- ਕਿਹਾ, ਪੰਜਾਬ ਸਰਕਾਰ ਵਲੋਂ ਸੂਬੇ ’ਚ ਪ੍ਰਫੁੱਲਿਤ ਕੀਤਾ ਜਾ ਰਿਹੈ ਖੇਡ ਸਭਿਆਚਾਰ
ਪੰਜਾਬ ਦੇ ਸੁਤੰਤਰਤਾ ਸੈਨਾਨੀ, ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸਾਈਂਦਾਸ ਸਕੂਲ, ਜਲੰਧਰ ਵਿਖੇ 69ਵੀਆਂ ਪੰਜਾਬ ਸਕੂਲ ਖੇਡਾਂ ਦੇ ਚੈਸ ਅਤੇ ਕੁਰਾਸ਼ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਉਦਘਾਟਨ ਕੀਤਾ।ਜਲੰਧਰ ਵਿੱਚ ਚੈੱਸ ਅੰਡਰ-14 (ਲੜਕੇ/ਲੜਕੀਆਂ) ਅਤੇ ਕੁਰਾਸ਼ ਅੰਡਰ-14,17,19 (ਲੜਕੇ) ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।
ਇਸ ਮੌਕੇ ਕੈਬਨਿਟ ਮੰਤਰੀ ਨੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਉਹਨਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਆਤਮ-ਰੱਖਿਆ ਦੀ ਖੇਡ ਕੁਰਾਸ਼ ਲਈ ਸਰੀਰਕ ਮਜਬੂਤੀ ਜ਼ਰੂਰੀ ਹੈ, ਉੱਥੇ ਹੀ ਚੈੱਸ ਦੀ ਖੇਡ ਵਿੱਚ ਦਿਮਾਗੀ ਤੌਰ ’ਤੇ ਵਿਕਸਿਤ ਹੋਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ’ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਖਿਡਾਰੀਆਂ ਨੂੰ ਖੇਡਾਂ ਲਈ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਸੂਬਾ ਸਰਕਾਰ ਵੱਲੋਂ 3000 ਖੇਡ ਮੈਦਾਨ ਬਣਾਏ ਜਾ ਰਹੇ ਹਨ।
ਸ਼੍ਰੀ ਭਗਤ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬੇ ਭਰ ਵਿੱਚ 'ਖੇਡਾਂ ਵਤਨ ਪੰਜਾਬ ਦੀਆਂ' ਵੀ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਉਤੇ ਸੂਬੇ ਅਤੇ ਦੇਸ਼ ਦਾ ਨਾਮ ਚਮਕਾਉਣ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ।
ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਕੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਟਿਨ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਹਨਾਂ ਦੇ ਸਰਵਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਣ ਵਾਲੀ ਗੱਲ ਹੈ ਕਿ 69ਵੀਂਆਂ ਪੰਜਾਬ ਸਕੂਲ ਖੇਡਾਂ ਦੇ ਰਾਜ ਪੱਧਰੀ ਚੈੱਸ ਅਤੇ ਕੁਰਾਸ਼ ਦੇ ਮੁਕਾਬਲੇ ਜਲੰਧਰ ਵਿਖੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ 23 ਜ਼ਿਲ੍ਹਿਆਂ ਦੇ ਖਿਡਾਰੀ ਚੈੱਸ ਅਤੇ ਕੁਰਾਸ਼ ਦੇ ਟੂਰਨਾਮੈਂਟ ਵਿੱਚ ਭਾਗ ਲੈ ਰਹੇ ਹਨ ਅਤੇ ਇਹਨਾਂ ਖਿਡਾਰੀਆਂ ਨੂੰ ਜਿਲ੍ਹੇ ਵਿੱਚ ਰਹਿਣ-ਸਹਿਣ ਅਤੇ ਖਾਣ-ਪੀਣ ਸਬੰਧੀ ਹਰ ਤਰ੍ਹਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ (ਸ) ਨੈਸ਼ਨਲ ਅਵਾਰਡੀ ਡਾ. ਗੁਰਿੰਦਰਜੀਤ ਕੌਰ, ਉਪ ਜਿਲ੍ਹਾ ਸਿੱਖਿਆ ਅਫ਼ਸਰ (ਸ) ਸਟੇਟ ਅਵਾਰਡੀ ਰਾਜੀਵ ਜੋਸ਼ੀ, ਜਿਲ੍ਹਾ ਸਪੋਰਟਸ ਕੋਆਰਡੀਨੇਟਰ ਅਮਨਦੀਪ ਕੌਂਡਲ, ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ, ਪ੍ਰਿੰਸੀਪਲ ਸੁਖਦੇਵ ਲਾਲ ਬੱਬਰ, ਸੁਰਿੰਦਰ ਕੁਮਾਰ ਅਤੇ ਬਲਜੀਤ ਸਿੰਘ ਢਿੱਲੋਂ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ ਵੀ ਸੌਂਪਿਆ ਗਿਆ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)