punjab-government-to-launch-special-program-to-make-drug-addicts-skilled-

ਪੰਜਾਬ ਸਰਕਾਰ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇਗੀ

Jun5,2025 | Narinder Kumar | Chandigarh

•ਅਮਨ ਅਰੋੜਾ ਵੱਲੋਂ ਨਸ਼ਾ-ਮੁਕਤ ਹੋ ਚੁੱਕੇ ਵਿਅਕਤੀਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਦੀ ਨਿਗਰਾਨੀ ਵਾਸਤੇ ਪ੍ਰੋਜੈਕਟ ਪ੍ਰਬੰਧਨ ਯੂਨਿਟ ਸਥਾਪਤ ਕਰਨ ਦੇ ਨਿਰਦੇਸ਼

•ਮੇਰੀ ਸੋਚ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਉਨ੍ਹਾਂ ਨੂੰ ਟੀਚਾਗਤ ਹੁਨਰ ਵਿਕਾਸ ਰਾਹੀਂ ਉੱਦਮੀ ਬਣਾਉਣਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ


ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਆ ਰਹੇ ਲੋਕਾਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਇੱਕ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ 'ਤੇ ਵਿਚਾਰ ਕਰ ਰਹੀ ਹੈ ਤਾਂ ਜੋ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।

ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ, ਜਿਸ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ, ਵਿੱਚ ਇਹ ਫੈਸਲਾ ਲਿਆ ਗਿਆ ਕਿ ਨਸ਼ਿਆਂ ਦੀ ਦਲਦਲ 'ਚੋਂ ਨਿਕਲ ਚੁੱਕੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਉਨ੍ਹਾਂ ਨੂੰ ਲੋੜੀਂਦੇ ਹੁਨਰ ਨਾਲ ਲੈਸ ਕੀਤਾ ਜਾਵੇਗਾ।

ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਨਸ਼ਾ-ਮੁਕਤੀ ਦਾ ਇਲਾਜ ਕਰਾ ਚੁੱਕੇ ਵਿਅਕਤੀਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਦੀ ਨਿਗਰਾਨੀ ਲਈ ਇੱਕ ਪ੍ਰੋਜੈਕਟ ਪ੍ਰਬੰਧਨ ਯੂਨਿਟ (ਪੀਐਮਯੂ) ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਇਨ੍ਹਾਂ ਵਿਅਕਤੀਆਂ ਨੂੰ ਸਫ਼ਲਤਾਪੂਰਵਕ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਨਸ਼ਿਆਂ ਵੱਲ ਮੁੜ ਜਾਣ ਤੋਂ ਰੋਕਿਆ ਜਾ ਸਕੇ।

ਰੋਜ਼ਗਾਰ ਉਤਪਤੀ ਮੰਤਰੀ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ), ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਲਾਜ ਕਰਾ ਚੁੱਕੇ ਵਿਅਕਤੀਆਂ ਨੂੰ ਸਮੇਂ ਦੀ ਮੰਗ ਅਨੁਸਾਰ ਹੁਨਰ ਨਾਲ ਲੈਸ ਕਰਨ ਲਈ ਉਦਯੋਗਾਂ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦੇਣ ਤੋਂ ਇਲਾਵਾ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ (ਡੀਬੀਈਈ) ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਲਈ ਵੀ ਕਿਹਾ ਤਾਂ ਜੋ ਨਸ਼ਿਆਂ ਤੋਂ ਮੁਕਤ ਹੋ ਚੁੱਕੇ ਵਿਅਕਤੀਆਂ ਨੂੰ ਹੁਨਰ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ।

ਸ੍ਰੀ ਅਮਨ ਅਰੋੜਾ ਨੇ ਸਬੰਧਤ ਅਧਿਕਾਰੀਆਂ ਨੂੰ ਹੁਨਰ ਵਿਕਾਸ 'ਚ ਰੁਚੀ ਰੱਖਣ ਵਾਲੇ ਨਸ਼ੇ ਦਾ ਇਲਾਜ ਕਰਾ ਚੁੱਕੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਢੁਕਵੇਂ ਕਿੱਤਿਆਂ ਦੀ ਸਿਖਲਾਈ ਦੇਣ ਲਈ ਕਿਹਾ। ਮਿਸ਼ਨ ਡਾਇਰੈਕਟਰ ਪੀਐਸਡੀਐਮ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਹੁਨਰ ਸਿਖਲਾਈ ਲੈਣ ਵਾਲੇ ਵਿਅਕਤੀਆਂ ਦੀ ਪਲੇਸਮੈਂਟ ਕਰਵਾਉਣ ਲਈ ਉਪਰਾਲੇ ਕਰਨ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸਫਲਤਾਪੂਰਵਕ ਸ਼ਾਮਲ ਕੀਤਾ ਜਾ ਸਕੇ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਦਾ ਉਦੇਸ਼ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਚੁੱਕੇ ਵਿਅਕਤੀਆਂ ਵਿੱਚ ਚੰਗੀਆਂ ਆਦਤਾਂ ਅਤੇ ਹੁਨਰ ਪੈਦਾ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਸਸ਼ਕਤ ਬਣਾਇਆ ਜਾ ਸਕੇ ਅਤੇ ਉਨ੍ਹਾਂ ਦੀ ਨਸ਼ਿਆਂ ਵੱਲ ਮੁੜ ਜਾਣ ਦੀ ਸੰਭਾਵਨਾ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੇਰੀ ਸੋਚ ਨਸ਼ੇ ਦੇ ਆਦੀਆਂ ਨੂੰ ਇਲਾਜ ਅਤੇ ਟੀਚਾਗਤ ਹੁਨਰ ਵਿਕਾਸ ਜ਼ਰੀਏ ਉੱਦਮੀਆਂ ਵਿੱਚ ਬਦਲਣਾ ਹੈ।

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਲਕਨੰਦਾ ਦਿਆਲ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਡੀਆਈਜੀ (ਏਐਨਟੀਐਫ) ਸੰਜੀਵ ਰਾਮਪਾਲ, ਆਈਜੀ ਜੇਲ੍ਹਾਂ ਰੂਪ ਕੁਮਾਰ ਅਰੋੜਾ, ਮਿਸ਼ਨ ਡਾਇਰੈਕਟਰ ਪੰਜਾਬ ਹੁਨਰ ਵਿਕਾਸ ਮਿਸ਼ਨ ਅੰਮ੍ਰਿਤ ਸਿੰਘ, ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਮੋਨੀਸ਼ ਕੁਮਾਰ, ਡਾਇਰੈਕਟਰ ਪੈਨਸ਼ਨਜ਼ ਅਮਨਦੀਪ ਬਾਂਸਲ, ਡਾਇਰੈਕਟਰ ਪ੍ਰਮੋਸ਼ਨ ਆਫ਼ ਇਨਫਰਮੇਸ਼ਨ ਟੈਕਨਾਲੋਜੀ ਮੋਹਿੰਦਰ ਪਾਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

punjab-government-to-launch-special-program-to-make-drug-addicts-skilled-


pbpunjab ad banner image
pbpunjab ad banner image
pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com