ਦਰਜ*
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਨਾਜਾਇਜ਼ ਮਾਈਨਿੰਗ ਵਿਰੁੱਧ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਹੈ।
ਮਾਈਨਿੰਗ ਵਿਭਾਗ ਨੇ 23 ਅਤੇ 24 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਨੰਗਲ ਤਹਿਸੀਲ ਅਧੀਨ ਪੈਂਦੇ ਪਿੰਡ ਭੱਲਾਣ ਵਿੱਚ ਛਾਪੇਮਾਰੀ ਦੌਰਾਨ ਨਾਜਾਇਜ਼ ਮਾਈਨਿੰਗ ਲਈ ਵਰਤੀ ਜਾ ਰਹੀ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਨੂੰ ਜ਼ਬਤ ਕੀਤਾ। ਇਸ ਦੇ ਨਾਲ ਹੀ ਨਾਜਾਇਜ਼ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਵੀ ਮੌਕੇ ’ਤੇ ਕਾਬੂ ਕੀਤਾ ਗਿਆ ਹੈ।
ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ ਵਿਭਾਗ ਵੱਲੋਂ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਰਾਖੀ ਕਰਨ ਅਤੇ ਨਿਰਧਾਰਤ ਕਾਨੂੰਨ ਅਨੁਸਾਰ ਮਾਈਨਿੰਗ ਗਤੀਵਿਧੀਆਂ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਵਿਸ਼ੇਸ਼ ਛਾਪੇਮਾਰੀ ਖਾਸ ਤੌਰ ’ਤੇ ਖਣਿਜਾਂ ਦੇ ਨਾਜਾਇਜ਼ ਖਣਨ ਨੂੰ ਰੋਕਣ ਅਤੇ ਮਾਈਨਿੰਗ ਕਾਰਜਾਂ ਵਿੱਚ ਭਾਰੀ ਮਸ਼ੀਨਰੀ ਦੀ ਅਣਅਧਿਕਾਰਤ ਵਰਤੋਂ ਦੀ ਜਾਂਚ ਕਰਨ ਲਈ ਕੀਤੀ ਗਈ। ਮੌਕੇ ਤੋਂ ਜ਼ਬਤ ਕੀਤੀ ਮਸ਼ੀਨਰੀ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਵਿਭਾਗ ਦੀ ਉਕਤ ਕਾਰਵਾਈ ਦੀ ਸਫ਼ਲਤਾ ਦਾ ਪ੍ਰਮਾਣ ਹੈ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸਬੰਧਤ ਵਿਅਕਤੀ ਵਿਰੁੱਧ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਅਰੰਭੀ ਗਈ ਹੈ।
ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ, ‘‘ਵਿਭਾਗ ਨਾਜਾਇਜ਼ ਮਾਈਨਿੰਗ ਵਿਰੁੱਧ ਆਪਣੀ ਸਖ਼ਤ ਕਾਰਵਾਈ ਜਾਰੀ ਰੱਖੇਗਾ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਦੇ ਨਾਲ-ਨਾਲ ਕੀਮਤੀ ਖਣਿਜ ਸਰੋਤਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
---------
mining-dept-cracks-down-on-illegal-mining-in-bhallan-village-one-arrested-during-late-night-raid-in-sri-anandpur-sahib