ਪੰਜਾਬ ਸਰਕਾਰ ਵੱਲੋਂ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਇੱਕ ਨਿਰਣਾਇਕ ਜੰਗ ਵਜੋਂ ਸਾਬਤ ਹੋਵੇਗੀ ਅਤੇ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਦਾ ਦਿਨੋਂ-ਦਿਨ ਸਫਾਇਆ ਕੀਤਾ ਜਾ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੌਰਾਨ ਕੀਤਾ।
ਵਿਧਾਇਕ ਸੰਗੋਵਾਲ ਵੱਲੋਂ ਅੱਜ ਪਿੰਡ ਚੁੱਪਕੀ, ਜੱਸੋਵਾਲ, ਕਿਲ੍ਹਾ ਰਾਏਪੁਰ, ਆਸੀ ਕਲਾਂ, ਆਸੀ ਖੁਰਦ, ਮਹਿਮਾ ਸਿੰਘ ਵਾਲਾ, ਜੜਤੌਲੀ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ। ਇਸ ਮੌਕੇ ਉਨ੍ਹਾਂ ਸਮੂਹਿਕ ਤੌਰ 'ਤੇ ਅਹਿਦ ਲਿਆ ਕਿ ਨਸ਼ਿਆਂ ਵਿਰੁੱਧ ਪਿੰਡ ਦੇ ਪਹਿਰੇਦਾਰ ਬਣਕੇ ਕੰਮ ਕਰਾਂਗੇ, ਪਿੰਡ ਵਿੱਚ ਕਿਸੇ ਵੀ ਕਿਸਮ ਦਾ ਨਸ਼ਾ ਨਹੀਂ ਵੇਚਣ ਦਿਆਂਗੇ ਤੇ ਨਸ਼ਾ ਤਸਕਰਾਂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਵਿਅਕਤੀ ਨਸ਼ਿਆਂ ਦੇ ਚਪੇਟ ਵੀ ਆ ਚੁੱਕੇ ਹਨ, ਉਨਾਂ ਦੀ ਕਾਊਂਸਲਿੰਗ ਕਰਵਾਈ ਜਾਵੇਗੀ ਅਤੇ ਲੋੜ ਪੈਣ 'ਤੇ ਨਸ਼ਾ ਛੁਡਾਉ ਕੇਂਦਰ ਵਿੱਚ ਦਾਖਲ ਵੀ ਕਰਵਾਇਆ ਜਾਵੇਗਾ। ਉਨ੍ਹਾਂ ਸਹੁੰ ਚੁੱਕ ਸਮਾਗਮ ਮੌਕੇ ਲੋਕਾਂ ਨੂੰ ਪ੍ਰੇਰਿਤ ਕੀਤਾ ਕਿ ਨਸ਼ਾ ਤਸਕਰਾਂ ਦੀ ਖੁਦ ਜਮਾਨਤ ਨਾ ਕਰਵਾਈ ਜਾਵੇ ਅਤੇ ਪਿੰਡ ਦੇ ਹੋਰ ਵਿਅਕਤੀਆਂ ਨੂੰ ਵੀ ਜਮਾਨਤ ਦੇਣ ਤੋਂ ਵਰਜਿਆ ਜਾਵੇ।
ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਨੂੰ ਕਾਮਯਾਬ ਕਰਨ ਲਈ ਸਾਰਿਆਂ ਨੂੰ ਇੱਕਜੁਟ ਹੋ ਕੇ ਹੰਭਲਾ ਮਾਰਨ ਦੀ ਲੋੜ 'ਤੇ ਜ਼ੋਰ ਦਿੱਤਾ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)