ਭਗਵਾਨ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ਮਿਹਨਤ, ਹੁਨਰ ਅਤੇ ਸਿਰਜਣਾਤਮਕਤਾ ਦਾ ਦਿੰਦੀਆਂ ਹਨ ਸੰਦੇਸ਼ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
Nov9,2026
| Narinder Kumar | Ludhiana
ਵਿਸ਼ਵਕਰਮਾ ਦਿਵਸ ਮੌਕੇ ਮੰਤਰੀ ਸੌਂਦ ਨੇ ਸੂਬਾ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ, ਕਿਹਾ—ਨਿਰਮਾਣ ਅਤੇ ਵਿਕਾਸ ਵਿੱਚ ਮਜ਼ਦੂਰਾਂ ਤੇ ਕਾਰੀਗਰਾਂ ਦਾ ਯੋਗਦਾਨ ਅਤੁੱਲਨੀਆ
ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ, ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਭਗਵਾਨ ਵਿਸ਼ਵਕਰਮਾ ਜੀ ਦੇ ਪਾਵਨ ਦਿਹਾੜੇ ਮੌਕੇ ਸਮੂਹ ਸੂਬਾ ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿੱਚ ਨਤਮਸਤਕ ਹੁੰਦਿਆਂ ਸਾਰਿਆਂ ਦੇ ਜੀਵਨ ਵਿੱਚ ਸੁੱਖ, ਸ਼ਾਂਤੀ, ਖੁਸ਼ਹਾਲੀ ਅਤੇ ਸਮਰਿੱਧੀ ਦੀ ਕਾਮਨਾ ਕੀਤੀ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਸਿਰਜਣਾ, ਸ਼ਿਲਪਕਲਾ, ਵਾਸਤੂਕਲਾ, ਤਕਨਾਲੋਜੀ ਅਤੇ ਨਿਰਮਾਣ ਦੇ ਪ੍ਰਤੀਕ ਹਨ। ਉਨ੍ਹਾਂ ਨੂੰ ਸ੍ਰਿਸ਼ਟੀ ਦਾ ਮਹਾਨ ਸ਼ਿਲਪਕਾਰ ਮੰਨਿਆ ਜਾਂਦਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ, ਇਮਾਨਦਾਰੀ, ਹੁਨਰ, ਅਨੁਸ਼ਾਸਨ ਅਤੇ ਸਮਰਪਣ ਨਾਲ ਆਪਣੇ ਕੰਮ ਕਰਨ ਦੀ ਪ੍ਰੇਰਣਾ ਦਿੰਦੀਆਂ ਹਨ।
ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸੂਬੇ ਦੀ ਤਰੱਕੀ ਵਿੱਚ ਮਜ਼ਦੂਰਾਂ, ਕਾਰੀਗਰਾਂ, ਇੰਜੀਨੀਅਰਾਂ, ਤਕਨੀਕੀ ਮਾਹਿਰਾਂ ਅਤੇ ਮਿਹਨਤਕਸ਼ ਲੋਕਾਂ ਦੀ ਭੂਮਿਕਾ ਬੇਹੱਦ ਅਹਿਮ ਹੁੰਦੀ ਹੈ। ਸੜਕਾਂ, ਇਮਾਰਤਾਂ, ਉਦਯੋਗਾਂ, ਮਸ਼ੀਨਾਂ ਅਤੇ ਆਧੁਨਿਕ ਤਕਨਾਲੋਜੀ ਦੇ ਵਿਕਾਸ ਪਿੱਛੇ ਇਨ੍ਹਾਂ ਮਿਹਨਤਕਸ਼ ਲੋਕਾਂ ਦੀ ਅਣਥੱਕ ਮਿਹਨਤ ਅਤੇ ਹੁਨਰ ਹੁੰਦਾ ਹੈ।
ਮੰਤਰੀ ਸੌਂਦ ਨੇ ਕਿਹਾ ਕਿ ਮਜ਼ਦੂਰ ਅਤੇ ਕਾਰੀਗਰ ਸਿਰਫ਼ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਹੀ ਨਹੀਂ ਕਰਦੇ, ਸਗੋਂ ਆਪਣੀ ਮਿਹਨਤ ਨਾਲ ਦੇਸ਼ ਦੀ ਆਰਥਿਕ ਅਤੇ ਸਮਾਜਿਕ ਵਿਵਸਥਾ ਨੂੰ ਵੀ ਮਜ਼ਬੂਤੀ ਪ੍ਰਦਾਨ ਕਰਦੇ ਹਨ। ਸਮਾਜ ਦੇ ਹਰੇਕ ਵਰਗ ਨੂੰ ਉਨ੍ਹਾਂ ਦੀ ਮਿਹਨਤ, ਹੁਨਰ ਅਤੇ ਯੋਗਦਾਨ ਦਾ ਸਤਿਕਾਰ ਕਰਨਾ ਚਾਹੀਦਾ ਹੈ। ਕੰਮਗਾਰਾਂ ਨੂੰ ਸਨਮਾਨ, ਸੁਰੱਖਿਆ ਅਤੇ ਬਿਹਤਰ ਮੌਕੇ ਪ੍ਰਦਾਨ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦਾ ਪਾਵਨ ਦਿਹਾੜਾ ਸਾਨੂੰ ਆਪਣੇ ਕੰਮ ਪ੍ਰਤੀ ਨਿਸ਼ਠਾਵਾਨ ਰਹਿਣ, ਮਿਹਨਤ ਦਾ ਸਤਿਕਾਰ ਕਰਨ ਅਤੇ ਨਵੀਂ ਤਕਨਾਲੋਜੀ ਤੇ ਹੁਨਰ ਨੂੰ ਅਪਣਾ ਕੇ ਅੱਗੇ ਵਧਣ ਦਾ ਸੰਦੇਸ਼ ਦਿੰਦਾ ਹੈ। ਅੰਤ ਵਿੱਚ ਉਨ੍ਹਾਂ ਕਾਮਨਾ ਕੀਤੀ ਕਿ ਭਗਵਾਨ ਵਿਸ਼ਵਕਰਮਾ ਜੀ ਦੀ ਅਪਾਰ ਕਿਰਪਾ ਸਮੂਹ ਪੰਜਾਬ ਵਾਸੀਆਂ 'ਤੇ ਬਣੀ ਰਹੇ ਅਤੇ ਹਰ ਮਿਹਨਤਕਸ਼ ਪਰਿਵਾਰ ਦੇ ਜੀਵਨ ਵਿੱਚ ਖੁਸ਼ਹਾਲੀ ਆਵੇ।
lord-vishwakarma-s-teachings-inspire-hard-work-skill-and-creativity-cabinet-minister-tarunpreet-singh-sond