ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਵੱਲੋਂ ਬਲਾਕ ਹੁਸ਼ਿਆਰਪੁਰ-2 ਦੇ ਸਰਕਾਰੀ ਹਾਈ ਸਕੂਲ, ਬਿਹਾਲਾ ਵਿੱਚ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਇਸ ਦੇ ਬਦਲ ਵਜੋਂ ਵਾਤਾਵਰਣ ਪੱਖੀ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਸਭ ਤੋਂ ਪਹਿਲਾਂ ਸਰਕਾਰੀ ਹਾਈ ਸਕੂਲ, ਬਿਹਾਲਾ ਦੇ ਮੁੱਖ ਅਧਿਆਪਕ ਗਣੇਸ਼ ਰਾਜ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਦਾ ਸਵਾਗਤ ਕੀਤਾ ਅਤੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਫੈਲਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਸਰਹਾਨਯੋਗ ਕਾਰਜ ਵਿੱਚ ਸਕੂਲ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਫ਼ਸਲੀ ਰਹਿੰਦ-ਖੂੰਹਦ ਸਾੜਨ ਦੇ ਵਾਤਾਵਰਣ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ’ਤੇ ਹੋਣ ਵਾਲੇ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਝੋਨੇ ਦੀ ਪਰਾਲੀ ਵਿੱਚ ਪਾਏ ਜਾਣ ਵਾਲੇ ਪੋਸ਼ਕ ਤੱਤਾਂ ਅਤੇ ਇਸ ਦੇ ਉਪਯੋਗਾਂ ਬਾਰੇ ਵੀ ਦੱਸਿਆ, ਜਿਵੇਂ ਕਿ ਖੁੰਭਾਂ ਦੀ ਖੇਤੀ, ਬਾਇਓਗੈਸ ਉਤਪਾਦਨ, ਖਾਦ ਅਤੇ ਮਲਚ ਵਜੋਂ ਇਸਦੀ ਵਰਤੋਂ।
ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਡਾ. ਅਜੈਬ ਸਿੰਘ ਨੇ ਪਰਾਲੀ ਪ੍ਰਬੰਧਨ ਲਈ ਸਿਫਾਰਸ਼ ਕੀਤੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਖੇਤਰ ਵਿੱਚ ਇਹ ਸੰਦੇਸ਼ ਫੈਲਾਉਣ ਲਈ ਜੋਰਦਾਰ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।
ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਭਾਸ਼ਣ, ਲੇਖ ਲਿਖਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ‘ਪਰਾਲੀ ਨਾ ਸਾੜਨ’ ਦੇ ਸੰਦੇਸ਼ ਨਾਲ ਇੱਕ ਜਾਗਰੂਕਤਾ ਰੈਲੀ ਵੀ ਕੱਢੀ ਗਈ। ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਤਸ਼ਾਹ ਨੂੰ ਵਧਾਉਣ ਲਈ ਸਨਮਾਨਿਤ ਕੀਤਾ ਗਿਆ। ਇਹ ਮੁਕਾਬਲੇ ਸਰਕਾਰੀ ਹਾਈ ਸਕੂਲ, ਬਿਹਾਲਾ ਦੇ ਆਰਟ ਤੇ ਕਰਾਫਟ ਅਧਿਆਪਕਾ, ਮਨਦੀਪ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਕੀਤੇ ਗਏ।
Powered by Froala Editor
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)