-

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ‘ਵਿਕਾਸ ਕ੍ਰਾਂਤੀ’ ਰੈਲੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ

Nov18,2023 | Narinder Kumar |

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੱਜ ਇੱਥੇ ‘ਵਿਕਾਸ ਕ੍ਰਾਂਤੀ’ ਰੈਲੀ ਵਿੱਚ ਲੋਕਾਂ ਦੇ ਭਾਰੀ ਇਕੱਠ ਨੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸਮਈ ਯੋਜਨਾਵਾਂ ਨੂੰ ਮਿਲੇ ਰਹੇ ਭਰਵਾਂ ਹੁੰਗਾਰੇ ਦੀ ਗਵਾਹੀ ਭਰੀ।

ਹੁਸ਼ਿਆਰਪੁਰ ਦੇ ਲੋਕਾਂ ਨੂੰ ਤੋਹਫੇ ਵਜੋਂ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਰੱਖਣ/ ਦੇ ਐਲਾਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਜਦੋਂ ਸਮੁੱਚੇ ਕੰਢੀ ਖੇਤਰ ਦੀ ਕਿਸਮਤ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਸ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣਗੇ ਅਤੇ ਲੋਕਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਇਸ ਖੇਤਰ ਨੂੰ ਅੱਖੋਂ-ਪਰੋਖੇ ਕਰਦੀਆਂ ਰਹੀਆਂ ਹਨ, ਪਰ ਉਨ੍ਹਾਂ ਦੀ ਸਰਕਾਰ ਇਸ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਅਰਵਿੰਦ ਕੇਜਰੀਵਾਲ ਨੂੰ ਇੱਕ ਮਹਾਨ ਅਤੇ ਕ੍ਰਾਂਤੀਕਾਰੀ ਨੇਤਾ ਦੱਸਿਆ ਜਿਸ ਨੇ ਆਮ ਆਦਮੀ ਨੂੰ ਭਾਰਤੀ ਰਾਜਨੀਤੀ ਦੇ ਕੇਂਦਰੀ ਮੰਚ ’ਤੇ ਲਿਆਉਣ ਦਾ ਹੌਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨਾ ਤਾਂ ਕੋਈ ਸਿਆਸੀ ਰੈਲੀ ਹੈ ਅਤੇ ਨਾ ਹੀ ਸ਼ਕਤੀ ਪ੍ਰਦਰਸ਼ਨ , ਸਗੋਂ ਇਹ ਸਮਾਗਮ ਪੂਰਨ ਰੂਪ ਵਿੱਚ ਹੁਸ਼ਿਆਰਪੁਰ ਦੇ ਵਿਕਾਸ ਨੂੰ ਸਮਰਪਿਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੂਬੇ ਦੇ ਕੋਨੇ-ਕੋਨੇ ਵਿੱਚ ਬੇਮਿਸਾਲ ਵਿਕਾਸ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਹ ਆਮ ਆਦਮੀ ਸਰਕਾਰ ਦੇ ਮਹਿਜ਼ 18 ਮਹੀਨੇ ਦੇ ਸ਼ਾਸਨ ਦਾ ਨਤੀਜਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ, ਸਕੂਲਾਂ ਵਿੱਚ ਮੁਕੰਮਲ ਤੌਰ ’ਤੇ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦੀ ਕੰਢੇ ਲਿਆ ਖੜ੍ਹਾ ਕੀਤਾ ਹੈ ਅਤੇ ਹੁਣ ਉਹ ਬੇਸ਼ਰਮੀ ਨਾਲ ਨੈਤਿਕਤਾ ਦਾ ਰਾਗ ਅਲਾਪਣ ਲੱਗੀਆਂ ਹੋਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਉਸ ਦੇ ਸਾਥੀਆਂ ਨੇ ਸੂਬੇ ਦੇ ਹਿੱਤ ਵੇਚੇ ਹਨ, ਆਮ ਆਦਮੀ ਦਾ ਜੀਵਨ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਆਮ ਆਦਮੀ ਪਾਰਟੀ ਨੂੰ ਮਲੰਗਾਂ ਦੀ ਪਾਰਟੀ ਕਹਿ ਕੇ ਪੰਜਾਬ ਦੇ ਨੌਜਵਾਨਾਂ ਦਾ ਅਪਮਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਕੋਲ ਬੁੱਧੀਜੀਵੀ ਨੇਤਾ ਹਨ, ਜਿਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪ੍ਰਮੁੱਖ ਸੰਸਥਾਵਾਂ ਵਿੱਚ ਪੜ੍ਹਾਈ ਕੀਤੀ ਹੈ ਅਤੇ ਇਨ੍ਹਾਂ ਸਾਰਿਆਂ ਆਗੂਆਂ ਨੇ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਆਪੋ-ਆਪਣੇ ਖੇਤਰਾਂ ਵਿੱਚ ਆਪਣੀ ਕਾਬਲੀਅਤ ਦੇ ਬਾਖੂਬੀ ਸਬੂਤ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਜਿਨ੍ਹਾਂ ਨੂੰ ਪੰਜਾਬੀ ਦੇ ਮੂਲ ਸ਼ਬਦਾਂ ਦਾ ਉਚਾਰਨ ਤੱਕ ਨਹੀਂ ਕਰਨਾ ਆਉਂਦਾ, ਉਹ ਸੂਬੇ ਅਤੇ ਇੱਥੋਂ ਦੇ ਲੋਕਾਂ ਬਾਰੇ ਨਿਰਾਧਾਰ ਟੀਕਾ-ਟਿੱਪਣੀ ਕਰ ਰਹੇ ਹਨ।

ਮੁੱਖ ਮੰਤਰੀ ਨੇ ਭਵਿੱਖਬਾਣੀ ਕਰਦਿਆਂ ਕਿਹਾ ਕਿ ਲੋਕ ਇਨ੍ਹਾਂ ਤਾਨਾਸ਼ਾਹ ਆਗੂਆਂ ਤੋਂ ਇੰਨੇ ਅੱਕ ਚੁੱਕੇ ਹਨ ਕਿ ਉਨ੍ਹਾਂ ਨੇ ਆਉਣ ਵਾਲੀਆਂ ਆਮ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 13 ਅਤੇ ਚੰਡੀਗੜ੍ਹ ਦੀ ਇੱਕ ਸੀਟ ‘ਆਪ’ ਦੀ ਝੋਲੀ ਵਿੱਚ ਪਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਅੰਕੜਾ 13-0 ਦਾ ਹੋਵੇਗਾ ਜਿੱਥੇ 13 ‘ਆਪ’ ਦੇ ਹੱਕ ਵਿੱਚ ਹੋਣਗੇ ਅਤੇ ਬਾਕੀ ਪਾਰਟੀਆਂ ਦੇ ਖਾਤੇ ਤੱਕ ਨਹੀਂ ਖੁੱਲ੍ਹਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੇ ਮੁਖੀ ਵਲੋਂ ਉਨ੍ਹਾਂ ਖਿਲਾਫ ਮਾਣਹਾਨੀ ਦਾ ਕੋਈ ਵੀ ਕੇਸ ਦਾਇਰ ਕਰਨ ਲਈ ਉਹ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਬਾਦਲ ਪਰਿਵਾਰ ਦੀਆਂ ਕਰਤੂਤਾਂ ਨੂੰ ਲੋਕਾਂ ਸਾਹਮਣੇ ਨੰਗਾ ਕਰਨ ਲਈ ਇਸ ਕੇਸ ਦਾ ਸਵਾਗਤ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਸਾਧਾਰਨ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇੱਕ ਆਮ ਆਦਮੀ ਰਾਜ ਨੂੰ ਇੰਨੀ ਕੁਸ਼ਲਤਾ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਪ੍ਰਭਾਵਿਤ ਨਹੀਂ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਲੋਕਾਂ ਨੇ ਮਹਿਲਾਂ ਜਾਂ ਵੱਡੇ ਘਰਾਂ ਵਿੱਚ ਰਹਿਣ ਵਾਲੇ ਅਤੇ ‘ਕਾਕਾ ਜੀ’ ਅਤੇ ‘ਬੀਬਾ ਜੀ’ ਦੇ ਨਾਵਾਂ ਨਾਲ ਜਾਣੇ ਜਾਂਦੇ ਆਗੂਆਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਕਦੇ ਵੀ ਲੋਕਾਂ ਦੇ ਨਾਲ ਨਹੀਂ ਖੜ੍ਹੇ ਪਰ ਇਨ੍ਹਾਂ ਨੇ ਹਮੇਸ਼ਾ ਉਨ੍ਹਾਂ ਲੋਕਾਂ ਦਾ ਸਾਥ ਦਿੱਤਾ ਹੈ ਜੋ ਉਨ੍ਹਾਂ ਦੇ ਨਿੱਜੀ ਹਿੱਤਾਂ ਲਈ ਫਾਇਦੇਮੰਦ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲੋਂ ਆਪਣੇ ਸਵਾਰਥਾਂ ਨੂੰ ਪਹਿਲ ਦਿੱਤੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ‘ਮੁਹਾਵਰੇ ਦੇ ਮਾਸਟਰ’ ਹਨ ਜਿਨ੍ਹਾਂ ਨੇ ਆਪਣੇ ਪੂਰੇ ਕਾਰਜਕਾਲ ਦੌਰਾਨ ਲੋਕਾਂ ਨੂੰ ਬੇਵਕੂਫ ਬਣਾਇਆ ਹੈ। ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਮੋਦੀ ਵੱਲੋਂ ਹਰੇਕ ਖਾਤੇ ਵਿੱਚ 15 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਹੈ ਪਰ ਅਜੇ ਤੱਕ ਉਨ੍ਹਾਂ ਦੀਆਂ ਗੈਰ ਯੋਜਨਾਬੱਧ ਨੀਤੀਆਂ ਕਾਰਨ ਲੋਕਾਂ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਲੱਖ ਰੁਪਏ ਤਾਂ ਛੱਡੋ, ਹੁਸ਼ਿਆਰਪੁਰ ਦੇ ਨਾਲ ਲੱਗਦੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਲੋਕ 2019 ’ਚ ਇਸ ਸੀਟ ਤੋਂ ਭਾਜਪਾ ਦੀ ਟਿਕਟ ’ਤੇ ਚੁਣੇ ਗਏ ਆਪਣੇ ਸੰਸਦ ਮੈਂਬਰ ਸੰਨੀ ਦਿਓਲ ਦਾ ਚਿਹਰਾ ਦੇਖਣ ਦੀ ਉਡੀਕ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਦੋਵਾਂ ਨੇ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਆਮ ਜਨਤਾ ਨੂੰ ਮੂਰਖ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਲੋਕਾਂ ਦੀ ਭਲਾਈ ਲਈ ਕੋਈ ਠੋਸ ਕੰਮ ਨਹੀਂ ਕੀਤਾ ਅਤੇ ਸਿਰਫ਼ ਸੱਤਾ ਨੂੰ ਮਾਣਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਇਨ੍ਹਾਂ ਪਾਰਟੀਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਕਦੇ ਵੀ ਮੁਆਫ ਨਹੀਂ ਕਰਨਗੇ ਅਤੇ ਆਉਣ ਵਾਲੀਆਂ ਚੋਣਾਂ ਵਿਚ ਇਨ੍ਹਾਂ ਨੂੰ ਹੋਰ ਵੀ ਢੁਕਵਾਂ ਸਬਕ ਸਿਖਾਉਣਗੇ।

ਮੁੱਖ ਮੰਤਰੀ ਨੇ ਅਫਸੋਸ ਜਤਾਇਆ ਕਿ ਆਜ਼ਾਦੀ ਦੇ 75 ਸਾਲਾਂ ਵਿੱਚ ਸੂਬੇ ਵਿੱਚ ਸਿਰਫ਼ ਤਿੰਨ ਮੈਡੀਕਲ ਕਾਲਜ ਖੋਲ੍ਹੇ ਗਏ ਜਦੋਂ ਕਿ ਹੁਣ ਆਉਣ ਵਾਲੇ ਇੱਕ ਸਾਲ ਵਿੱਚ ਸੂਬੇ ਵਿੱਚ ਪੰਜ ਹੋਰ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਲੋਕਾਂ ਨੂੰ ਮਿਆਰੀ ਇਲਾਜ ਅਤੇ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ’ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ’ਤੇ ਬੈਠ ਕੇ ਸੇਵਾ ਕਰਨਾ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ 26 ਜਨਵਰੀ ਤੱਕ ਤਹਿਸੀਲ ਤੇ ਜ਼ਿਲ੍ਹਾ ਪੱਧਰ ਤੱਕ ਸੂਬੇ ਦੇ ਸਾਰੇ ਹਸਪਤਾਲਾਂ ਨੂੰ ਐਕਸ-ਰੇਅ ਮਸ਼ੀਨਾਂ ਨਾਲ ਲੈਸ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਾਮੀ ਗਣਤੰਤਰ ਦਿਵਸ ਤੱਕ ਸਾਰੇ ਹਸਪਤਾਲਾਂ ਵਿੱਚ ਅਪਰੇਟਰਾਂ ਸਮੇਤ ਇਹ ਸਹੂਲਤ ਉਪਲਬਧ ਕਰਵਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲੋਕਾਂ ਦੀ ਲੁੱਟ-ਖਸੁੱਟ ਨੂੰ ਰੋਕਣ ਲਈ ਡਾਕਟਰਾਂ ਵੱਲੋਂ ਲਿਖੀਆਂ ਸਾਰੀਆਂ ਦਵਾਈਆਂ ਵੀ ਹਸਪਤਾਲ ਵਿੱਚ ਹੀ ਉਪਲਬਧ ਹੋਣਗੀਆਂ।

ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦਾ ਸਾਥ ਦੇਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਅਤੇ ਖੁਸ਼ਹਾਲੀ ਦੀ ਗਤੀ ਨੂੰ ਬਰਕਰਾਰ ਰੱਖਣਾ ਸਮੇਂ ਦੀ ਲੋੜ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਮਿਸਾਲੀ ਉਪਰਾਲੇ ਕੀਤੇ ਜਾ ਰਹੇ ਹਨ।

ਦਿੱਲੀ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਚੇਤਾ ਕਰਵਾਇਆ ਕਿ ਅਹੁਦਾ ਸੰਭਾਲਣ ਉਪਰੰਤ ਨਾ ਤਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਨਾ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਵੀ ਹੁਸ਼ਿਆਰਪੁਰ ਆਉਣ ਦੀ ਖੇਚਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਵੀ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਬਣ ਕੇ ਕਦੇ ਵੀ ਇਸ ਖੇਤਰ ਵੱਲ ਮੁੜ ਨੇ ਨਹੀਂ ਵੇਖਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਹੁਦਾ ਸੰਭਾਲਣ ਤੋਂ ਬਾਅਦ ਇਸ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਲਗਾਤਾਰ ਇਸ ਖੇਤਰ ਦਾ ਦੌਰਾ ਕਰ ਰਹੇ ਹਨ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ ਜੋ ਕਿ ਆਪਣੇ ਆਪ ਵਿੱਚ ਹੀ ਇੱਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੇ ਰੂਪ ਵਿੱਚ ਪੰਜਾਬ ਨੂੰ ਹੁਣ ਤੱਕ ਦਾ ਸਰਵੋਤਮ ਮੁੱਖ ਮੰਤਰੀ ਮਿਲਿਆ ਹੈ ਕਿਉਂਕਿ ਉਹ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਤੇਜ਼ੀ ਨਾਲ ਵਿਕਾਸ ਦੀਆਂ ਲੀਹਾਂ ‘ਤੇ ਅੱਗੇ ਵੱਧ ਰਿਹਾ ਹੈ ਜੋ ਕਿ ਬੇਮਿਸਾਲ ਉਪਲਬਧੀ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਬਦਲਣ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰਾਈਵੇਟ ਸਕੂਲ ਇਨ੍ਹਾਂ ਸਰਕਾਰੀ ਸਕੂਲਾਂ ਦਾ ਮੁਕਾਬਲਾ ਨਹੀਂ ਕਰ ਸਕਦਾ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਦੀ ਇਸੇ ਤਰ੍ਹਾਂ ਨੁਹਾਰ ਬਦਲੀ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ 'ਚ ਹਰ ਖੇਤਰ 'ਚ ਵੱਡੀ ਕ੍ਰਾਂਤੀ ਲਿਆਂਦੀ ਹੈ ਜਦਕਿ ਪਿਛਲੀਆਂ ਸਰਕਾਰਾਂ 'ਚੋਂ ਕਿਸੇ ਨੇ ਵੀ ਇਸ ਬਾਰੇ ਕਦੇ ਨਹੀਂ ਸੋਚਿਆ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਨਾਗਰਿਕ ਕੇਂਦਰਿਤ ਸੇਵਾਵਾਂ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬਰੂਹਾਂ ‘ਤੇ ਇਹ ਸੇਵਾਵਾਂ ਦੇਣ ਨਾਲ ਉਨ੍ਹਾਂ ਨੂੰ ਆਸਾਨੀ ਨਾਲ ਆਪਣੇ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਮਦਦ ਮਿਲੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

-


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com