punjab-government-is-working-like-a-bridge-to-facilitate-industry-cm-assures-industrialists

ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ

Mar17,2025 | Narinder Kumar | Chandigarh/ludhiana

ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ

ਉਦਯੋਗਪਤੀਆਂ ਦੀ ਇਕ ਵੀ ਸਮੱਸਿਆ ਹੱਲ ਨਾ ਕਰਨ ਲਈ ਬਿੱਟੂ ਦੀ ਸਖਤ ਨਿੰਦਾ


ਲੁਧਿਆਣਾ, 17 ਮਾਰਚ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਦਯੋਗਪਤੀਆਂ ਨੂੰ ਪ੍ਰੇਸ਼ਾਨ ਕਰਨ ਦਾ ਯੁੱਗ ਹੁਣ ਖਤਮ ਹੋ ਚੁੱਕਾ ਹੈ ਅਤੇ ਸੂਬਾ ਸਰਕਾਰ ਹੁਣ ਉਦਯੋਗਿਕ ਖੇਤਰ ਲਈ ਪੁਲ ਵਾਂਗ ਕੰਮ ਕਰ ਰਹੀ ਹੈ।

'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਇੱਥੇ ਕਾਰੋਬਾਰੀ ਦਿੱਗਜ਼ਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਸਨਅਤਕਾਰਾਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਸੀ ਪਰ ਹੁਣ ਕੋਈ ਵੀ ਉਦਯੋਗਪਤੀਆਂ ਨੂੰ ਪ੍ਰੇਸ਼ਾਨ ਨਹੀਂ ਕਰ ਰਿਹਾ ਸਗੋਂ ਸੂਬਾ ਸਰਕਾਰ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਨੂੰ ਸਹੂਲਤਾਂ ਦੇਣ ਲਈ ਪਹਿਲਾਂ ਹੀ ਵੱਡੇ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਅੱਜ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣ ਕੇ ਉਭਰਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ ਅਤੇ ਰੋਜ਼ਗਾਰ ਦੇ ਮੁੱਖ ਮੁੱਦਿਆਂ ਨੂੰ ਸਾਹਮਣੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਰਵਾਇਤੀ ਪਾਰਟੀਆਂ ਨੂੰ ਆਪਣਾ ਏਜੰਡਾ ਬਦਲਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਮਿਸ਼ਨ ਵਾਂਗ ਕੰਮ ਕਰ ਰਹੀ ਹੈ ਜਦੋਂ ਕਿ ਪਿਛਲੀਆਂ ਸਰਕਾਰਾਂ ਕਮਿਸ਼ਨ 'ਤੇ ਕੰਮ ਕਰਦੀਆਂ ਸਨ, ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਬ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਸਭ ਤੋਂ ਉੱਪਰ ਹੈ ਅਤੇ ਇਸੇ ਲਈ ਸੂਬਾ ਸਰਕਾਰ ਲੋਕਾਂ ਦੀ ਆਵਾਜ਼ ਨੂੰ ਬਹੁਤ ਮਹੱਤਵ ਦਿੰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਅਜਿਹੀਆਂ ਮਿਲਣੀਆਂ ਕਦੇ ਨਹੀਂ ਹੋਈਆਂ ਸਗੋਂ ਉਹ ਆਗੂ ਲੋਕਾਂ ਨਾਲ ਸਿਰਫ਼ ਇਕਪਾਸੜ ਸੰਚਾਰ ਕਰਦੇ ਸਨ। ਹਾਲਾਂਕਿ, ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਨੀਤੀਆਂ ਬਣਾਉਣ ਲਈ ਮੁੱਖ ਮੰਤਰੀ ਅਤੇ ਮੰਤਰੀਆਂ ਨਾਲ ਸਿੱਧੀ ਗੱਲਬਾਤ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੇਮਿਸਾਲ ਕਦਮ ਹੈ ਕਿਉਂਕਿ ਲੋਕਾਂ ਨੂੰ ਹੁਣ ਸੂਬੇ ਵਿੱਚ ਫੈਸਲੇ ਲੈਣ ਦੀ ਸ਼ਕਤੀ ਮਿਲ ਗਈ ਹੈ।

ਮੁੱਖ ਮੰਤਰੀ ਨੇ ਲੁਧਿਆਣਾ ਨਾਲ ਸਾਲ 1990 ਦੇ ਦਹਾਕੇ ਤੋਂ ਆਪਣੀ ਲੰਮੀ ਸਾਂਝ ਨੂੰ ਚੇਤੇ ਕੀਤਾ ਜਦੋਂ ਉਹ ਇੱਕ ਕਲਾਕਾਰ ਵਜੋਂ ਸੰਘਰਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਸੂਬੇ ਦੀ ਆਰਥਿਕ ਰਾਜਧਾਨੀ ਹੈ ਜੋ ਇੱਥੇ ਰੋਜ਼ਾਨਾ ਕੰਮ ਕਰਨ ਵਾਲੇ ਲੱਖਾਂ ਲੋਕਾਂ ਨੂੰ ਭੋਜਨ ਦਿੰਦਾ ਹੈ। ਭਗਵੰਤ ਸਿੰਘ ਮਾਨ ਨੇ ਲੁਧਿਆਣਾ ਨੂੰ ਆਪਣੀ 'ਕਰਮ ਭੂਮੀ' ਦੱਸਦਿਆਂ ਸ਼ਹਿਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਭਾਵੇਂ ਉਹ ਉਦਯੋਗ ਹੋਵੇ, ਖੇਤੀਬਾੜੀ ਹੋਵੇ ਜਾਂ ਹੋਰ। ਉਨ੍ਹਾਂ ਕਿਹਾ ਕਿ ਖੇਤੀਬਾੜੀ ਪੈਦਾਵਾਰ ਦਾ ਕੀਮਤ ਵਿੱਚ ਵਾਧਾ ਸਮੇਂ ਦੀ ਲੋੜ ਹੈ ਅਤੇ ਸੂਬੇ ਦਾ ਭਵਿੱਖ ਇਸ ਉਤੇ ਹੀ ਮੁਨੱਸਰ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਵਿਕਾਸ ਦੇ ਰਾਹ 'ਤੇ ਪਾਉਣ ਲਈ ਉਦਯੋਗ ਅਤੇ ਖੇਤੀਬਾੜੀ ਨਾਲ ਗੂੜੇ ਸਬੰਧਾਂ ਦੀ ਵਕਾਲਤ ਕੀਤੀ।

ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਉਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਹ ਲੁਧਿਆਣਾ ਤੋਂ ਹਨ ਪਰ ਫਿਰ ਵੀ ਉਹ ਲੁਧਿਆਣਾ ਦੇ ਉਦਯੋਗ ਦੀ ਮੰਗ ਪੂਰਾ ਕਰਨ ਦੇ ਕਾਬਲ ਨਹੀਂ। ਉਨ੍ਹਾਂ ਕਿਹਾ ਕਿ ਉਦਯੋਗਪਤੀ ਰੇਲਵੇ ਵਿੱਚ ਆਪਣੇ ਕੰਮ ਕਰਵਾਉਣ ਲਈ ਸੂਬਾ ਸਰਕਾਰ ਦੀ ਦਖਲਅੰਦਾਜ਼ੀ ਚਾਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਬਿੱਟੂ ਵਿੱਚ ਵਿਸ਼ਵਾਸ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਵਿੱਚ 'ਆਪ' ਸਰਕਾਰ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਸੱਤਾ ਹੰਢਾਉਣ ਸਮੇਂ ਮਹਿਲਾਂ ਵਾਲੇ ਘਰਾਂ ਵਿੱਚ ਰਹਿ ਰਹੇ ਸਨ, ਉਨ੍ਹਾਂ ਨੂੰ ਸੂਬੇ ਦੇ ਸਿਆਸੀ ਨਕਸ਼ੇ ਤੋਂ ਲਾਂਭੇ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਦੇਖੀ ਹੈ ਕਿਉਂਕਿ ਇਹ ਲੋਕ ਜੋ ਸੱਤਾ ਉਤੇ ਆਪਣਾ ਜਮਾਂਦਰੂ ਹੱਕ ਸਮਝਦੇ ਸਨ, ਨੂੰ ਲੋਕਾਂ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਡੇ ਮਹਿਲਾਂ ਵਿੱਚ ਰਹਿਣ ਵਾਲੇ ਇਨ੍ਹਾਂ ਲੋਕਾਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਪ੍ਰਵਾਹ ਨਹੀਂ ਕੀਤੀ ਅਤੇ ਲੋਕਾਂ ਨੇ ਵੀ ਇਨ੍ਹਾਂ ਲੀਡਰਾਂ ਨੂੰ ਮਹਿਲਾਂ ਦੀਆਂ ਉੱਚੀਆਂ ਕੰਧਾਂ ਤੱਕ ਸੀਮਤ ਕਰ ਦਿੱਤਾ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਹ ਸਿਆਸੀ ਆਗੂ ਮੰਨਦੇ ਹਨ ਕਿ ਉਨ੍ਹਾਂ ਕੋਲ ਸੱਤਾ ਵਿੱਚ ਰਹਿਣ ਦਾ ਇਲਾਹੀ ਹੱਕ ਹੈ, ਜਿਸ ਕਰ ਕੇ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਸੂਬੇ ਦਾ ਸ਼ਾਸਨ ਸ਼ਾਨਦਾਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਜ਼ਾਦੀ ਦੇ ਬਾਅਦ ਤੋਂ ਲੋਕਾਂ ਨੂੰ ਮੂਰਖ ਬਣਾ ਕੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰੱਖਿਆ ਹੈ, ਜਿਸ ਕਾਰਨ ਲੋਕਾਂ ਨੇ ਇਨ੍ਹਾਂ ਨੂੰ ਸਿਆਸਤ ਤੋਂ ਬਾਹਰ ਕਰ ਦਿੱਤਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੱਤਾਧਾਰੀ 'ਆਪ' ਪਾਰਟੀ ਦੇ ਵਿਧਾਇਕਾਂ ਦਾ ਸਮਰਥਨ ਪ੍ਰਾਪਤ ਕਰਨ ਦੇ ਸੁਪਨੇ ਲੈਣ ਦੀ ਬਜਾਏ ਕਾਂਗਰਸ ਨੂੰ ਆਪਣੇ ਲੀਡਰਾਂ ਨੂੰ ਇਕਜੁਟ ਰੱਖਣ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਾਂਗਰਸੀ ਆਗੂਆਂ ਵੱਲੋਂ ਰੇਤ ਦੇ ਮਹਿਲ ਉਸਾਰਨ ਦੀ ਸਖ਼ਤ ਨਿੰਦਾ ਕੀਤੀ ਕਿ ਸੱਤਾਧਾਰੀ ਪਾਰਟੀ ਦੇ ਕੁਝ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਤੇ ਜਲਦੀ ਹੀ ਦਲ ਬਦਲ ਜਾਣਗੇ। ਉਨ੍ਹਾਂ ਕਿਹਾ ਕਿ ਸੱਤਾ ਲਈ ਤਰਲੋਮੱਛੀ ਹੋ ਰਹੇ ਇਨ੍ਹਾਂ ਸਿਆਸਤਦਾਨਾਂ ਦਾ ਨਾ ਤਾਂ ਆਪਣੇ ਕਾਡਰ ਨਾਲ ਸੰਪਰਕ ਹੈ ਅਤੇ ਨਾ ਹੀ ਜਨਤਾ ਨਾਲ ਜਿਸ ਕਾਰਨ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਬਾਹਰ ਦਾ ਰਸਤਾ ਵਿਖਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਅਜਿਹੇ ਬੇਹੂਦੇ ਬਿਆਨ ਜਾਰੀ ਕਰਦੇ ਹਨ ਕਿ 'ਆਪ' ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਜਦਕਿ ਇਹ ਬਿਆਨਬਾਜ਼ੀ ਸਿਰਫ ਮੀਡੀਆ ਦੀ ਸੁਰਖੀਆਂ ਬਟੋਰਨ ਲਈ ਹੈ।

punjab-government-is-working-like-a-bridge-to-facilitate-industry-cm-assures-industrialists


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com