ਤਿੰਨ ਸਾਲਾਂ ਤੋਂ 'ਆਪ' ਸਰਕਾਰ ਲਗਾਤਾਰ ਭ੍ਰਿਸ਼ਟਾਚਾਰ ਵਿਰੁੱਧ ਜੰਗ ਲੜ ਰਹੀ ਹੈ, ਅਸੀਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰਾਂਗੇ- ਹਰਪਾਲ ਚੀਮਾ
ਆਮ ਆਦਮੀ ਪਾਰਟੀ ਦਾ ਜਨਮ ਹੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਤੋਂ ਹੋਇਆ ਹੈ, ਅਸੀਂ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰ ਸਕਦੇ-ਚੀਮਾ
ਹੁਣ ਕੋਈ ਵੀ ਪੁਲੀਸ ਮੁਨਸ਼ੀ ਦੋ ਸਾਲ ਤੋਂ ਵੱਧ ਇੱਕ ਥਾਣੇ ਵਿੱਚ ਨਹੀਂ ਰਹਿ ਸਕੇਗਾ, ਇੱਕ ਹੀ ਥਾਣੇ ਵਿੱਚ ਲੰਮਾ ਸਮਾਂ ਰਹਿਣ ਨਾਲ ਭ੍ਰਿਸ਼ਟਾਚਾਰ ਦੀ ਸੰਭਾਵਨਾ ਬਣੀ ਰਹਿੰਦੀ ਹੈ-ਚੀਮਾ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਸਖ਼ਤੀ ਨਾਲ ਕੰਮ ਕਰ ਰਹੀ ਹੈ। ਹਾਲ ਹੀ ਵਿੱਚ ਵੱਡੀ ਗਿਣਤੀ ਵਿੱਚ ਤਹਿਸੀਲਦਾਰਾਂ ਦੇ ਤਬਾਦਲੇ ਤੋਂ ਬਾਅਦ ਸਰਕਾਰ ਨੇ ਹੁਣ 191 ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ ਕੀਤੇ ਹਨ।
ਇਸ ਸਬੰਧੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਭ੍ਰਿਸ਼ਟਾਚਾਰ ਵਿਰੁੱਧ ਜੰਗ ਲੜ ਰਹੀ ਹੈ। ਸਰਕਾਰ ਬਣਨ ਤੋਂ ਬਾਅਦ ਸਰਕਾਰ ਨੇ ਲਗਾਤਾਰ ਵੱਡੀ ਗਿਣਤੀ 'ਚ ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਕਈਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਹੁਣ ਸਰਕਾਰ ਭ੍ਰਿਸ਼ਟਾਚਾਰ, ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕੋ ਸਮੇਂ ਕਾਰਵਾਈ ਕਰ ਰਹੀ ਹੈ। ਜਿਸ ਦਾ ਨਤੀਜਾ ਤੁਹਾਡੇ ਸਭ ਦੇ ਸਾਹਮਣੇ ਹਨ।
ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਥਾਪਨਾ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿੱਚੋਂ ਹੋਈ ਹੈ। ਇਸ ਲਈ ਅਸੀਂ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰ ਸਕਦੇ। ਅਸੀਂ ਸ਼ੁਰੂ ਤੋਂ ਹੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਰੱਖੀ ਹੈ। ਅਸੀਂ ਸੰਕਲਪ ਲਿਆ ਹੈ ਕਿ ਅਸੀਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰਾਂਗੇ।
ਉਨ੍ਹਾਂ ਕਿਹਾ ਕਿ ਜਦੋਂ ਸਾਡੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੀ ਸਥਾਪਨਾ ਕੀਤੀ ਸੀ ਤਾਂ ਸਭ ਤੋਂ ਪਹਿਲਾਂ ਅਤੇ ਸਭ ਤੋਂ ਵੱਡਾ ਸਿਧਾਂਤ ਹੀ ਇਹ ਸੀ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਾਂਗ ਲੜੇਗੀ ਅਤੇ ਦੇਸ਼ ਵਿੱਚ ਜਿੱਥੇ ਵੀ ‘ਆਪ’ ਦੀ ਸਰਕਾਰ ਬਣੇਗੀ, ਉੱਥੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਵੀ ਇਸੇ ਸਿਧਾਂਤ 'ਤੇ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਸਾਨੂੰ ਮਾਲ ਵਿਭਾਗ ਦੇ ਕੁਝ ਤਹਿਸੀਲਦਾਰਾਂ, ਪਟਵਾਰੀਆਂ ਅਤੇ ਹੋਰ ਅਧਿਕਾਰੀਆਂ ਖ਼ਿਲਾਫ਼ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਸੀ। ਜਿਸ ਤੋਂ ਬਾਅਦ ਜਿੱਥੇ ਪੰਜਾਬ ਦੇ ਲੋਕ ਹੁਣ ਕਾਫੀ ਰਾਹਤ ਮਹਿਸੂਸ ਕਰ ਰਹੇ ਹਨ, ਉੱਥੇ ਹੀ ਭ੍ਰਿਸ਼ਟਾਚਾਰ ਵੀ ਦਿਨੋ-ਦਿਨ ਖਤਮ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਤਹਿਸੀਲ ਹੋਵੇ ਜਾਂ ਥਾਣਾ ਜਾਂ ਹੋਰ ਸਰਕਾਰੀ ਦਫ਼ਤਰ, ਹਰ ਥਾਂ ਤੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਭ੍ਰਿਸ਼ਟਾਚਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਸਰਕਾਰ ਨੂੰ ਕੁਝ ਸ਼ਿਕਾਇਤਾਂ ਮਿਲੀਆਂ ਸਨ ਕਿ ਪੰਜਾਬ ਦੇ ਕਈ ਥਾਣਿਆਂ ਵਿਚ ਜਿਹੜੇ ਮੁਨਸ਼ੀ ਹਨ, ਉਹ 15-20 ਸਾਲ ਤੋਂ ਇਕ ਹੀ ਥਾਣੇ ਵਿਚ ਹਨ, ਜਿਸ ਕਾਰਨ ਭ੍ਰਿਸ਼ਟਾਚਾਰ ਵਿਚ ਵਾਧਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਜਦੋਂ ਕਿ ਐਸਐਚਓ, ਡੀਐਸਪੀ ਅਤੇ ਉਨ੍ਹਾਂ ਤੋਂ ਉਪਰਲੇ ਅਫਸਰਾਂ ਦੇ ਅਕਸਰ ਤਬਾਦਲੇ ਕੀਤੇ ਜਾਂਦੇ ਹਨ।
ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਕਿ ਕੋਈ ਵੀ ਮੁਨਸ਼ੀ ਇੱਕ ਥਾਣੇ ਵਿੱਚ 2 ਸਾਲ ਤੋਂ ਵੱਧ ਨਹੀਂ ਰਹਿ ਸਕਦਾ ਅਤੇ ਜੇਕਰ 2 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਤਾਂ ਉਸ ਦਾ ਥਾਣਾ ਤੁਰੰਤ ਬਦਲ ਦਿੱਤਾ ਜਾਵੇਗਾ। ਇਸ ਫੈਸਲੇ ਤਹਿਤ ਅੱਜ ਸਰਕਾਰ ਨੇ 191 ਪੁਲੀਸ ਮੁਲਾਜ਼ਮਾਂ ਦੇ ਤਬਾਦਲੇ ਕਰਕੇ ਉਨ੍ਹਾਂ ਦੇ ਸਟੇਸ਼ਨ ਬਦਲ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਿੱਥੇ ਕਿਤੇ ਵੀ ਭ੍ਰਿਸ਼ਟਾਚਾਰ ਦੀਆਂ ਮਾਮੂਲੀ ਰਿਪੋਰਟਾਂ ਮਿਲਣਗਿਆਂ, ਪੰਜਾਬ ਸਰਕਾਰ ਉੱਥੇ ਸਖ਼ਤ ਕਾਰਵਾਈ ਕਰੇਗੀ। ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣਾ ਸਾਡੀ ਜ਼ਿੰਮੇਵਾਰੀ ਹੈ ਅਤੇ ਅਸੀਂ ਇਸ ਨੂੰ ਪੂਰਾ ਕਰਾਂਗੇ। 'ਆਪ' ਸਰਕਾਰ ਪੰਜਾਬ ਦੇ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)