ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕਰਕੇ ਗੁਰੂ ਨਾਨਕ ਸਾਹਿਬ ਦੇ ਨਾਂ ’ਤੇ ਖਾਲਸਾ ਰਾਜ ਦਾ ਸਿੱਕਾ ਚਲਾਇਆ। ਉਨ੍ਹਾਂ ਸਿੱਖ ਨੌਜੁਆਨੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਸ ਵਿਚ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਢਾਡੀ ਭਾਈ ਜਸਬੀਰ ਸਿੰਘ ਵਲਟੋਹਾ ਅਤੇ ਗੁਰਪ੍ਰੀਤ ਸਿੰਘ ਭੰਗੂ ਦੇ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਬਿਕਰਮਜੀਤ ਸਿੰਘ, ਸ. ਯੁਵਰਾਜ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਲਾਲ ਸਿੰਘ ਤੇ ਹੋਰ ਹਾਜ਼ਰ ਸਨ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)