ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਉੱਤਰ ਪ੍ਰਦੇਸ਼ ਵਿਖੇ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਇਕੱਤਰਤਾਵਾਂ ਕੀਤੀਆਂ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਉੱਤਰ ਪ੍ਰਦੇਸ਼ ਗਏ ਭਾਈ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਨਵੰਬਰ 2025 ’ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦੱਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਕੌਮੀ ਜਾਹੋ ਜਲਾਲ ਨਾਲ ਮਨਾਈ ਜਾ ਰਹੀ ਹੈ। ਇਸ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਦੇਸ਼ ਦੇ ਵੱਖ-ਵੱਖ ਸਹਿਰਾਂ ਵਿੱਚ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਉਥੇ ਹੀ ਵਿਸ਼ੇਸ਼ ਤੌਰ ’ਤੇ ਨਗਰ ਕੀਰਤਨ ਵੀ ਸਜਾਏ ਜਾਣਗੇ। ਇਸੇ ਤਹਿਤ ਇੱਕ ਵਿਸ਼ੇਸ਼ ਨਗਰ ਕੀਰਤਨ ਗੁਰਦੁਆਰਾ ਧੋਬੜੀ ਸਾਹਿਬ (ਅਸਾਮ) ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਣਾ ਹੈ।
ਉਨ੍ਹਾਂ ਕਿਹਾ ਕਿ ਮਾਨਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਉੱਤਰ ਪ੍ਰਦੇਸ਼ ਵਿਖੇ ਨਗਰ ਕੀਰਤਨ ਦੇ ਸਵਾਗਤ ਅਤੇ ਪ੍ਰਬੰਧਾਂ ਨੂੰ ਲੈ ਕੇ ਬਾਬਾ ਬਚਨ ਸਿੰਘ, ਬਾਬਾ ਸੁਰਿੰਦਰ ਸਿੰਘ ਕਾਰਸੇਵਾ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਵੀਂ ਦਿੱਲੀ, ਬਾਬਾ ਪ੍ਰੀਤਮ ਸਿੰਘ ਗੁਰਦੁਆਰਾ ਕਾ ਤਾਲ ਆਗਰਾ, ਬਾਬਾ ਹਰਵਿੰਦਰ ਸਿੰਘ ਇੰਦੌਰ ਤੇ ਹੋਰ ਪ੍ਰਬੰਧਕਾਂ ਨਾਲ ਇਕੱਤਰਤਾਵਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਨੇ ਸ਼ਤਾਬਦੀ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ ਯੂਪੀ ਵਿਚ ਭਰਵਾਂ ਸਵਾਗਤ ਕਰਨ ਅਤੇ ਹੋਰ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਯੂਪੀ ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ, ਸ. ਸੰਦੀਪ ਸਿੰਘ ਤੇ ਭਾਈ ਸੁਰਿੰਦਰ ਸਿੰਘ ਪੱਟੀ ਆਦਿ ਹਾਜ਼ਰ ਸਨ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)