ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਸ਼ਵ ਦੇ ਧਰਮ ਗ੍ਰੰਥਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਨੂੰ ਜੋੜਨ ਵਾਲੇ ਪਾਵਨ ਗ੍ਰੰਥ ਹਨ, ਜਿਸ ਵਿਚ ਹਰ ਧਰਮ, ਵਰਗ ਤੇ ਫਿਰਕੇ ਦੇ ਲੋਕਾਂ ਨੂੰ ਸਾਂਝਾ ਉਪਦੇਸ਼ ਦਰਜ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਮਨੁੱਖਤਾ ਨੂੰ ਕਰਤਾ ਪੁਰਖ ਨਾਲ ਜੁੜਨ ਤੇ ਉੱਤਮ ਜੀਵਨ ਜੀਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਾਂਝੀਵਾਲਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਵਿਚਾਰਧਾਰਾ ਅਧਿਆਤਮਕ ਤੇ ਸਮਾਜਿਕ ਜੀਵਨ ਸੇਧਾਂ ਦਾ ਸੋਮਾ ਹੈ, ਜਿਸ ਅਨੁਸਾਰ ਜੀਵਨ ਬਸਰ ਕਰ ਕੇ ਮਨੁੱਖੀ ਜੀਵਨ ਨੂੰ ਹਰ ਪੱਖ ਤੋਂ ਮੁਕੰਮਲ ਬਣਾਇਆ ਜਾ ਸਕਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਬਾਣੀ ਦੀਆਂ ਮੁਲਵਾਨ ਸਿੱਖਿਆਵਾਂ ਨੂੰ ਆਪਣੇ ਹਿਰਦੇ ਵਿਚ ਵਸਾਉਣ ਅਤੇ ਗੁਰਮਤਿ ਆਸ਼ੇ ਅਨੁਸਾਰ ਜੀਵਨ ਸੇਧਾਂ ਨਿਰਧਾਰਤ ਕਰਦੇ ਹੋਏ ਖੰਡੇ ਦੀ ਪਾਹੁਲ ਛਕ ਬਾਣੀ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ।
ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸਜੇਗਾ ਨਗਰ ਕੀਰਤਨ
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਭਲਕੇ 24 ਅਗਸਤ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਖਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਬਾਰਕ ਮੌਕੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਣਗੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਵੀ ਸਜਣਗੇ। ਇਸੇ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਅਤੇ ਖੂਬਸੂਰਤ ਦੀਪਮਾਲਾ ਵੀ ਸੰਗਤ ਲਈ ਵਿਸ਼ੇਸ਼ ਤੌਰ ’ਤੇ ਖਿੱਚ ਦਾ ਕੇਂਦਰ ਹੋਵੇਗੀ।
sgpc-president-advocate-dhami-congratulates-the-congregation-on-the-first-parkash-purab
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)