in-view-of-republic-day-dgp-punjab-orders-to-increase-security-across-the-state-and-speed-up-police-patrolling-at-night-

ਗਣਤੰਤਰ ਦਿਵਸ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਸੂਬੇ ਭਰ ’ਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਰਾਤ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਹੁਕਮ

Jan21,2025 | Narinder Kumar | Chandigarh

— ਵਿਦੇਸ਼ਾਂ ਤੋਂ ਲੋੜੀਂਦੇ ਅਪਰਾਧੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ’ਤੇ ਦਿੱਤਾ ਜਾਵੇ ਜ਼ੋਰ : ਡੀਜੀਪੀ ਗੌਰਵ ਯਾਦਵ ਨੇ ਸੀਪੀ/ਐਸਐਸਪੀ ਨੂੰ ਦਿੱਤੇ ਨਿਰਦੇਸ਼

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ

— ਡੀਜੀਪੀ ਪੰਜਾਬ ਨੇ ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ, ਏਡੀਜੀਪੀ ਏਐਨਟੀਐਫ ਅਤੇ ਏਡੀਜੀਪੀ ਏਜੀਟੀਐਫ ਦੇ ਨਾਲ ਅੰਮ੍ਰਿਤਸਰ ਅਤੇ ਜਲੰਧਰ ਪਹੁੰਚ ਕੇ ਕਾਨੂੰਨ ਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

— ਜੇਕਰ ਕੋਈ ਵਿਅਕਤੀ ਕਿਸੇ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਤੁਰੰਤ ਦਰਜ ਕੀਤੀ ਜਾਵੇ ਐਫਆਈਆਰ : ਡੀਜੀਪੀ ਗੌਰਵ ਯਾਦਵ

— ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਨਾਕਿਆਂ ਨੂੰ ਮਜ਼ਬੂਤ ਕਰਨ, ਸਮਾਜ ਵਿਰੋਧੀ ਤੱਤਾਂ ’ਤੇ ਬਾਜ਼ ਅੱਖ ਰੱਖਣ ਦੇ ਨਿਰਦੇਸ਼



ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮ ਅਨੁਸਾਰ ਆਉਣ ਵਾਲੇ ਗਣਤੰਤਰ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਸੁਰੱਖਿਆ ਵਧਾਉਣ,ਪੁਲਿਸ ਦੀ ਮੌਜੂਦਗੀ ਦਰਸਾਉਣ, ਰਾਤ ਦੇ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।


ਡੀਜੀਪੀ ਨੇ ਵਿਸ਼ੇਸ਼ ਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੀਲਾਭ ਕਿਸ਼ੋਰ ਅਤੇ ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਦੇ ਨਾਲ ਅੰਮ੍ਰਿਤਸਰ ਅਤੇ ਜਲੰਧਰ ਪਹੁੰਚ ਕੇ ਕਮਿਸ਼ਨਰੇਟ - ਅੰਮ੍ਰਿਤਸਰ ਅਤੇ ਜਲੰਧਰ, ਅਤੇ ਪੁਲਿਸ ਰੇਂਜ - ਸਰਹੱਦ, ਜਲੰਧਰ ਅਤੇ ਲੁਧਿਆਣਾ ਦੇ ਅਧਿਕਾਰੀਆਂ ਨਾਲ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਚੱਲ ਰਹੇ ਅੱਤਵਾਦ ਵਿਰੋਧੀ ਕਾਰਜਾਂ, ਨਸ਼ਾ ਤਸਕਰੀ ਵਿਰੁੱਧ ਕਾਰਵਾਈ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਦੀ ਵੀ ਸਮੀਖਿਆ ਕੀਤੀ।


ਡੀਜੀਪੀ ਗੌਰਵ ਯਾਦਵ ਨੇ ਕਿਹਾ, ‘‘ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਹੈ ਅਤੇ ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਸਾਰੀਆਂ ਮਹੱਤਵਪੂਰਨ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾ ਕੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ, ਡੋਮੀਨੇਸ਼ਨ ਆਪ੍ਰੇਸ਼ਨਾਂ ਨੂੰ ਤੇਜ਼ ਕਰਨ ਅਤੇ ਹੋਰ ਰੋਕਥਾਮ ਅਤੇ ਜਾਸੂਸੀ ਉਪਾਵਾਂ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ।’’


ਉਨ੍ਹਾਂ ਕਿਹਾ ਕਿ ਵਧੀ ਹੋਈ ਸੁਰੱਖਿਆ ਦੇ ਹਿੱਸੇ ਵਜੋਂ, ਪੁਲਿਸ ਕਰਮੀ ਨਿਯਮਤ ਗਸ਼ਤ ਅਤੇ ਜਾਂਚ ਕਰਨਗੇ ਤਾਂ ਜੋ , ਖਾਸ ਕਰਕੇ ਰਾਤ ਨੂੰ, ਕਿਸੇ ਵੀ ਸੰਭਾਵੀ ਖਤਰੇ ਜਾਂ ਰੁਕਾਵਟ ਨੂੰ ਠੱਲਿ੍ਹਆ ਜਾ ਸਕੇ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਨਾਈਟ ਡੋਮੀਨੇਸ਼ਨ ਆਪ੍ਰੇਸ਼ਨਾਂ ਵਿੱਚ ਸਰਹੱਦੀ ਜ਼ਿਲਿ੍ਹਆਂ ਸਮੇਤ ਸੰਵੇਦਨਸ਼ੀਲ ਖੇਤਰਾਂ ਵਿੱਚ ਵਾਧੂ ਪੁਲਿਸ ਬਲਾਂ ਦੀ ਤਾਇਨਾਤੀ ਵੀ ਸ਼ਾਮਲ ਹੋਵੇਗੀ।


ਉਨ੍ਹਾਂ ਕਿਹਾ ਕਿ ਸਾਰੇ ਸੀਪੀ/ਐਸਐਸਪੀ ਨੂੰ ਸ਼ੱਕੀ ਗਤੀਵਿਧੀਆਂ ਅਤੇ ਵਿਅਕਤੀਆਂ ’ਤੇ ਤਿੱਖੀ ਨਜ਼ਰ ਰੱਖਣ ਅਤੇ ਕਿਸੇ ਵੀ ਸੁਰੱਖਿਆ ਦੀ ਉਲੰਘਣਾ ਦੀ ਸੂਰਤ ਵਿੱਚ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ,‘‘ ਮੈਂ ਸਾਰੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਉਹ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਦੇਣ ਅਤੇ ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ ਅਤੇ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ।’’


ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਪੁਲਿਸ ਨਾਕਿਆਂ ਨੂੰ ਮਜ਼ਬੂਤ ਕਰਨ ਅਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਜਾਂਚ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ।


ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵਿਦੇਸ਼ਾਂ ਤੋਂ ਲੋੜੀਂਦੇ ਅਪਰਾਧੀਆਂ ਨੂੰ ਨਿਆਂ ਦਾ ਸਾਹਮਣਾ ਕਰਨ ਲਈ ਵਾਪਸ ਲਿਆਉਣ ਲਈ ਲੁੱਕ ਆਊਟ ਸਰਕੂਲਰ (ਐਲਓਸੀ), ਰੈੱਡ ਕਾਰਨਰ ਨੋਟਿਸ (ਆਰਸੀਐਨ), ਓਪਨ ਗ੍ਰਿਫਤਾਰੀ ਵਾਰੰਟ, ਬਲਿਊ ਕਾਰਨਰ ਨੋਟਿਸ (ਬੀਸੀਐਨ) ਅਤੇ ਹਵਾਲਗੀ ਪ੍ਰਸਤਾਵ ਜਾਰੀ ਕਰਨ ’ਤੇ ਵੀ ਜੋਰ ਦਿੱਤਾ।


ਇਸ ਮੌਕੇ ਆਈਜੀਪੀ ਲੁਧਿਆਣਾ ਰੇਂਜ ਧਨਪ੍ਰੀਤ ਕੌਰ, ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਸੀਪੀ ਜਲੰਧਰ ਸਵਪਨ ਸ਼ਰਮਾ, ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਐਸਐਸਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ, ਐਸਐਸਪੀ ਗੁਰਦਾਸਪੁਰ ਹਰੀਸ਼ ਦਿਆਮਾ, ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ, ਐਸਐਸਪੀ ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ, ਐਸਐਸਪੀ ਕਪੂਰਥਲਾ ਗੌਰਵ ਤੂਰਾ, ਐਸਐਸਪੀ ਹੁਸ਼ਿਆਰਪੁਰ ਸੁਰਿੰਦਰ ਲਾਂਬਾ, ਐਸਐਸਪੀ ਐਸ.ਬੀ.ਐਸ. ਨਗਰ ਮਹਿਤਾਬ ਸਿੰਘ, ਐਸਐਸਪੀ ਖੰਨਾ ਅਸ਼ਵਨੀ ਗੋਟਿਆਲ ਅਤੇ ਐਸਐਸਪੀ ਖੰਨਾ ਨਵਨੀਤ ਸਿੰਘ ਬੈਂਸ ਸਮੇਤ ਹੋਰ ਅਧਿਕਾਰੀ/ਕਰਮਚਾਰੀ ਮੀਟਿੰਗ ਵਿੱਚ ਹਾਜ਼ਰ ਸਨ।


in-view-of-republic-day-dgp-punjab-orders-to-increase-security-across-the-state-and-speed-up-police-patrolling-at-night-


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com