ਪਾਕਿਸਤਾਨ-ਅਧਾਰਤ ਤਸਕਰ ਨੂਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ
ਪੰਜਾਬ ਵਿੱਚ ਵੱਖ-ਵੱਖ ਗੈਂਗਸਟਰਾਂ ਨੂੰ ਅੱਗੇ ਸਪਲਾਈ ਕੀਤੇ ਜਾਣੇ ਸਨ ਬਰਾਮਦ ਕੀਤੇ ਗਏ ਹਥਿਆਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਸਮਰਥਿਤ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਦਾਓਕੇ ਦੇ ਰਹਿਣ ਵਾਲੇ ਸੁਖਚੈਨ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਭਕਨਾ ਕਲਾਂ ਦੇ ਰਹਿਣ ਵਾਲੇ ਜੁਗਰਾਜ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅੱਠ ਆਧੁਨਿਕ ਪਿਸਤੌਲ – ਜਿਨ੍ਹਾਂ ਵਿੱਚ ਤਿੰਨ 9 ਐਮਐਮ ਗਲੌਕ, ਚਾਰ ਪੀਐਕਸ5, ਅਤੇ ਇੱਕ .30 ਬੋਰ ਪਿਸਤੌਲ –ਸ਼ਾਮਲ ਹਨ, ਬਰਾਮਦ ਕਰਨ ਤੋਂ ਇਲਾਵਾ ਖੇਪਾਂ ਦੀ ਡਿਲੀਵਰੀ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਸਪਲੈਂਡਰ ਮੋਟਰਸਾਈਕਲ (ਪੀਬੀ02ਡੀਸੀ 1197) ਨੂੰ ਵੀ ਜ਼ਬਤ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਨੂਰ— ਜੋ ਪਾਕਿਸਤਾਨ ਦੇ ਮਨਿਹਾਲਾ ਦਾ ਰਹਿਣ ਵਾਲਾ ਹੈ ਅਤੇ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰਦਾ ਸੀ— ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਪੰਜਾਬ ਦੇ ਗੈਂਗਸਟਰਾਂ ਨੂੰ ਅੱਗੇ ਹਥਿਆਰ ਵੰਡ ਰਹੇ ਸਨ।
ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਡੀਜੀਪੀ ਨੇ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਨੂੰ ਅੰਮ੍ਰਿਤਸਰ ਦੇ ਘਰਿੰਡਾ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਪਿੰਡ ਭੈਣੀ ਰਾਜਪੂਤਾਂ ਤੋਂ ਉਕਤ ਦੋਸ਼ੀਆਂ ਵੱਲੋਂ ਹਥਿਆਰਾਂ ਦੀ ਖੇਪ ਪ੍ਰਾਪਤ ਹੋਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ।
ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਖਾਸਾ ਨੇੜੇ ਅੰਮ੍ਰਿਤਸਰ-ਅਟਾਰੀ ਜੀਟੀ ਰੋਡ ’ਤੇ ਦੋ ਵਿਅਕਤੀਆਂ ਨੂੰ ਉਦੋਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਖੇਪ ਪਹੁੰਚਾਉਣ ਜਾ ਰਹੇ ਸਨ। ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਵੀ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25, 25(1)(ਏ) ਅਤੇ 25(1)(ਬੀ) ਅਤੇ ਬੀਐਨਐਸ ਦੀ ਧਾਰਾ 61(2) ਦੇ ਤਹਿਤ ਐਫਆਈਆਰ ਨੰਬਰ 34 ਮਿਤੀ 05.06.2025 ਨੂੰ ਪੁਲਿਸ ਸਟੇਸ਼ਨ ਐਸਐਸਓਸੀ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।
cross-border-arms-smuggling-network-busted-in-amritsar-two-arrested-with-eight-pistols
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)