ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤ ਨੇ ਭਾਈ ਮਨੀ ਸਿੰਘ ਜੀ ਦੀਆਂ ਅਣਮੁੱਲੀਆਂ ਸੇਵਾਵਾਂ ਅਤੇ ਅਡੋਲ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਲਿਆ।
ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਬਲਜੀਤ ਸਿੰਘ ਨੇ ਭਾਈ ਮਨੀ ਸਿੰਘ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਅਤੇ ਸੰਗਤ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਈ ਮਨੀ ਸਿੰਘ ਜੀ ਸਿੱਖ ਕੌਮ ਦੀ ਉਹ ਮਹਾਨ ਸ਼ਖਸੀਅਤ ਹਨ, ਜਿਨ੍ਹਾਂ ਨੇ ਆਪਣੇ ਅਡੋਲ ਵਿਸ਼ਵਾਸ ਅਤੇ ਸਿੱਖੀ ਸਿਦਕ ਨਾਲ ਧਰਮ ਦੀ ਰਾਖੀ ਕੀਤੀ। ਭਾਈ ਮਨੀ ਸਿੰਘ ਦੇ ਪਰਿਵਾਰ ਨੇ ਕਈ ਸ਼ਹਾਦਤਾਂ ਦੇ ਕੇ ਸਿੱਖ ਇਤਿਹਾਸ ਵਿੱਚ ਵੱਡਾ ਸਥਾਨ ਹਾਸਲ ਕੀਤਾ। ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ ਭਾਈ ਸਾਹਿਬ ਨੇ ਬੰਦ-ਬੰਦ ਕਟਵਾ ਕੇ ਸਿੱਖੀ ਦੀਆਂ ਉੱਚੀਆਂ ਮਿਸਾਲਾਂ ਕਾਇਮ ਕੀਤੀਆਂ, ਜੋ ਸਾਨੂੰ ਸਭ ਨੂੰ ਸੱਚ ਅਤੇ ਨਿਆਂ ਦੇ ਰਾਹ ’ਤੇ ਚੱਲਣ ਲਈ ਪ੍ਰੇਰਦੀਆਂ ਹਨ। ਉਨ੍ਹਾਂ ਸੰਗਤ ਨੂੰ ਭਾਈ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਿੱਖੀ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਆ। ਇਸ ਮੌਕੇ ਸਜਾਏ ਧਾਰਮਿਕ ਦੀਵਾਨ ਸਮੇਂ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਦੇ ਜਥੇ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ।
ਇਸ ਮੌਕੇ ਮੈਨੇਜਰ ਸ. ਨਰਿੰਦਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਕਥਾਵਾਚਕ ਭਾਈ ਹਰਮਿੱਤਰ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)