ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੋਂਦੀਆ ਮਹਾਰਾਸ਼ਟਰ ਤੋਂ ਨਾਗਪੁਰ ਲਈ ਰਵਾਨਾ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਂਦੀਆ ਮਹਾਰਾਸ਼ਟਰ ਤੋਂ ਨਾਗਪੁਰ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਜੀ ਦੁਆਰਾ ਉਚਾਰਨ ਕੀਤੀ ਗੁਰਬਾਣੀ ਬਾਰੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ।
ਨਗਰ ਕੀਰਤਨ ਦਾ ਸੰਗਤਾਂ ਨੇ ਵੱਖ-ਵੱਖ ਪੜਾਵਾਂ ’ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਪ੍ਰਤੀ ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਵੱਡੀ ਸ਼ਰਧਾ ਸੀ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ। ਜ਼ਿਕਰਯੋਗ ਹੈ ਕਿ ਬੀਤੀ ਦੇਰ ਰਾਤ ਨਗਰ ਕੀਰਤਨ ਦੇ ਗੋਂਦੀਆ ਪਹੁੰਚਣ ’ਤੇ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਸੰਗਤਾਂ ਨੇ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਇੰਚਾਰਜ ਸ. ਪਲਵਿੰਦਰ ਸਿੰਘ, ਸ. ਸਰਬਜੀਤ ਸਿੰਘ, ਵਧੀਕ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਅਮਰਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਗੁਰਸਾਹਿਬ ਸਿੰਘ, ਸ. ਲਖਬੀਰ ਸਿੰਘ, ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਸ. ਗੁਰਮੀਤ ਸਿੰਘ ਤੇ ਸ. ਮੋਹਣ ਸਿੰਘ, ਭਾਈ ਬਲਦੇਵ ਸਿੰਘ ਓਗਰਾ, ਇੰਚਾਰਜ ਸਿੱਖ ਮਿਸ਼ਨ ਜੰਮੂ ਕਸ਼ਮੀਰ ਭਾਈ ਹਰਭਿੰਦਰ ਸਿੰਘ, ਸ. ਸੁਰਜੀਤ ਸਿੰਘ ਮੀਤ ਮੈਨੇਜਰ ਸਮੇਤ ਸੰਗਤਾਂ ਹਾਜ਼ਰ ਸਨ।
350th-anniversary-of-the-martyrdom-of-sri-guru-tegh-bahadur-sahib-ji
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)