welfare-schemes-will-continue-as-long-as-aap-govt-remains-in-power-in-punjab-cm-bhagwant-singh-mann

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Nov18,2026 | Narinder Kumar | Chandigarh

*ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ 1,000 ਰੁਪਏ ਮਹੀਨਾਵਾਰ ਸਹਾਇਤਾ, ਸਿਹਤ ਬੀਮਾ ਅਤੇ ਮੁਫ਼ਤ ਬਿਜਲੀ ਦੇ ਲਾਭ ਜਾਰੀ ਰਹਿਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਆਉਣ ਵਾਲੀਆਂ ਚੋਣਾਂ ਵਿੱਚ ਲੋਕ ਉਨ੍ਹਾਂ ਨੂੰ ਜੜ੍ਹੋਂ ਪੁੱਟ ਦੇਣਗੇ, ਜਿਨ੍ਹਾਂ ਨੇ ਸਾਲਾਂ ਤੱਕ ਪੰਜਾਬ ਨੂੰ ਲੁੱਟਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਭਾਜਪਾ-ਅਕਾਲੀ ਸਰਕਾਰ ਦੌਰਾਨ ਪੰਜਾਬ ਵਿੱਚ ਨਸ਼ੇ ਆਏ, ਉਹ ਸੂਬੇ ਨੂੰ ਨਸ਼ਾ ਮੁਕਤ ਕਿਵੇਂ ਕਰ ਸਕਦੇ ਹਨ? ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਵਾਰ-ਵਾਰ ਮੌਕੇ ਦਿੱਤੇ, ਪਰ ਕੁਝ ਨਹੀਂ ਬਦਲਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪਹਿਲੀ ਵਾਰ ਪੰਜਾਬ ਦੇ ਨੌਜਵਾਨਾਂ ਨੂੰ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਵਿਕਾਸ ਦੇ ਰਾਹ 'ਤੇ ਹੈ, ਹੁਣ ਸਾਨੂੰ ਸਾਰਿਆਂ ਨੂੰ ਮਿਲ ਕੇ ਇਸ ਦੀ ਰਫ਼ਤਾਰ ਤੇਜ਼ ਕਰਨੀ ਪਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਪਿੰਡ ਦੋਨੇਵਾਲ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਲੋਕਾਂ ਨਾਲ ਕੀਤੀ ਗੱਲਬਾਤ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੱਤਾ ਵਿੱਚ ਰਹੇਗੀ, ਓਨਾ ਸਮਾਂ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ 1,000 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਮੁਫ਼ਤ ਬਿਜਲੀ ਸਮੇਤ ਸਾਰੀਆਂ ਲੋਕ ਭਲਾਈ ਗਾਰੰਟੀਆਂ ਜਾਰੀ ਰਹਿਣਗੀਆਂ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਭਲਾਈ ਤੇ ਵਿਕਾਸ ਉਨ੍ਹਾਂ ਦੀ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ।
ਜਲੰਧਰ ਦੇ ਪਿੰਡ ਦੋਨੇਵਾਲ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਪੰਜਾਬ ਵਿੱਚ ਉਨ੍ਹਾਂ ਦੇ ਕਾਰਜਕਾਲ ਨੂੰ ਲੈ ਕੇ ਚੁਣੌਤੀ ਦਿੰਦਿਆਂ ਕਿਹਾ ਕਿ ਜਿਨ੍ਹਾਂ ਪਾਰਟੀਆਂ ਨੇ ਦਹਾਕਿਆਂ ਤੱਕ ਸੂਬੇ 'ਤੇ ਰਾਜ ਕੀਤਾ ਅਤੇ ਜਿਨ੍ਹਾਂ ਦੇ ਰਾਜ ਵਿੱਚ ਨਸ਼ਿਆਂ ਦਾ ਕਾਰੋਬਾਰ ਫੈਲਿਆ, ਉਹੀ ਪਾਰਟੀਆਂ ਹੁਣ ਬਦਲਾਅ ਦੇ ਵਾਅਦੇ ਕਰ ਰਹੀਆਂ ਹਨ।
ਪਾਰਦਰਸ਼ੀ ਸਰਕਾਰੀ ਭਰਤੀ, ਭਲਾਈ ਪਹਿਲਕਦਮੀਆਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤਰੱਕੀ ਦੇ ਰਾਹ 'ਤੇ ਤੁਰ ਪਿਆ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਇਸ ਰਫ਼ਤਾਰ ਨੂੰ ਆਪਸ ਵਿੱਚ ਰਲ-ਮਿਲ ਕੇ ਤੇਜ਼ ਕਰਨ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸਾਲਾਂ ਤੱਕ ਸੂਬੇ ਦੀ ਲੁੱਟ ਕੀਤੀ ਹੈ, ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ।
‘ਲੋਕ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਪਾਰਟੀਆਂ ਨੇ ਆਪਣੇ ਰਾਜ ਦੌਰਾਨ ਸੂਬੇ ਅਤੇ ਇਸ ਦੇ ਵਸੀਲਿਆਂ ਨੂੰ ਅੰਗਰੇਜ਼ਾਂ ਨਾਲੋਂ ਵੀ ਵੱਧ ਬੇਰਹਿਮੀ ਨਾਲ ਲੁੱਟਿਆ ਹੈ। ਇਹ ਆਪਣੇ ਪਾਪਾਂ ਲਈ ਕਿਸੇ ਰਹਿਮ ਦੇ ਹੱਕਦਾਰ ਨਹੀਂ ਹਨ ਕਿਉਂਕਿ ਇਨ੍ਹਾਂ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਜੋ ਕਿ ਨਾ-ਮੁਆਫ਼ੀਯੋਗ ਅਪਰਾਧ ਹੈ। ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਪਾਪ ਕੀਤਾ ਸੀ ਅਤੇ ਬਦਕਿਸਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਇਨ੍ਹਾਂ ਦੇ ਹੱਥਾਂ ਦੀ ਕਠਪੁਤਲੀ ਤੋਂ ਵੱਧ ਕੁਝ ਨਹੀਂ ਹੈ।”
ਮੁੱਖ ਮੰਤਰੀ ਨੇ ਕਿਹਾ, “ਹਰ ਕੋਈ ਜਾਣਦਾ ਹੈ ਕਿ ਅਕਾਲੀਆਂ ਦਾ ਇੱਕ ਪਰਿਵਾਰ ਅੰਗਰੇਜ਼ਾਂ ਦਾ ਪਿੱਠੂ ਸੀ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਅੰਗਰੇਜ਼ਾਂ ਨਾਲ ਸਾਂਝ-ਭਿਆਲੀ ਪਾਉਣ ਬਦਲੇ ਉਨ੍ਹਾਂ ਨੂੰ 'ਸਰ' ਦੇ ਖ਼ਿਤਾਬ ਨਾਲ ਨਿਵਾਜਿਆ ਗਿਆ ਸੀ। ਇਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਦੇ ਮੁੱਖ ਦੋਸ਼ੀ ਜਨਰਲ ਡਾਇਰ ਨੂੰ ਇਸ ਘਿਨਾਉਣੇ ਕਾਂਡ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਕੇ ਸਨਮਾਨਿਤ ਕੀਤਾ ਸੀ। ਇਸ ਕਾਰਵਾਈ ਨੇ ਉਨ੍ਹਾਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਅਤੇ ਕਿਰਦਾਰ ਨੂੰ ਬੇਨਕਾਬ ਕਰ ਦਿੱਤਾ ਸੀ। ਇਸ ਪਰਿਵਾਰ ਨੇ ਉਨ੍ਹਾਂ ਲੱਖਾਂ ਆਜ਼ਾਦੀ ਘੁਲਾਟੀਆਂ ਨਾਲ ਗੱਦਾਰੀ ਕੀਤੀ ਸੀ, ਜੋ ਅੰਗਰੇਜ਼ਾਂ ਵਿਰੁੱਧ ਡਟੇ ਹੋਏ ਸਨ।”
ਉਨ੍ਹਾਂ ਨੇ ਨਿਸ਼ਾਨਾ ਸਾਧਦਿਆਂ ਕਿਹਾ, “ਇੰਨਾ ਹੀ ਨਹੀਂ, ਇਸ ਪਰਿਵਾਰ ਨੇ ਇਹ ਵੀ ਯਕੀਨੀ ਬਣਾਇਆ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਜਨਰਲ ਡਾਇਰ ਨੂੰ ਸਿਰੋਪਾਓ ਅਤੇ ਮੁਆਫ਼ੀ ਦਿੱਤੀ ਜਾਵੇ। ਦੂਜੇ ਪਾਸੇ ਉਹ ਪਾਰਟੀ ਹੈ ਜਿਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਟੈਂਕ ਚਾੜ੍ਹੇ ਸਨ ਅਤੇ ਦੇਸ਼ ਦੇ ਕਈ ਹਿੱਸਿਆਂ ਵਿੱਚ ਬੇਗੁਨਾਹ ਸਿੱਖਾਂ ਦਾ ਕਤਲੇਆਮ ਕੀਤਾ ਸੀ। ਵਿਰੋਧੀ ਪਾਰਟੀਆਂ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਸਾੜਾ ਕਰਦੀਆਂ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿਰੋਧੀ ਧਿਰ ਦੇ ਆਗੂ ਆਪਸ ਵਿੱਚ ਮਿਲੇ ਹੋਏ ਹਨ ਅਤੇ ਸੱਤਾ ਵਿੱਚ ਰਹਿੰਦਿਆਂ ਇੱਕ-ਦੂਜੇ ਦੇ ਹਿੱਤਾਂ ਦੀ ਰਾਖੀ ਲਈ ‘ਉੱਤਰ ਕਾਟੋ, ਮੈਂ ਚੜ੍ਹਾਂ’ ਵਾਂਗ ਵਾਰੋ-ਵਾਰੀ ਸੱਤਾ ਭੋਗਣ ਦੀ ਖੇਡ ਖੇਡਦੇ ਹਨ। ‘ਆਪ’ ਸਰਕਾਰ ਨੇ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰਕੇ ਉਨ੍ਹਾਂ ਦੀ ਸਾਰੀ ਖੇਡ ਵਿਗਾੜ ਦਿੱਤੀ ਹੈ ਅਤੇ ਆਮ ਆਦਮੀ ਦੀਆਂ ਉਮੀਦਾਂ ਨੂੰ ਪੂਰਾ ਕੀਤਾ ਹੈ।”
ਉਨ੍ਹਾਂ ਕਿਹਾ, “ਅਕਾਲੀਆਂ 'ਤੇ ਪੀੜ੍ਹੀਆਂ ਦੀ ਨਸਲਕੁਸ਼ੀ ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਵੱਲੋਂ ਨਸ਼ੇ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਗਈ ਅਤੇ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਇਹ ਵਪਾਰ ਖ਼ੂਬ ਵਧਿਆ-ਫੁੱਲਿਆ। ਇਨ੍ਹਾਂ ਆਗੂਆਂ ਦੇ ਹੱਥ ਉਨ੍ਹਾਂ ਲੱਖਾਂ ਨੌਜਵਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ, ਜੋ ਇਨ੍ਹਾਂ ਦੀਆਂ ਸਰਕਾਰੀ ਗੱਡੀਆਂ ਵਿੱਚ ਸੂਬੇ ਅੰਦਰ ਸਪਲਾਈ ਕੀਤੇ ਗਏ ਨਸ਼ਿਆਂ ਦਾ ਸ਼ਿਕਾਰ ਹੋਏ। ਇਨ੍ਹਾਂ ਆਗੂਆਂ ਦੇ ਪਾਪ ਨਾ-ਮੁਆਫ਼ੀਯੋਗ ਹਨ ਅਤੇ ਲੋਕ ਉਨ੍ਹਾਂ ਦੇ ਘਿਨਾਉਣੇ ਜੁਰਮਾਂ ਦੀ ਲੰਬੀ ਦਾਸਤਾਨ ਲਈ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰ ਸਕਦੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਅਕਾਲੀ ਲੀਡਰਸ਼ਿਪ ਨੇ ਆਪਣੇ ਕਾਰਜਕਾਲ ਦੌਰਾਨ ਟਰਾਂਸਪੋਰਟ, ਕੇਬਲ, ਮਾਈਨਿੰਗ ਅਤੇ ਢਾਬਿਆਂ ਸਮੇਤ ਕਈ ਮੁਨਾਫ਼ੇ ਵਾਲੇ ਕਾਰੋਬਾਰਾਂ 'ਤੇ ਕਬਜ਼ਾ ਕਰ ਲਿਆ ਸੀ ਅਤੇ ਨਿੱਜੀ ਮੁਫ਼ਾਦਾਂ ਲਈ ਸੂਬੇ ਦੇ ਵਸੀਲਿਆਂ ਦੀ ਦੁਰਵਰਤੋਂ ਕੀਤੀ ਸੀ। ਜਿਨ੍ਹਾਂ ਨੇ ਸਾਲਾਂ ਤੱਕ ਪੰਜਾਬ ਨੂੰ ਲੁੱਟਿਆ, ਉਹ ਹੁਣ ਇਮਾਨਦਾਰੀ ਦੇ ਉਪਦੇਸ਼ ਦੇ ਰਹੇ ਹਨ, ਪਰ ਸੂਬੇ ਦੇ ਲੋਕ ਇਹ ਨਹੀਂ ਭੁੱਲੇ ਕਿ ਕਿਵੇਂ ਇਨ੍ਹਾਂ ਆਗੂਆਂ ਨੇ ਉਨ੍ਹਾਂ ਦੇ ਭਰੋਸੇ ਦਾ ਕਤਲ ਕੀਤਾ ਅਤੇ ਆਪਣੇ ਸੌੜੇ ਹਿੱਤਾਂ ਲਈ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਗਹਿਣੇ ਰੱਖ ਦਿੱਤਾ। ਅਕਾਲੀ ਦਲ ਦੇ ਆਗੂਆਂ ਨੇ ਕਦੇ ਦਾਅਵਾ ਕੀਤਾ ਸੀ ਕਿ ਉਹ 25 ਸਾਲ ਪੰਜਾਬ 'ਤੇ ਰਾਜ ਕਰਨਗੇ, ਪਰ ਅੱਜ ਪਾਰਟੀ ਨੂੰ 25 ਭਰੋਸੇਮੰਦ ਆਗੂ ਲੱਭਣੇ ਵੀ ਔਖੇ ਹੋ ਰਹੇ ਹਨ।”
ਮੁੱਖ ਮੰਤਰੀ ਨੇ ਦ੍ਰਿੜ੍ਹਤਾ ਨਾਲ ਕਿਹਾ, “ਵਿਰੋਧੀ ਧਿਰ ਇਸ ਗੱਲੋਂ ਨਿਰਾਸ਼ ਹੈ ਕਿਉਂਕਿ ਰਵਾਇਤੀ ਸਿਆਸੀ ਪਾਰਟੀਆਂ ਇਸ ਸਚਾਈ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਬਿਨਾਂ ਕਿਸੇ ਸਿਆਸੀ ਖ਼ਾਨਦਾਨ ਜਾਂ ਵਿਰਾਸਤੀ ਤਾਕਤ ਵਾਲਾ ਇੱਕ ਆਮ ਵਿਅਕਤੀ, ਪੰਜਾਬ ਦੇ ਆਮ ਲੋਕਾਂ ਲਈ ਕੰਮ ਕਰ ਰਿਹਾ ਹੈ। ਵਿਰੋਧੀਆਂ ਦੇ ਇਲਜ਼ਾਮਾਂ ਦਾ ਸਾਡਾ ਜਵਾਬ ਹਮੇਸ਼ਾ ਸਾਡਾ ਕੰਮ, ਸਾਡੀਆਂ ਪ੍ਰਾਪਤੀਆਂ ਅਤੇ ਆਮ ਪਰਿਵਾਰਾਂ ਦੇ ਚਿਹਰਿਆਂ 'ਤੇ ਆਈ ਮੁਸਕਾਨ ਹੋਵੇਗਾ।”
ਕਾਂਗਰਸ ਪਾਰਟੀ 'ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਪਾਰਟੀ ਆਖ਼ਰੀ ਸਾਹਾਂ 'ਤੇ ਹੈ ਅਤੇ ਬਹੁਤ ਜਲਦ ਖ਼ਤਮ ਹੋ ਜਾਵੇਗੀ ਕਿਉਂਕਿ ਇਸ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ। ਉਨ੍ਹਾਂ ਦਾ ਇੱਕੋ-ਇੱਕ ਮਕਸਦ ਸੱਤਾ ਹਾਸਲ ਕਰਕੇ ਪੰਜਾਬ ਦੇ ਸਰਮਾਏ ਨੂੰ ਲੁੱਟਣਾ ਹੈ, ਪਰ ਉਨ੍ਹਾਂ ਦੇ ਇਹ ਸੁਪਨੇ ਕਦੇ ਪੂਰੇ ਨਹੀਂ ਹੋਣਗੇ।”
ਸੂਬੇ ਦੀ ਸੱਤਾ ਹਾਸਲ ਕਰਨ ਦੇ ਦਿਨੇ ਸੁਪਨੇ ਦੇਖਣ ਵਾਲੇ ਕਾਂਗਰਸੀ ਆਗੂਆਂ 'ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਕਾਂਗਰਸ ਪਾਰਟੀ ਇੱਕ ਵੰਡਿਆ ਹੋਇਆ ਘਰ ਹੈ ਜੋ ਆਪਣੀ ਅੰਦਰੂਨੀ ਕਲੇਸ਼ ਕਾਰਨ ਢਹਿ-ਢੇਰੀ ਹੋ ਜਾਵੇਗੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਈਕਲ ਯਾਤਰਾ ਸ਼ੁਰੂ ਕੀਤੀ ਹੈ ਪਰ ਉਹ ਲੋਕਾਂ ਦਾ ਸਮਰਥਨ ਜੁਟਾਉਣ ਵਿੱਚ ਨਾਕਾਮ ਰਹੇ ਹਨ ਅਤੇ ਉਨ੍ਹਾਂ ਦੀ ਸਾਈਕਲ ਯਾਤਰਾ ਵਿੱਚ ਜ਼ਿਆਦਾਤਰ ਪ੍ਰਵਾਸੀ ਭਾਈਚਾਰੇ ਦੇ ਲੋਕ ਹੀ ਸ਼ਾਮਲ ਹੈ। ਉਨ੍ਹਾਂ ਕੋਲ ਸੂਬੇ ਜਾਂ ਇਸ ਦੇ ਲੋਕਾਂ ਲਈ ਕੋਈ ਏਜੰਡਾ ਨਹੀਂ ਹੈ, ਸਗੋਂ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ ਹਾਸਲ ਕਰਨ ਤੋਂ ਬਾਅਦ ਸੂਬੇ ਨੂੰ ਲੁੱਟਣਾ ਹੈ।”
ਭਾਜਪਾ `ਤੇ ਤਿੱਖਾ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਭਾਜਪਾ ਨੇ ਉਦੋਂ ਪੰਜਾਬ ਵਿੱਚ ਨਸ਼ਿਆਂ ਦੀ ਸ਼ੁਰੂਆਤ ਕੀਤੀ ਸੀ, ਜਦੋਂ ਉਹ ਅਕਾਲੀਆਂ ਨਾਲ ਸੱਤਾ ਵਿੱਚ ਸਨ ਅਤੇ ਹੁਣ ਉਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਦਾਅਵੇ ਕਰ ਰਹੇ ਹਨ। ਕੀ ਪੰਜਾਬ ਉਦੋਂ ਨਸ਼ਾ ਮੁਕਤ ਹੋਵੇਗਾ, ਜਦੋਂ ਕੇਂਦਰੀ ਗ੍ਰਹਿ ਮੰਤਰੀ ਉਨ੍ਹਾਂ ਅਕਾਲੀ ਆਗੂਆਂ ਨਾਲ ਸਟੇਜ ਸਾਂਝੀ ਕਰਨਗੇ, ਜੋ ਚਿੱਟੇ ਦੇ ਸਮਾਨਅਰਥੀ ਬਣ ਚੁੱਕੇ ਹਨ?"
ਅਕਾਲੀ ਲੀਡਰਸ਼ਿਪ ਦੇ ਦੋਗਲੇਪਣ ਨੂੰ ਬੇਨਕਾਬ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਨ੍ਹਾਂ ਲੋਕਾਂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ, ਦਿੱਲੀ, ਹਰਿਆਣਾ ਅਤੇ ਹੋਰ ਥਾਵਾਂ `ਤੇ ਸਿੱਖ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਨ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਸੀ, ਉਹੀ ਹੁਣ ਭਗਵਾਂ ਪਾਰਟੀ ਨਾਲ ਗਠਜੋੜ ਕਰਨ ਲਈ ਪੱਬਾਂ ਭਾਰ ਹਨ।"
ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਲੋਕਾਂ ਤੋਂ ਭਲੇ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ, ਜਿਨ੍ਹਾਂ ਦਾ ਇੱਕੋ-ਇੱਕ ਮਕਸਦ ਆਪਣੇ ਨਿੱਜੀ ਸਵਾਰਥਾਂ ਦੀ ਪੂਰਤੀ ਲਈ ਸੱਤਾ ਹਾਸਲ ਕਰਨਾ ਹੈ? ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਲੋਕਾਂ ਦਾ ਭਰੋਸਾ ਗੁਆ ਚੁੱਕੇ ਹਨ ਕਿਉਂਕਿ ਉਨ੍ਹਾਂ ਦੀਆਂ ਲਗਾਤਾਰ ਸਰਕਾਰਾਂ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਨਾਕਾਮ ਰਹੀਆਂ ਅਤੇ ਇਸ ਦੀ ਬਜਾਏ ਸੱਤਾ ਅਤੇ ਨਿੱਜੀ ਸਵਾਰਥਾਂ ਦੀ ਰਾਜਨੀਤੀ ਵਿੱਚ ਉਲਝੀਆਂ ਰਹੀਆਂ। ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੇ ਦਹਾਕਿਆਂ ਤੱਕ ਪੰਜਾਬ `ਤੇ ਰਾਜ ਕੀਤਾ, ਪਰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ, ਉਨ੍ਹਾਂ ਨੇ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਸੂਬੇ ਦੀ ਲੁੱਟ ਕੀਤੀ। ਪੰਜਾਬ ਦੇ ਲੋਕ ਉਨ੍ਹਾਂ ਦੇ ਦਾਗੀ ਰਿਕਾਰਡ ਨੂੰ ਭੁੱਲੇ ਨਹੀਂ ਹਨ ਅਤੇ ਉਨ੍ਹਾਂ ਨੂੰ ਆਪਣੇ ਕੀਤੇ ਦੀ ਜਵਾਬਦੇਹੀ ਦੇਣਗੇ। ਜੇ ਅਕਾਲੀ ਦਲ ਅਤੇ ਭਾਜਪਾ ਇਕੱਠੇ ਹੁੰਦੇ ਹਨ ਤਾਂ ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ਦੌਰਾਨ ਦੋਵਾਂ ਪਾਰਟੀਆਂ ਨੂੰ ਨਕਾਰ ਕੇ ਸਿਆਸੀ ਜਵਾਬ ਦੇਣਗੇ।"
ਉਨ੍ਹਾਂ ਅੱਗੇ ਕਿਹਾ, “ਆਪ ਸਰਕਾਰ ਲੋਕਾਂ ਦੀ ਭਲਾਈ ਲਈ ਸੂਬੇ ਦੇ ਖ਼ਜ਼ਾਨੇ ਦੇ ਇਕ-ਇਕ ਪੈਸੇ ਦੀ ਸੁਚੱਜੀ ਵਰਤੋਂ ਕਰ ਰਹੀ ਹੈ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਅਸੀਂ ਇਸ ਨੂੰ ਲੋਕਾਂ ਦੀ ਭਲਾਈ `ਤੇ ਸੋਚ-ਸਮਝ ਕੇ ਖ਼ਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਇੱਥੋਂ ਤੱਕ ਕੇ ਕਿਸਾਨਾਂ ਨੂੰ ਵੀ ਅੱਜ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਪਹਿਲਾਂ ਕਦੇ ਨਹੀਂ ਹੋਇਆ। ਸਾਡੀ ਸਰਕਾਰ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ ਘਰਾਂ ਨੂੰ ਮੁਫ਼ਤ ਬਿਜਲੀ, ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ 71,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਸੜਕਾਂ ਵਿੱਚ ਸੁਧਾਰ, ਟੋਲ ਪਲਾਜ਼ੇ ਬੰਦ ਕਰ ਕੇ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ, ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦਾ ਨਿਰਮਾਣ ਅਤੇ ਹੋਰ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ।"
ਮੁੱਖ ਮੰਤਰੀ ਨੇ ਕਿਹਾ, “ਆਪ ਸਰਕਾਰ ਪਿੰਡਾਂ ਦੇ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ, ਜਿਸ ਲਈ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਲਈ ਸੂਬੇ ਵਿੱਚ 3100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ` ਸ਼਼ੁਰੂ ਕੀਤੀ ਹੈ, ਜੋ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਅਤੇ ਪੰਜਾਬ ਦੇ ਹਰ ਵਸਨੀਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਮੁਹੱਈਆ ਕਰਦੀ ਹੈ। ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਆਮ ਜਨਤਾ `ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਇਆ ਹੈ। ਇਸ ਇਤਿਹਾਸਕ ਕਦਮ ਦਾ ਮੰਤਵ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਸਿਹਤ ਸੰਭਾਲ ਮੁਹੱਈਆ ਕਰਨਾ ਹੈ।"
ਮੁੱਖ ਮੰਤਰੀ ਨੇ ਅੱਗੇ ਕਿਹਾ, “ਮਾਵਾਂ-ਧੀਆਂ ਸਤਿਕਾਰ ਯੋਜਨਾ` ਤਹਿਤ 1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀ ਹਰ ਲਾਭਪਾਤਰੀ ਔਰਤ ਨੂੰ ਆਪਣੇ ਮੋਬਾਈਲ ਫੋਨਾਂ `ਤੇ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਦੇ ਮਾਮਲੇ ਵਿੱਚ 1,500 ਰੁਪਏ ਦੀ ਵਿੱਤੀ ਸਹਾਇਤਾ ਬਾਰੇ ਸੁਨੇਹੇ ਮਿਲ ਰਹੇ ਹਨ। ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫ਼ਰ ਕੀਤੇ ਜਾ ਰਹੇ ਹਨ ਅਤੇ ਪਹਿਲਾਂ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਔਰਤਾਂ ਵੀ ਇਸ ਲਈ ਯੋਗ ਹਨ। ਪੰਜਾਬ ਦੀਆਂ ਲਗਪਗ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਰਿਹਾ ਹੈ ਅਤੇ ਪਹਿਲੀ ਦਸੰਬਰ ਨੂੰ ਫਿਰ ਮੋਬਾਈਲਾਂ ਉੱਤੇ ਸੁਨੇਹੇ ਮਿਲਣਗੇ।"
ਉਨ੍ਹਾਂ ਕਿਹਾ, “ਆਪ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦਾ ਜੀਵਨ ਪੱਧਰ ਬਦਲਣ ਲਈ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਹਨ। ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤੀ ਕਾਰਡ ਸੂਬੇ ਵਿੱਚੋਂ ਗ਼ਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਖ਼ਤਮ ਨਹੀਂ ਕਰ ਸਕਦੇ, ਸਗੋਂ ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਉਨ੍ਹਾਂ ਨੂੰ ਇਸ ਚੱਕਰ ਵਿੱਚੋਂ ਕੱਢ ਸਕਦੀ ਹੈ। ਇਸੇ ਕਾਰਨ ਸਾਡੀ ਸਰਕਾਰ ਆਮ ਲੋਕਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸਿੱਖਿਆ ਦਾ ਮਿਆਰ ਸੁਧਾਰਨ ਵਾਸਤੇ ਅਣਥੱਕ ਯਤਨ ਕਰ ਰਹੀ ਹੈ।"
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਕੇਰਲ ਅਤੇ ਹੋਰ ਸੂਬਿਆਂ ਨੂੰ ਪਛਾੜਿਆ ਹੈ, ਜੋ ਸੂਬਾ ਸਰਕਾਰ ਦੀ ਸਖ਼ਤ ਘਾਲਣਾ ਦਾ ਨਤੀਜਾ ਹੈ, ਜਿਸ ਵਿੱਚ ਅਧਿਆਪਕ ਸਿਖਲਾਈ ਪ੍ਰੋਗਰਾਮ, ‘ਸਕੂਲ ਆਫ਼ ਐਮੀਨੈਂਸ` ਅਤੇ ਹੋਰ ਉਪਰਾਲੇ ਸ਼ਾਮਲ ਹਨ। 2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਵੱਕਾਰੀ ਨੀਟ ਪ੍ਰੀਖਿਆ ਪਾਸ ਕੀਤੀ ਸੀ ਪਰ ਇਸ ਸਾਲ 2026 ਵਿੱਚ ਇਹ ਗਿਣਤੀ 11 ਗੁਣਾ ਵਧ ਕੇ 882 ਹੋ ਗਈ ਹੈ। ਇਹੀ ਸਾਡੇ ਸ਼ਾਸਨ ਦਾ ਦੂਜਿਆਂ ਨਾਲੋਂ ਫਰਕ ਹੈ।"
ਖੇਤੀਬਾੜੀ ਦੀ ਮਹੱਤਤਾ `ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਪਹਿਲਾਂ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ ਲਗਪਗ 22 ਫੀਸਦੀ ਸੀ, ਜੋ ਹੁਣ ਵਧ ਕੇ ਲਗਪਗ 85-86 ਫੀਸਦੀ ਹੋ ਗਈ ਹੈ। ਸਰਕਾਰ ਇਸ ਅੰਕੜੇ ਨੂੰ 90 ਫ਼ੀਸਦੀ ਤੱਕ ਲੈ ਜਾਣ ਲਈ ਕੰਮ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਸਿੰਜਾਈ ਲਈ ਵੱਧ ਤੋਂ ਵੱਧ ਨਹਿਰੀ ਪਾਣੀ ਮਿਲੇ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ, “ਇਸ ਸਾਲ ਪੰਜਾਬ ਵੱਲੋਂ ਕੌਮੀ ਪੂਲ ਵਿੱਚ ਲਗਪਗ 200 ਲੱਖ ਮੀਟਰਿਕ ਝੋਨੇ ਦਾ ਯੋਗਦਾਨ ਪਾਉਣ ਦੀ ਉਮੀਦ ਹੈ, ਜੋ ਪਹਿਲਾਂ ਦੇ 180 ਲੱਖ ਮੀਟਰਿਕ ਟਨ ਦੇ ਅਨੁਮਾਨਿਤ ਉਤਪਾਦਨ ਦੇ ਮੁਕਾਬਲੇ ਵੱਧ ਹੈ ਅਤੇ ਇਹ ਬਿਹਤਰ ਸਿੰਜਾਈ ਸਹੂਲਤਾਂ ਦੇ ਲਾਭਾਂ ਨੂੰ ਦਰਸਾਉਂਦਾ ਹੈ।"

pbpunjab additional image pbpunjab additional image pbpunjab additional image pbpunjab additional image

welfare-schemes-will-continue-as-long-as-aap-govt-remains-in-power-in-punjab-cm-bhagwant-singh-mann


pbpunjab ad banner image

Related News

pbpunjab ad banner image pbpunjab ad banner image pbpunjab ad banner image pbpunjab ad banner image Run by: WebHead

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com